Breaking News
Dashmesh GS Electricals Verka Smart Media Insurance Point Tav Prasad

ਹੁਣ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਮਿਲੇਗੀ ਛੋਟ

ਡਾ. ਬਲਜੀਤ ਕੌਰ ਵੱਲੋਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ, 23 ਅਗਸਤ, ਪੰਜਾਬੀ ਦੁਨੀਆ ਬਿਊਰੋ : 

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਗਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਨੇਤਰਹੀਣ ਅਤੇ ਚੱਲਣ ਫਿਰਨ ਤੋਂ ਅਸਮਰੱਥ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ ਦਿੱਤੀ ਜਾਵੇ ਅਤੇ ਕਿਸੇ ਵੀ ਦਿਵਿਆਂਗ ਕਰਮਚਾਰੀ ਦੀ ਰਾਤ ਦੀ ਡਿਊਟੀ ਨਾ ਲਗਾਈ ਜਾਵੇ।

ਇਸ ਸਬੰਧੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਮੀਟਿੰਗਾਂ ਦੌਰਾਨ ਦਿਵਿਆਂਗ ਕਰਮਚਾਰੀਆਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਉਠਾਇਆ ਗਿਆ ਸੀ ਕਿ ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਰਾਤ ਦੀ ਡਿਊਟੀ ਦੌਰਾਨ ਸੁਰੱਖਿਆ ਅਤੇ ਸਫ਼ਰ ਸੰਬੰਧੀ ਚੁਣੌਤੀਆਂ ਦੇ ਮੱਦੇਨਜ਼ਰ, ਇਹ ਕਦਮ ਮਨੁੱਖੀ ਹਮਦਰਦੀ ਅਤੇ ਕਰਮਚਾਰੀਆਂ ਦੀ ਭਲਾਈ ਦੇ ਨਜ਼ਰੀਏ ਨਾਲ ਲਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਦਿਵਿਆਂਗ ਅਧਿਕਾਰ ਐਕਟ, 2016 ਦੀ ਧਾਰਾ 3 ਅਤੇ ਧਾਰਾ 20 ਅਨੁਸਾਰ ਬੈਰੀਅਰ-ਫਰੀ ਮਾਹੌਲ ਬਣਾਉਣ ਦੀਆਂ ਹਦਾਇਤਾਂ ਪਹਿਲਾਂ ਵੀ ਕੀਤੀਆਂ ਹੋਈਆਂ ਹਨ, ਤਾਂ ਜੋ ਦਿਵਿਆਂਗ ਕਰਮਚਾਰੀਆਂ ਲਈ ਸਰਕਾਰੀ ਦਫ਼ਤਰਾਂ ਵਿੱਚ ਕੰਮ ਕਰਨ ਲਈ ਸੁਵਿਧਾਜਨਕ ਤੇ ਆਸਾਨ ਵਾਤਾਵਰਣ ਤਿਆਰ ਕੀਤਾ ਜਾ ਸਕੇ।

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਨੂੰ ਸਰਕਾਰੀ ਨੌਕਰੀ ਵਿੱਚ ਸਭ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਨਿਰੰਤਰ ਯਤਨ ਜਾਰੀ ਹਨ।

Leave a Reply

Your email address will not be published. Required fields are marked *