
ਕਿਹਾ, ਭਗਵੰਤ ਮਾਨ ਸਰਕਾਰ ਦੀ ਨਾਕਾਮੀ ਕਾਰਨ ਪੰਜਾਬ ਹੜ੍ਹਾਂ ਦੀ ਮਾਰ ਹੇਠ ਡੁੱਬਿਆ
ਗੁਰਦਾਸਪੁਰ/ਚੰਡੀਗੜ੍ਹ, 31 ਅਗਸਤ, ਪੰਜਾਬੀ ਦੁਨੀਆ ਬਿਊਰੋ:
ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਗੁਰਦਾਸਪੁਰ ਦੇ ਦੀਨਾਨਗਰ ਖੇਤਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਚੁੱਘ ਨੇ ਹੜ੍ਹਾਂ ਨਾਲ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਰਾਹਤ ਅਤੇ ਤੁਰੰਤ ਸਹਾਇਤਾ ਦਾ ਭਰੋਸਾ ਦਿਵਾਇਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਪ੍ਰਭਾਵਿਤ ਪਰਿਵਾਰਾਂ ਦੇ ਪੁਨਰਵਾਸ ਅਤੇ ਰਾਹਤ ਕਾਰਜਾਂ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਆਪਣੇ ਦੌਰੇ ਦੌਰਾਨ ਚੁੱਘ ਨੇ ਸਵੇਮ ਸੇਵੀਆਂ ਨਾਲ ਵੀ ਮੁਲਾਕਾਤ ਕੀਤੀ, ਜੋ ਲਗਾਤਾਰ ਹੜ੍ਹ ਪੀੜਤਾਂ ਨੂੰ ਭੋਜਨ, ਆਸ਼ਰੇ ਅਤੇ ਲੋੜੀਂਦੀ ਸਮੱਗਰੀ ਉਪਲਬਧ ਕਰਵਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ। ਚੁੱਘ ਨੇ ਉਨ੍ਹਾਂ ਦੀ ਸੇਵਾ ਭਾਵਨਾ ਅਤੇ ਸਮਰਪਣ ਦੀ ਪ੍ਰਸ਼ੰਸਾ ਕੀਤੀ।
ਖੇਤਰ ਦਾ ਜਾਇਜ਼ਾ ਲੈਂਦਿਆਂ ਚੁੱਘ ਨੇ ਕਿਹਾ ਕਿ ਹਾਲਾਤਾਂ ਨੂੰ ਸਧਾਰਨ ਕਰਨ ਅਤੇ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਮੋਦੀ ਦੀ ਸਰਕਾਰ ਹਰ ਪੀੜਤ ਪਰਿਵਾਰ ਦੇ ਨਾਲ ਖੜੀ ਹੈ ਅਤੇ ਗੁਰਦਾਸਪੁਰ ਸਮੇਤ ਪੂਰੇ ਪੰਜਾਬ ਵਿੱਚ ਰਾਹਤ ਅਤੇ ਪੁਨਰਵਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।”
ਚੁੱਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਘੋਰ ਨਾਕਾਮੀ ਦੀ ਕੜੀ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਕੁਪ੍ਰਬੰਧਨ ਨੇ ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ। ਉਨ੍ਹਾਂ ਨੇ ਸਵਾਲ ਉਠਾਇਆ ਕਿ ਕੇਂਦਰ ਸਰਕਾਰ ਵੱਲੋਂ ਹੜ੍ਹ ਪ੍ਰਬੰਧਨ ਅਤੇ ਰਾਹਤ ਲਈ ਜਾਰੀ ਕੀਤੇ ਗਏ ਫੰਡ ਆਖ਼ਿਰ ਗਏ ਕਿੱਥੇ ਹਨ, ਅਤੇ ਪੰਜਾਬ ਦੀ ਜਨਤਾ ਕਿਉਂ ਆਮ ਆਦਮੀ ਪਾਰਟੀ ਦੀ ਲਾਪਰਵਾਹੀ ਅਤੇ ਨਾਕਾਮੀ ਦਾ ਖਮਿਆਜ਼ਾ ਭੁਗਤ ਰਹੀ ਹੈ।