Breaking News
Dashmesh GS Electricals Verka Smart Media Insurance Point Tav Prasad

ਭਗਵੰਤ ਮਾਨ ਕੈਬਨਿਟ ਨੇ ਹੜ੍ਹ ਪੀੜਤਾਂ ਲਈ ਕੀਤੇ ਇਤਿਹਾਸਕ ਫੈਸਲੇ

‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਨੂੰ ਹਰੀ ਝੰਡੀ, ਕਿਸਾਨਾਂ ਨੂੰ ਖੇਤਾਂ ਵਿੱਚ ਇਕੱਠੀ ਹੋਈ ਰੇਤ ਵੇਚਣ ਦੀ ਖੁੱਲ੍ਹ

ਫਸਲਾਂ ਦੇ ਨੁਕਸਾਨ ਲਈ ਪ੍ਰਤੀ ਏਕੜ 20,000 ਰੁਪਏ ਮੁਆਵਜ਼ਾ ਦੇਣ ਦੀ ਮਨਜ਼ੂਰੀ

ਚੰਡੀਗੜ੍ਹ, 8 ਸਤੰਬਰ, ਮਨਜੀਤ ਸਿੰਘ ਚਾਨਾ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਇਤਿਹਾਸਕ ਫੈਸਲੇ ਲੈਂਦਿਆਂ ‘ਜੀਹਦਾ ਖੇਤ, ਓਹਦੀ ਰੇਤ’ ਦੀ ਲੋਕ ਪੱਖੀ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਜਿਸ ਦੇ ਤਹਿਤ ਇਕ ਮੌਕਾ ਦਿੰਦੇ ਹੋਏ ਕਿਸਾਨਾਂ ਨੂੰ ਭਿਆਨਕ ਹੜ੍ਹਾਂ ਕਾਰਨ ਖੇਤਾਂ ਵਿੱਚ ਇਕੱਠੀ ਹੋਈ ਰੇਤਾ ਤੇ ਮਿੱਟੀ ਕੱਢਣ ਦੇ ਨਾਲ-ਨਾਲ ਜੇਕਰ ਉਹ ਚਾਹੁਣ ਤਾਂ ਇਸ ਨੂੰ ਵੇਚਣ ਦੀ ਖੁੱਲ੍ਹ ਦਿੱਤੀ ਜਾਵੇਗੀ।

ਇਸ ਬਾਰੇ ਫੈਸਲਾ ਅੱਜ ਸਵੇਰੇ ਮੁੱਖ ਮੰਤਰੀ ਦੀ ਅਗਵਾਈ ਵਿੱਚ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਮੁੱਖ ਮੰਤਰੀ ਨੇ ਇਸ ਮੀਟਿੰਗ ਵਿੱਚ ਫੋਰਟਿਸ ਹਸਪਤਾਲ, ਮੋਹਾਲੀ ਤੋਂ ਵਰਚੁਅਲ ਤੌਰ ’ਤੇ ਸ਼ਿਰਕਤ ਕੀਤੀ ਜਿੱਥੇ ਉਹ ਜੇਰੇ ਇਲਾਜ ਹਨ।

ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੜ੍ਹਾਂ ਕਾਰਨ ਪਾਣੀ ਦੀ ਮਾਰ ਹੇਠ ਆਏ ਖੇਤਾਂ ਵਿੱਚ ਰੇਤਾ ਤੇ ਮਿੱਟੀ ਜਮ੍ਹਾਂ ਹੋ ਚੁੱਕੀ ਹੈ। ਇਨ੍ਹਾਂ ਖੇਤਾਂ ਦੇ ਕਿਸਾਨਾਂ ਨੂੰ ਵੱਡੀ ਰਾਹਤ ਦੇਣ ਲਈ ਇਹ ਫੈਸਲਾ ਕੀਤਾ ਗਿਆ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਜਮ੍ਹਾਂ ਹੋਈ ਰੇਤਾ ਤੇ ਮਿੱਟੀ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ ਅਤੇ ਜੇਕਰ ਕਿਸਾਨ ਚਾਹੁਣ ਤਾਂ ਉਹ ਇਸ ਨੂੰ ਵੇਚ ਵੀ ਸਕਣਗੇ।

‘ਜੀਹਦਾ ਖੇਤ, ਓਹਦੀ ਰੇਤ’ ਨੀਤੀ ਦੇ ਤਹਿਤ ਸਾਰੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਕਿਸਾਨਾਂ ਨੂੰ ਇਸ ਸਾਲ ਦੀ 31 ਦਸੰਬਰ ਤੱਕ ਬਿਨਾਂ ਕਿਸੇ ਪਰਮਿਟ ਦੇ ਆਪਣੀ ਜ਼ਮੀਨ ਵਿੱਚੋਂ ਰੇਤਾ ਚੁੱਕਣ ਦੀ ਇਜਾਜ਼ਤ ਹੋਵੇਗੀ।ਖੇਤੀਬਾੜੀ ਵਾਲੀ ਜ਼ਮੀਨ ਤੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਕੱਢਣ ਦਾ ਇਕੋ ਵਾਰੀ ਦਿੱਤਾ ਜਾਣ ਵਾਲਾ ਮੌਕਾ ਸਮਝਿਆ ਜਾਵੇਗਾ ਪਰ ਇਸ ਨੂੰ ਮਾਈਨਿੰਗ ਵਾਲੀ ਸਮੱਗਰੀ ਨਹੀਂ ਮੰਨਿਆ ਜਾਵੇਗਾ। ਸਬੰਧਤ ਜ਼ਿਲ੍ਹੇ ਦਾ ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਪ੍ਰਭਾਵਿਤ ਪਿੰਡਾਂ ਦੀ ਸੂਚੀ ਦਾ ਐਲਾਨ ਕਰੇਗਾ ਜਿੱਥੇ ਹੜ੍ਹਾਂ ਨਾਲ ਰੇਤਾ ਜਾਂ ਗਾਰ ਜਮ੍ਹਾਂ ਹੋਣ ਕਾਰਨ ਪ੍ਰਭਾਵਿਤ ਹੋਏ ਕਿਸਾਨਾਂ/ਕਾਸ਼ਤਕਾਰ/ਕਿਸਾਨਾਂ ਦੇ ਸਮੂਹ ਵੱਲੋਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਕੱਢਣ ਤੇ ਢੋਹਣ ਦਾ ਕੰਮ ਕੀਤਾ ਜਾ ਸਕਦਾ ਹੈ।

ਹਾਲ ਹੀ ਵਿੱਚ ਆਏ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਲਈ ਸਾਰੇ ਜ਼ਿਲ੍ਹਾ ਮਾਈਨਿੰਗ ਅਫਸਰਾਂ ਦੇ ਨਾਲ-ਨਾਲ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਦੀਆਂ ਨਿਗਰਾਨ ਕਮੇਟੀਆਂ ਪ੍ਰਭਾਵਿਤ ਖੇਤਾਂ ਨੂੰ ਟੋਇਆ, ਖੱਡਾਂ ਜਾਂ ਕਿਸੇ ਹੋਰ ਤਰੀਕੇ ਨਾਲ ਜ਼ਮੀਨ ਦੀ ਅਸਲ ਸਤਹਿ ਨਾਲ ਛੇੜਖਾਨੀ ਕੀਤੇ ਬਿਨਾਂ ਮਿੱਟੀ/ਰੇਤਾ/ਦਰਿਆਵਾਂ ਰਾਹੀਂ ਪੈਦਾ ਹੋਈ ਸਮੱਗਰੀ ਨੂੰ ਹਟਾਉਣ ਤੇ ਢੋਹਣ ਵਿੱਚ ਸਹਿਯੋਗ ਕਰਨਗੇ।

ਫਸਲਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਲਈ ਮੰਤਰੀ ਮੰਡਲ ਨੇ ਫੈਸਲਾ ਕੀਤਾ ਕਿ ਪੰਜਾਬ ਸਰਕਾਰ ਪ੍ਰਤੀ ਏਕੜ 20,000 ਰੁਪਏ ਦਾ ਮੁਆਵਜ਼ਾ ਦੇਵੇਗੀ ਜੋ ਸਿਰਫ ਪੰਜਾਬ ਵਿੱਚ ਹੀ ਨਹੀਂ ਸਗੋਂ ਪੂਰੇ ਦੇਸ਼ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਮੁਆਵਜ਼ਾ ਰਾਸ਼ੀ ਹੈ। ਗੰਭੀਰ ਸੰਕਟ ਵਿੱਚ ਫਸੇ ਕਿਸਾਨਾਂ ਨੂੰ ਬਾਹਰ ਕੱਢਣ ਲਈ ਸੂਬਾ ਸਰਕਾਰ ਨੇ ਇਹ ਮਹੱਤਵਪੂਰਨ ਫੈਸਲਾ ਲਿਆ ਹੈ ਤਾਂ ਕਿ ਕਿਸਾਨਾਂ ਨੂੰ ਅਤਿ ਲੋੜੀਂਦੀ ਰਾਹਤ ਦਿੱਤੀ ਜਾ ਸਕੇ।

ਬਿਕਰਮ ਮਜੀਠੀਆ ਵਿਰੁੱਧ ਕੇਸ ਚਲਾਉਣ ਦੀ ਪ੍ਰਵਾਨਗੀ:

ਕੈਬਨਿਟ ਨੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵਿਰੁੱਧ ਭ੍ਰਿਸ਼ਟਾਚਾਰ ਦੀ ਰੋਕਥਾਮ ਐਕਟ 1988 ਦੀ ਧਾਰਾ 19 ਅਧੀਨ ਕੇਸ ਚਲਾਉਣ ਦੀ ਸਹਿਮਤੀ ਦੇ ਦਿੱਤੀ। ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ.) ਦੀ ਸਲਾਹ ਮਗਰੋਂ ਸਾਬਕਾ ਕੈਬਨਿਟ ਮੰਤਰੀ ਵਿਰੁੱਧ ਕੇਸ ਚਲਾਉਣ ਦੀ ਮਨਜ਼ੂਰੀ ਸਬੰਧੀ ਮਾਮਲੇ ਉੱਤੇ ਪਹਿਲਾਂ ਮੰਤਰੀ ਮੰਡਲ ਵਿੱਚ ਵਿਚਾਰਨ ਦੀ ਲੋੜ ਸੀ ਅਤੇ ਇਸ ਮਗਰੋਂ ਇਹ ਮਾਮਲਾ ਹੁਣ ਅਗਲੇਰੇ ਹੁਕਮ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ।

ਸਾਉਣੀ ਖ਼ਰੀਦ ਸੀਜ਼ਨ 2025 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਮਨਜ਼ੂਰੀ : ਮੰਤਰੀ ਮੰਡਲ ਨੇ 16 ਸਤੰਬਰ ਤੋਂ 30 ਨਵੰਬਰ 2025 ਤੱਕ ਚੱਲਣ ਵਾਲੀ ਝੋਨੇ ਦੀ ਖ਼ਰੀਦ ਸਬੰਧੀ ਸਾਉਣੀ ਖ਼ਰੀਦ ਸੀਜ਼ਨ 2025-26 ਲਈ ਕਸਟਮ ਮਿਲਿੰਗ ਪਾਲਿਸੀ ਨੂੰ ਹਰੀ ਝੰਡੀ ਦੇ ਦਿੱਤੀ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਪਾਲਿਸੀ’ ਦੀਆਂ ਤਜਵੀਜ਼ਾਂ ਮੁਤਾਬਕ ਚੌਲ ਮਿੱਲਾਂ ਨੂੰ ਵਿਭਾਗ ਵੱਲੋਂ ਸਮੇਂ ਸਿਰ ਮੰਡੀਆਂ ਨਾਲ ਆਨਲਾਈਨ ਲਿੰਕ ਕੀਤਾ ਜਾਵੇਗਾ। ਚੌਲ ਮਿੱਲਾਂ ਲਈ ਆਰ.ਓ. ਸਕੀਮ ਅਧੀਨ ਝੋਨੇ ਦਾ ਨਿਰਧਾਰਨ ਇਕ ਆਨਲਾਈਨ ਪੋਰਟਲ ਰਾਹੀਂ ਆਟੋਮੈਟਿਕ ਹੋਵੇਗਾ। ਯੋਗ ਚੌਲ ਮਿੱਲਾਂ ਵਿੱਚ ਝੋਨਾ, ਇਸ ਨੀਤੀ ਦੀਆਂ ਤਜਵੀਜ਼ਾਂ ਅਤੇ ਸੂਬਾਈ ਏਜੰਸੀਆਂ ਤੇ ਚੌਲ ਮਿੱਲ ਮਾਲਕਾਂ ਵਿਚਾਲੇ ਹੋਏ ਸਮਝੌਤੇ ਅਨੁਸਾਰ ਭੰਡਾਰ ਹੋਵੇਗਾ। ‘ਸਾਉਣੀ 2025-26 ਲਈ ਪੰਜਾਬ ਕਸਟਮ ਮਿਲਿੰਗ ਨੀਤੀ’ ਵਿੱਚ ਤਜਵੀਜ਼ ਕੀਤਾ ਗਿਆ ਹੈ ਕਿ ਚੌਲ ਮਿੱਲ ਮਾਲਕਾਂ ਨੂੰ ਪਾਲਿਸੀ ਅਤੇ ਸਮਝੌਤੇ ਮੁਤਾਬਕ 31 ਮਾਰਚ, 2026 ਤੱਕ ਭੰਡਾਰ ਕੀਤੇ ਝੋਨੇ ਦਾ ਬਣਦਾ ਚੌਲ ਡਿਲੀਵਰ ਕਰਨਾ ਪਵੇਗਾ।

ਐਸ.ਐਸ.ਏ. ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਸਹਿਮਤੀ: ਕੈਬਨਿਟ ਨੇ ਸਕੂਲ ਸਿੱਖਿਆ ਵਿਭਾਗ ਵਿੱਚ 1007 ਅਸਾਮੀਆਂ ਸਿਰਜਣ ਅਤੇ ‘ਸਮੱਗਰ ਸਿੱਖਿਆ ਅਭਿਆਨ’ (ਐਸ.ਐਸ.ਏ.) ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਇਸ ਨਾਲ ਐਸ.ਐਸ.ਏ. ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਪੂਰਾ ਹੋਣ ਦਾ ਰਾਹ ਪੱਧਰਾ ਹੋਵੇਗਾ ਅਤੇ ਸਰਕਾਰੀ ਢਾਂਚੇ ਵਿੱਚ ਤਜਰਬੇਕਾਰ ਮੁਲਾਜ਼ਮ ਸ਼ਾਮਲ ਹੋਣ ਨਾਲ ਸਿੱਖਿਆ ਵਿਭਾਗ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਤੇਜ਼ੀ ਆਵੇਗੀ ਤੇ ਹੋਰ ਕਾਨੂੰਨੀ ਅੜਿੱਕੇ ਦੂਰ ਹੋਣਗੇ।

Leave a Reply

Your email address will not be published. Required fields are marked *