
ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਭਲਕੇ ਸੱਦੀ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ
ਚੰਡੀਗੜ੍ਹ/ਮੋਹਾਲੀ, 11 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਅਚਾਨਕ ਵਿਗੜੀ ਸਿਹਤ ਕਾਰਨ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ। ਅੱਜ ਉਨ੍ਹਾਂ ਨੂੰ ਸਿਹਤਯਾਬ ਹੋਣ ਬਾਅਦ ਫੋਰਟਿਸ ਹਸਪਤਾਲ ਮੋਹਾਲੀ ਤੋਂ ਛੁੱਟੀ ਮਿਲ ਗਈ ਹੈ। ਇਸ ਦੌਰਾਨ ਉਹਨਾਂ ਨੇ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਸਮੂਹ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਇਕ ਮੀਟਿੰਗ ਵੀ ਸੱਦੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕੱਲ੍ਹ ਸਵੇਰੇ 11 ਵਜੇ ਮੀਟਿੰਗ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਵੀਡੀਓ ਕਾਨਫਰੰਸ ਦੇ ਜ਼ਰੀਏ ਅਤੇ ਸੈਕਟਰੀ ਤੇ ਚੀਫ ਸੈਕਟਰੀ ਸਾਹਿਬਾਨ ਮੇਰੀ ਚੰਡੀਗੜ੍ਹ ਰਿਹਾਇਸ਼ ‘ਤੇ ਪਹੁੰਚ ਕੇ ਮੀਟਿੰਗ ‘ਚ ਹਿੱਸਾ ਲੈਣਗੇ। ਮੀਟਿੰਗ ‘ਚ ਲੋਕਾਂ ਨੂੰ ਮਿਲਣ ਵਾਲੀਆਂ ਮੈਡੀਕਲ ਸਹੂਲਤਾਂ, ਮੁਆਵਜ਼ੇ ਅਤੇ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਠੋਸ ਕਦਮ ਚੁੱਕਣ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ।