Breaking News
Dashmesh GS Electricals Verka Smart Media Insurance Point Tav Prasad

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਵਿਸ਼ਵ ਪੱਧਰ ’ਤੇ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ

ਚੰਡੀਗੜ੍ਹ, 17 ਸਤੰਬਰ, ਪੰਜਾਬੀ ਦੁਨੀਆ ਬਿਊਰੋ: 

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁੜ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਹੈ। 

ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਸੂਬਾ ਵਿੱਚ ਹੜ੍ਹਾਂ ਨੇ ਸਿਰਫ ਪਾਣੀ ਦਾ ਕਹਿਰ ਨਹੀਂ ਢਾਹਿਆ ਸਗੋਂ ਲੱਖਾਂ ਸੁਪਨੇ ਵੀ ਇਸ ਦੇ ਪਾਣੀਆਂ ਵਿੱਚ ਵਹਿ ਗਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 2300 ਪਿੰਡ ਡੁੱਬ ਗਏ ਹਨ, 20 ਲੱਖ ਲੋਕ ਪ੍ਰਭਾਵਿਤ ਹੋਏ ਹਨ, ਪੰਜ ਲੱਖ ਏਕੜ ਫਸਲ ਤਬਾਹ ਹੋ ਗਈ ਹੈ, 56 ਕੀਮਤੀ ਜਾਨਾਂ ਚਲੀਆਂ ਅਤੇ 7 ਲੱਖ ਲੋਕ ਬੇਘਰ ਹੋ ਗਏ।

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 3200 ਸਕੂਲ ਬਰਬਾਦ ਹੋ ਗਏ, 19 ਕਾਲਜ ਮਲਬੇ ਵਿੱਚ ਬਦਲ ਗਏ, 1400 ਕਲੀਨਿਕ ਤੇ ਹਸਪਤਾਲ ਖੰਡਰ ਬਣ ਗਏ ਹਨ, 8500 ਕਿਲੋਮੀਟਰ ਸੜਕਾਂ ਦੀ ਹਾਲਤ ਬਦਤਰ ਹੋ ਗਈ ਅਤੇ 2500 ਪੁਲ ਢਹਿ ਗਏ। ਉਨ੍ਹਾਂ ਕਿਹਾ ਕਿ ਮੁਢਲੇ ਅਨੁਮਾਨਾਂ ਮੁਤਾਬਕ 13,800 ਕਰੋੜ ਰੁਪਏ ਦਾ ਘਾਟਾ ਪਿਆ ਹੈ ਜਦਕਿ ਨੁਕਸਾਨ ਇਸ ਤੋਂ ਵੀ ਕਿਤੇ ਵੱਧ ਹੋ ਸਕਦਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਇਹ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਭਿਆਨਕ ਦੁਖਾਂਤ ਹੈ, ਪਰ ਇਸ ਦੇ ਨਾਲ ਇਹ ਪੰਜਾਬ ਲਈ ਸਭ ਤੋਂ ਵੱਡੀ ਇਮਤਿਹਾਨ ਦੀ ਘੜੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ਨੇ ਕਿਸੇ ਸੰਕਟ ਦਾ ਸਾਹਮਣਾ ਕੀਤਾ ਹੈ, ਪੰਜਾਬੀ ਕਦੇ ਸੰਕਟ ਦੇ ਸਾਹਮਣੇ ਝੁਕੇ ਨਹੀਂ ਸਗੋਂ ਹਮੇਸ਼ਾ ਚਟਾਨ ਵਾਂਗ ਹਿੱਕ ਤਾਣ ਕੇ ਖੜ੍ਹੇ ਹੋਏ ਹਾਂ।

ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਦੌਰਾਨ ਵੀ ਨੌਜਵਾਨ ਆਪਣੀ ਜਾਨ ਜ਼ੋਖਮ ਵਿੱਚ ਪਾ ਕੇ ਲੋਕਾਂ ਨੂੰ ਬਚਾ ਰਹੇ ਸਨ। ਉਨ੍ਹਾਂ ਕਿਹਾ ਕਿ ਕਿਵੇਂ ਗੁਰਦੁਆਰੇ, ਮੰਦਰ ਅਤੇ ਹੋਰ ਧਾਰਮਿਕ ਅਸਥਾਨ ਮਦਦ ਲਈ ਆਪਣੇ ਦਰਵਾਜ਼ੇ ਖੋਲ੍ਹ ਰਹੇ ਸਨ ਅਤੇ ਲੰਗਰ ਚਲਾ ਰਹੇ ਸਨ, ਕਿਵੇਂ ਪੂਰਾ ਪੰਜਾਬ ਮਾਲਾ ਦੇ ਮਣਕਿਆਂ ਵਾਂਗ ਇਕਜੁੱਟ ਹੋ ਕੇ ਪਰਿਵਾਰ ਵਾਂਗ ਖੜ੍ਹਾ ਹੋਇਆ। ਉਨ੍ਹਾਂ ਕਿਹਾ ਕਿ ਇਹੀ ਸਾਡੀ ਸਭ ਤੋਂ ਵੱਡੀ ਤਾਕਤ ਅਤੇ ਵਿਲੱਖਣਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਰਾਹਤ ਅਤੇ ਪੁਨਰਵਾਸ ਤੋਂ ਅੱਗੇ ਵਧਣ ਦਾ ਆ ਗਿਆ ਹੈ ਕਿਉਂਕਿ ਸਾਡੇ ਕਿਸਾਨਾਂ ਨੂੰ ਦੁਬਾਰਾ ਖੇਤੀ ਕਰਨ ਦੀ ਲੋੜ ਹੈ, ਬੱਚਿਆਂ ਨੂੰ ਮੁੜ ਸਕੂਲ ਜਾਣਾ ਹੋਵੇਗਾ ਅਤੇ ਹੜ੍ਹ ਪੀੜਤ ਪਰਿਵਾਰਾਂ ਨੇ ਮੁੜ ਆਪਣੇ ਘਰ ਵਸਾਉਣੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਚੁਣੌਤੀਪੂਰਨ ਪ੍ਰਸਥਿਤੀਆਂ ਦੇ ਮੱਦੇਨਜ਼ਰ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਚੜ੍ਹਦੀ ਕਲਾ ਦਾ ਭਾਵ ਔਖੇ ਤੋਂ ਔਖੇ ਸਮੇਂ ਵਿੱਚ ਵੀ ਹੌਂਸਲੇ ਬੁਲੰਦ ਰੱਖਣਾ। ਹਰ ਦੁੱਖ ਵਿੱਚ ਵੀ ਮਜ਼ਬੂਤ ਰਹਿਣਾ। ਹਰ ਹਨੇਰੇ ਵਿੱਚ ਵੀ ਉਮੀਦਾਂ ਦੇ ਦੀਵੇ ਜਗਾਈ ਰੱਖਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਹਰ ਪੰਜਾਬੀ, ਭਾਰਤ ਦੇ ਹਰ ਨਾਗਰਿਕਾਂ, ਸਾਡੇ ਉਦਯੋਗਪਤੀਆਂ, ਕਲਾਕਾਰਾਂ, ਚੈਰੀਟੇਬਲ ਟਰੱਸਟਾਂ ਅਤੇ ਦੁਨੀਆ ਭਰ ਵਿੱਚ ਰਹਿੰਦੇ ਆਪਣੇ ਪੰਜਾਬੀ ਭਰਾਵਾਂ ਅਤੇ ਭੈਣਾਂ ਨੂੰ ਦਿਲੋਂ ਅਪੀਲ ਕਰਦੇ ਹਨ ਕਿ ਅੱਜ ਪੰਜਾਬ ਨੂੰ ਤੁਹਾਡੀ ਲੋੜ ਹੈ। ਉਨ੍ਹਾਂ ਕਿਹਾ ਕਿ ਆਓ, ਇਕਜੁੱਟ ਹੋ ਕੇ ਇਸ ਔਖੀ ਘੜੀ ਵਿੱਚ ਪੰਜਾਬ ਦੀ ਬਾਂਹ ਫੜੀਏ ਅਤੇ ਖੁੱਲ੍ਹੇ ਦਿਲ ਨਾਲ ਪੰਜਾਬ ਦੀ ਮਦਦ ਕਰੀਏ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਆਇਆ ਇਕ-ਇਕ ਪੈਸਾ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਪੁਨਰਵਾਸ ਅਤੇ ਨਿਰਮਾਣ ਕਾਰਜਾਂ ‘ਤੇ ਹੀ ਖਰਚ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ  www.rangla.punjab.gov.in. ਰਾਹੀਂ ਹੜ੍ਹ ਪੀੜਤਾਂ ਲਈ ਯੋਗਦਾਨ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਅਸੀਂ ਸਾਰੇ ਇਕੱਠੇ ਮਿਲ ਕੇ ਮੁੜ ਸਾਬਤ ਕਰਾਂਗੇ ਕਿ ਪੰਜਾਬ ਕਦੇ ਹਾਰ ਨਹੀਂ ਮੰਨਦਾ। ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਵਾਰ ਰੂਮ ਵੀ ਸਥਾਪਤ ਕੀਤਾ ਗਿਆ ਹੈ ਜੋ ‘ਮਿਸ਼ਨ ਚੜ੍ਹਦੀ ਕਲਾ’ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਦੀ ਸਿੱਧੇ ਤੌਰ ’ਤੇ ਨਿਗਰਾਨੀ ਕਰੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਰੋਜ਼ਾਨਾ ਇਨ੍ਹਾਂ ਯਤਨਾਂ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।

ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ‘ਮਿਸ਼ਨ ਚੜ੍ਹਦੀ ਕਲਾ’ ਬਾਰੇ ਜਾਣੂੰ ਕਰਵਾਉਂਦਿਆਂ ਕਿਹਾ ਕਿ ਇਸ ਮਿਸ਼ਨ ਤਹਿਤ ਇਕੱਠਾ ਕੀਤਾ ਗਿਆ ਇੱਕ-ਇੱਕ ਪੈਸਾ ਹੜ੍ਹ ਪ੍ਰਭਾਵਿਤ ਲੋਕਾਂ ਦੇ ਮੁੜ ਵਸੇਬੇ ‘ਤੇ ਖਰਚ ਕੀਤਾ ਜਾਵੇਗਾ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਵੀ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *