Breaking News
Dashmesh GS Electricals Verka Smart Media Insurance Point Tav Prasad

ਫੇਸਲੈੱਸ RTO ਸੇਵਾਵਾਂ ਸ਼ੁਰੂ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣਿਆ

ਹੁਣ 1076 ਡਾਇਲ ਕਰਨ ‘ਤੇ ਘਰ ਆ ਕੇ ਕੰਮ ਕਰਨਗੇ ਆਰ.ਟੀ.ਓ. ਕਰਮਚਾਰੀ

ਲੁਧਿਆਣਾ, 29 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:

ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ.ਓ. ਸੇਵਾਵਾਂ ਦੀ ਸ਼ੁਰੂਆਤ ਕੀਤੀ।

ਮੁੱਖ ਮੰਤਰੀ ਨੇ ਇਸ ਸਕੀਮ ਦੀ ਸ਼ੁਰੂਆਤ ਸਮੇਂ ਭ੍ਰਿਸ਼ਟਾਚਾਰ ਦੇ ਯੁੱਗ ਨੂੰ ਖ਼ਤਮ ਕਰਨ ਦੇ ਪ੍ਰਤੀਕ ਵਜੋਂ ਇੱਥੇ ਆਰ.ਟੀ.ਓ. ਦਫ਼ਤਰ ਨੂੰ ਤਾਲਾ ਲਗਾਇਆ।

ਮੀਡੀਆ ਨਾਲ ਗੱਲਬਾਤ ਕਰਦਿਆਂ ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਹੁਣ ਤੱਕ ਸੂਬੇ ਦੇ ਲੋਕ ਨੌਕਰਸ਼ਾਹੀ ਅਤੇ ਉਸ ਦੇ ਭ੍ਰਿਸ਼ਟ ਕੰਮਾਂ ਦੇ ਗੁਲਾਮ ਬਣ ਗਏ ਸਨ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਇਸ ਗੁਲਾਮੀ ਤੋਂ ਮੁਕਤ ਹੋ ਗਿਆ ਹੈ ਅਤੇ ਹੁਣ ਲੋਕ 1076 `ਤੇ ਕਾਲ ਕਰਕੇ ਆਪਣਾ ਡਰਾਈਵਿੰਗ ਲਾਇਸੈਂਸ, ਰਜਿਸਟਰੇਸ਼ਨ ਸਰਟੀਫਿਕੇਟ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰ ਸਕਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਭ੍ਰਿਸ਼ਟਾਚਾਰ, ਪ੍ਰੇਸ਼ਾਨੀਆਂ ਅਤੇ ਵਿਚੋਲਿਆਂ ਤੋਂ ਆਜ਼ਾਦੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਿਲੱਖਣ ਕੰਮ ਦੇਸ਼ ਵਿੱਚ ਹੀ ਨਹੀਂ, ਸਗੋਂ ਦੁਨੀਆ ਵਿੱਚ ਪਹਿਲੀ ਵਾਰ ਹੋ ਰਿਹਾ ਹੈ।

‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਲਈ ਇਤਿਹਾਸਕ ਦਿਨ ਹੈ ਕਿਉਂਕਿ ਪਹਿਲੀ ਵਾਰ ਸੂਬੇ ਵਿੱਚ ਫੇਸਲੈੱਸ ਆਰ.ਟੀ.ਓ. ਸੇਵਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨੂੰ ਸੱਚਮੁੱਚ ਟਰਾਂਸਪੋਰਟ ਵਿਭਾਗ ਵਿੱਚ ਡਿਜੀਟਲ ਕ੍ਰਾਂਤੀ ਕਿਹਾ ਜਾ ਸਕਦਾ ਹੈ ਕਿਉਂਕਿ ਲੋਕਾਂ ਨੂੰ ਹੁਣ ਉਨ੍ਹਾਂ ਦੇ ਘਰਾਂ ਵਿੱਚ ਹੀ ਸੇਵਾਵਾਂ ਮਿਲਣਗੀਆਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈੱਸ ਕਰ ਦਿੱਤਾ ਗਿਆ ਹੈ।

ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸੇਵਾਵਾਂ ਹੈਲਪਲਾਈਨ ਨੰਬਰ 1076 ਉੱਤੇ ਕਾਲ ਕਰ ਕੇ ਸੇਵਾ ਕੇਂਦਰਾਂ ਰਾਹੀਂ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਸ ਲਈ ਇਨ੍ਹਾਂ ਕੇਂਦਰਾਂ ਦੇ ਸਟਾਫ਼ ਨੂੰ ਸਹੀ ਢੰਗ ਨਾਲ ਸਿਖਲਾਈ ਦਿੱਤੀ ਗਈ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਰ.ਟੀ.ਓ. ਦਫ਼ਤਰਾਂ ਵਿੱਚ ਲੋਕਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਆਮ ਆਦਮੀ ਨੂੰ ਹੋਣ ਵਾਲੀ ਦਿੱਕਤ ਅਤੇ ਭ੍ਰਿਸ਼ਟਾਚਾਰ `ਤੇ ਰੋਕ ਲਗਾਈ ਗਈ ਹੈ ਅਤੇ ਇਹ ਸੂਬਾ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਮੁਤਾਬਕ ਹੈ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਟਰਾਂਸਪੋਰਟ ਵਿਭਾਗ ਦੇ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੀ ਯੋਗਤਾ ਅਨੁਸਾਰ ਹੋਰ ਵਿਭਾਗਾਂ ਵਿੱਚ ਉਨ੍ਹਾਂ ਦੀਆਂ ਸੇਵਾਵਾਂ ਦੀ ਵਰਤੋਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਲੋਕਾਂ ਨੂੰ ਸੁਚਾਰੂ ਢੰਗ ਨਾਲ ਸਹੂਲਤਾਂ ਪ੍ਰਦਾਨ ਕਰ ਕੇ ਆਰ.ਟੀ.ਓ. ਦਫ਼ਤਰਾਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਨੇ ਜਨਤਾ ਨੂੰ ਸੂਬਾ ਸਰਕਾਰ ਦੇ ਇਸ ਵੱਡੇ ਲੋਕ-ਪੱਖੀ ਉਪਰਾਲੇ ਦਾ ਲਾਭ ਉਠਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਡਿਜੀਟਲ ਅਤੇ ਲੋਕ-ਪੱਖੀ ਫੈਸਲੇ ਲਏ ਜਾਣਗੇ।

ਉਨ੍ਹਾਂ ਕਿਹਾ ਕਿ ਨਵੀਂ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਆਰ.ਟੀ.ਓ. ਦਫ਼ਤਰਾਂ ਵਿੱਚ ਪਹਿਲੇ 15 ਦਿਨਾਂ ਲਈ ਹੈਲਪ ਡੈਸਕ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਡੈਸਕ ਨਾਗਰਿਕਾਂ ਨੂੰ ਨਵੇਂ ਮਾਡਲ ਤਹਿਤ ਲੋੜੀਂਦੇ ਦਸਤਾਵੇਜ਼ਾਂ ਅਤੇ ਪ੍ਰਕਿਰਿਆਵਾਂ ਬਾਰੇ ਮਾਰਗ ਦਰਸ਼ਨ ਦੇਣਗੇ। ਉਨ੍ਹਾਂ ਕਿਹਾ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਆਰ.ਟੀ.ਓ. ਦਫ਼ਤਰ ਹੁਣ ਆਪਣੀਆਂ ਮੁੱਖ ਜ਼ਿੰਮੇਵਾਰੀਆਂ ਅਤੇ ਵਿਭਾਗੀ ਕਾਰਜਾਂ ਦੇ ਸਮੁੱਚੇ ਸੁਧਾਰ `ਤੇ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੁਚਾਰੂ ਅਤੇ ਪਾਰਦਰਸ਼ੀ ਸ਼ਾਸਨ ਪ੍ਰਦਾਨ ਕਰ ਕੇ ਲੋਕਾਂ ਦੀ ਸਹੂਲਤ ਲਈ ਹਰ ਕਦਮ ਚੁੱਕਣ ਲਈ ਵਚਨਬੱਧ ਹੈ।

ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *