Breaking News
Dashmesh GS Electricals Verka Smart Media Insurance Point Tav Prasad

ਬੈਂਸ ਵੱਲੋਂ ਪੰਜਾਬ ਯੂਨੀਵਰਸਿਟੀ ਸੈਨੇਟ ਨੂੰ ਭੰਗ ਕਰਨ ਦਾ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ

ਕਿਹਾ, ਆਪਣੇ ਹੱਥ-ਠੋਕਿਆਂ ਨੂੰ ਅੱਗੇ ਲਿਆ ਕੇ ਪੰਜਾਬ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ ਕੇਂਦਰ ਸਰਕਾਰ

ਚੰਡੀਗੜ੍ਹ, 1 ਨਵੰਬਰ, ਪੰਜਾਬੀ ਦੁਨੀਆ ਬਿਊਰੋ : 

ਪੰਜਾਬ ਯੂਨੀਵਰਸਿਟੀ ਦੀ 59 ਸਾਲ ਪੁਰਾਣੀ ਸੈਨੇਟ ਅਤੇ ਸਿੰਡੀਕੇਟ ਨੂੰ ਮਨਮਾਨੇ ਢੰਗ ਨਾਲ ਭੰਗ ਕਰਨ ਦੇ ਫੈਸਲੇ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇਸ ਤਾਨਾਸ਼ਾਹੀ ਫੈਸਲੇ ਨੂੰ ਪੰਜਾਬ ਦੀ ਗੌਰਵਮਈ ਵਿਰਾਸਤ, ਲੋਕਤੰਤਰ ਅਤੇ ਬੌਧਿਕਤਾ ਉਤੇ ਸਿੱਧਾ ਹਮਲਾ ਕਰਾਰ ਦਿੱਤਾ ਹੈ। ਸ. ਬੈਂਸ ਨੇ ਕਿਹਾ ਕਿ ਇਹ ਸ਼ਾਸਨ ਨਹੀਂ ਬਲਕਿ ਰਾਜਸੀ ਧੱਕੇਸ਼ਾਹੀ ਹੈ। ਕੇਂਦਰ ਦਾ ਇਹ ਆਪਹੁਦਰਾ ਕਦਮ ਪੰਜਾਬ ਦੀ ਮਿਹਨਤ ਨਾਲ ਹਾਸਲ ਕੀਤੀ ਖੁਦਮੁਖਤਿਆਰੀ, ਅਕਾਦਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਨੂੰ ਢਾਹ ਲਾਉਣ ਵਾਲਾ ਹੈ। ਇਹ ਪੰਜਾਬ ਦੀ ਰੂਹ ਉਤੇ ਹਮਲਾ ਹੈ।

ਪੰਜਾਬ ਯੂਨੀਵਰਸਿਟੀ ਦੀ ਇਤਿਹਾਸਕ ਅਤੇ ਭਾਵਨਾਤਮਕ ਮਹੱਤਤਾ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਮਹਿਜ਼ ਯੂਨੀਵਰਸਿਟੀ ਨਹੀਂ ਸਗੋਂ ਦਹਾਕਿਆਂ ਦੇ ਸਮੂਹਿਕ ਯਤਨਾਂ,  ਬੌਧਿਕਤਾ ਅਤੇ ਕੁਰਬਾਨੀਆਂ ਨਾਲ ਸਿਰਜਿਆ ਅਦਾਰਾ ਹੈ। ਉਨ੍ਹਾਂ ਨੇ ਸੈਨੇਟ ਭੰਗ ਕਰਨ ਪਿਛਲੀ ਕੋਝੀ ਮਾਨਸਿਕਤਾ `ਤੇ ਸਵਾਲ ਉਠਾਉਂਦਿਆਂ ਪਿਛਲੀਆਂ ਸੈਨੇਟ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਦੁਆਰਾ ਦਿੱਤੇ ਗਏ ਵੱਡੇ ਫਤਵੇ ਦਾ ਜ਼ਿਕਰ ਵੀ ਕੀਤਾ।

ਉਨ੍ਹਾਂ ਕਿਹਾ ਕਿ ਪਿਛਲੀਆਂ ਸੈਨੇਟ ਚੋਣਾਂ ਵਿੱਚ ਗ੍ਰੈਜੂਏਟ ਹਲਕੇ ਲਈ ਪੰਜਾਬ ਦੇ ਲੋਕਾਂ ਨੇ ਸਾਰੀਆਂ ਸੀਟਾਂ ਜਿੱਤ ਕੇ ਆਪਣੇ ਨੁਮਾਇੰਦੇ ਚੁਣੇ ਸਨ। ਇਹ ਲੋਕਾਂ ਦਾ ਸਪੱਸ਼ਟ ਫਤਵਾ ਸੀ। ਹੁਣ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਬੈਲਟ ਬਾਕਸ ਰਾਹੀਂ ਭਰੋਸਾ ਨਹੀਂ ਜਿੱਤ ਸਕੀ, ਆਪਣੇ ਹੱਥ-ਠੋਕਿਆਂ ਨੂੰ ਅੱਗੇ ਲਿਆ ਕੇ ਇਸ ਸਤਿਕਾਰਤ ਤੇ ਇਤਿਹਾਸਕ ਯੂਨੀਵਰਸਿਟੀ ਨੂੰ ਸਿਆਸਤ ਦਾ ਅਖਾੜਾ ਬਣਾਉਣਾ ਚਾਹੁੰਦੀ ਹੈ।

ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਸਿੱਧੇ ਤੌਰ ‘ਤੇ ਅਸਹਿਮਤੀ ਨੂੰ ਦਬਾਉਣ ਅਤੇ ਸੂਬਿਆਂ ਦੇ ਅਧਿਕਾਰਾਂ ਨੂੰ ਖੋਰਾ ਲਗਾਉਣ ਦੀ ਇੱਕ ਸੋਚੀ-ਸਮਝੀ ਕੋਸ਼ਿਸ਼ ਹੈ। ਪਰ ਪੰਜਾਬ ਇਸ ਤਾਨਾਸ਼ਾਹੀ ਅੱਗੇ ਨਹੀਂ ਝੁਕੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਾਦਮਿਕ ਭਾਈਚਾਰੇ – ਅਧਿਆਪਕਾਂ, ਵਿਦਿਆਰਥੀਆਂ ਅਤੇ ਸਟਾਫ਼ ਨਾਲ ਮਿਲ ਕੇ – ਹਰ ਲੋਕਤੰਤਰੀ ਮੰਚ ਉਤੇ ਕੇਂਦਰ ਸਰਕਾਰ ਦੇ ਇਸ ਕਦਮ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਅਤੇ ਇਸਦੇ ਲੋਕਾਂ ਦੀ ਹੈ ਅਤੇ ਇਸ ਦਾ ਇਤਿਹਾਸ ਅਤੇ ਭਵਿੱਖ ਪੰਜਾਬ ਨਾਲ ਜੁੜਿਆ ਹੋਇਆ ਹੈ। ਇਹ ਕਿਸੇ ਤਾਨਾਸ਼ਾਹ ਕੇਂਦਰ ਦੀ ਨਿੱਜੀ ਮਲਕੀਅਤ ਨਹੀਂ, ਜੋ ਇਸਨੂੰ ਮਨਮਾਨੇ ਢੰਗ ਨਾਲ ਚਲਾਉਣਾ ਅਤੇ ਦਬਾਉਣਾ ਚਾਹੁੰਦਾ ਹੈ। ਪੰਜਾਬ ਦੇ ਲੋਕ ਇਸ ਸਿਆਸੀ ਧੱਕੇਸ਼ਾਹੀ ਨੂੰ ਕਿਸੇ ਵੀ ਸੂਰਤ ਵਿੱਚ ਸਿਰੇ ਨਹੀਂ ਚੜ੍ਹਨ ਦੇਣਗੇ।

Leave a Reply

Your email address will not be published. Required fields are marked *