
ਗੁਰਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਗੁਰੂ ਘਰ ਹੋਈਆਂ ਨਤਮਸਤਕ
ਚੰਡੀਗੜ੍ਹ/ਮੋਹਾਲੀ, 5 ਨਵੰਬਰ, ਮਨਜੀਤ ਸਿੰਘ ਚਾਨਾ :
ਜਗਤ ਗੁਰੂ, ਦੀਨ ਦੁਨੀਆ ਦੇ ਮਾਲਕ ਅਤੇ ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਿਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਚੰਡੀਗੜ੍ਹ, ਪੰਜਾਬ, ਹਰਿਆਣਾ ਸਮੇਤ ਪੂਰੇ ਦੇਸ਼-ਵਿਦੇਸ਼ ਵਿਚ ਸਥਿਤ ਗੁਰੂ ਘਰਾਂ ਵਿਚ ਸਮੂਹ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਅਤੇ ਸ਼ਰਧਾਲੂਆਂ ਵਲੋਂ ਉਤਸ਼ਾਹ ਅਤੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
ਇਸੇ ਮੌਕੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ, ਸੈਕਟਰ 40-ਬੀ, ਚੰਡੀਗੜ੍ਹ ਵਿਖੇ ਪ੍ਰਬੰਧਕ ਕਮੇਟੀ, ਸਮੂਹ ਇਲਾਕਾ ਨਿਵਾਸੀਆਂ ਅਤੇ ਸਿੱਖ ਸੰਗਤਾਂ ਵਲੋਂ ਪ੍ਰਕਾਸ਼ ਪੁਰਬ ਬੜੇ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਅੰਮ੍ਰਿਤ ਵੇਲੇ ਤੋਂ ਇਲਾਹੀ ਬਾਣੀ ਦੇ ਕੀਰਤਨ ਤੋਂ ਬਾਅਦ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਕੀਰਤਨੀ ਜੱਥਿਆਂ ਵਿਚ ਇਸਤਰੀ ਸਤਿਸੰਗ ਸਭਾ 40 ਦੇ ਜੱਥੇ, ਗੁ: ਸ਼ਬਦ ਕੀਰਤਨੀ ਜੱਥਾ (ਬੱਚੇ), ਰਾਗੀ ਜੱਥਾ ਭਾਈ ਪੇਮ ਸਿੰਘ ਜੀ ਚੰਡੀਗੜ੍ਹ ਵਾਲੇ, ਕਥਾਵਾਚਕ ਭਾਈ ਇੰਦਰਜੀਤ ਸਿੰਘ ਜੀ, ਦਰਬਾਰ ਸਾਹਿਬ ਦੇ ਹਜੂਰੀ ਰਾਗੀ ਭਾਈ ਹਰਜੀਤ ਸਿੰਘ ਜੀ ਦੇ ਜੱਥੇ ਅਤੇ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਦੇ ਜੱਥਿਆਂ ਵਲੋਂ ਮਨੋਹਰ ਕੀਰਤਨ ਰਾਹੀਂ ਵੱਲੋਂ ਗੁਰੂ ਜੀ ਇਤਿਹਾਸ ਬਾਰੇ ਚਾਨਣਾ ਪਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਹਰਪ੍ਰੀਤ ਸਿੰਘ, ਮੀਤ ਗ੍ਰੰਥੀ ਰਜਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਵਲੋਂ ਕਥਾ ਅਤੇ ਅਰਦਾਸ ਉਪਰੰਤ ਗੁਰੂ ਸਾਹਿਬ ਦੇ ਪਵਿੱਤਰ ਹੁਕਮਨਾਮੇ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਸਮੂਹ ਸੰਗਤਾਂ ਨੂੰ ਪ੍ਰਸ਼ਾਦ ਵਰਤਾਇਆ ਗਿਆ।
ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਸਵੀਰ ਸਿੰਘ ਨੇ ਦਸਿਆ ਕਿ ਗੁਰਪੁਰਬ ਮੌਕੇ ਸੰਗਤਾਂ ਨੇ ਗੁਰਦੁਆਰਾ ਸਾਹਿਬ ਪੁੱਜ ਕੇ ਆਪਣੀਆਂ ਹਾਜ਼ਰੀਆਂ ਲਵਾਈਆਂ ਅਤੇ ਗੁਰੂ ਕੇ ਲੰਗਰਾਂ ਵਿਚ ਆਪਣਾ ਬਣਦਾ ਯੋਗਦਾਨ ਪਾਇਆ। ਇਸ ਸਮੇਂ ਨੌਜਵਾਨਾਂ ਵਲੋਂ ਲੰਗਰਾਂ ਵਿਚ ਦਿਨ–ਰਾਤ ਸੇਵਾ ਕਰਕੇ ਆਪਣਾ ਜੀਵਨ ਸਫ਼ਲਾ ਕੀਤਾ ਅਤੇ ਅਖ਼ੀਰ ਵਿਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਇਸੇ ਦੌਰਾਨ ਸ਼ਹਿਰ ਦੇ ਵੱਖ ਵੱਖ ਗੁਰੂ ਘਰਾਂ ਸੈਕਟਰ 34, 19, 22, 23, 37, 38 ਆਦਿ ਵਿਚ ਪ੍ਰਸਿੱਧ ਰਾਗੀ ਜਥਿਆਂ, ਕਥਾਵਾਚਕਾਂ ਅਤੇ ਪ੍ਰਚਾਰਕਾਂ ਵੱਲੋਂ ਪਹਿਲੇ ਪਾਤਸ਼ਾਹ ਜੀ ਦੇ ਦਰਸਾਏ ਮਾਰਗ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਦੇ ਸਿਧਾਂਤ ਉਤੇ ਚੱਲਣ ਦੀ ਅਪੀਲ ਕਰਦਿਆਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਨਿਹਾਲ ਕੀਤਾ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰੇ ਹੀ ਗੁਰਦੁਆਰਿਆਂ ਵਿਚ ਸੰਗਤਾਂ ਦਾ ਉਤਸ਼ਾਹ ਵੇਖਿਆਂ ਹੀ ਬਣਦਾ ਸੀ। ਸਵੇਰ ਤੋਂ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਕੀਰਤਨ ਆਰੰਭ ਹੋਏ ਅਤੇ ਬਾਣੀ ਦਾ ਇਹ ਪ੍ਰਵਾਹ ਸਾਰਾ ਦਿਨ ਚੱਲਦਾ ਰਿਹਾ ਅਤੇ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੁੰਦੀਆਂ ਰਹੀਆਂ।
ਮੋਹਾਲੀ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਅੰਬ ਸਾਹਿਬ, ਗੁਰਦੁਆਰਾ ਸਿੰਘ ਸ਼ਹੀਦਾਂ ਸਮੇਤ ਸ਼ਹਿਰ ਦੇ ਗੁਰਦੁਆਰਿਆਂ ਵਿਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਇਸੇ ਤਰ੍ਹਾਂ ਗੁਰਦੁਆਰਾ ਸਾਹਿਬ-40 ਵਿਖੇ ਰਾਤ ਦੇ ਦੀਵਾਨਾਂ ਵਿਚ ਰਹਿਰਾਸ ਦੇ ਪਾਠ ਉਪਰੰਤ ਹਜ਼ੂਰੀ ਰਾਗੀ ਭਾਈ ਜੋਗਿੰਦਰ ਸਿੰਘ ਦੇ ਜੱਥੇ, ਬੀਬੀ ਪਰਮਜੀਤ ਕੌਰ ਚੰਡੀਗੜ੍ਹ ਵਾਲੇ ਅਤੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਧਰਮਵੀਰ ਸਿੰਘ ਜੀ ਦੇ ਜੱਥੇ ਵੱਲੋਂ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ। ਇਸ ਤਰ੍ਹਾਂ ਰਾਤ ਦੇ ਦੀਵਾਨਾਂ ਦੀ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।