Breaking News
Dashmesh GS Electricals Verka Smart Media Insurance Point Tav Prasad

ਜਗਬਾਣੀ ਗਰੁੱਪ ‘ਤੇ ਪੰਜਾਬ ਸਰਕਾਰ ਵੱਲੋਂ ਕਰਵਾਈ ਜਾ ਰਹੀ ਛਾਪੇਮਾਰੀ ਨੇ ਐਮਰਜੈਂਸੀ ਦੇ ਦਿਨਾਂ ਨੂੰ ਤਾਜਾ ਕੀਤਾ: ਉੱਭਾ

ਚੰਡੀਗੜ੍ਹ, 18 ਜਨਵਰੀ, ਪੰਜਾਬੀ ਦੁਨੀਆ ਬਿਊਰੋ :

ਭਾਜਪਾ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਜਗਬਾਣੀ ਗਰੁੱਪ ‘ਤੇ ਪੰਜਾਬ ਸਰਕਾਰ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਚੀ ਅਤੇ ਨਿਰਪੱਖ ਪੱਤਰਕਾਰਤਾ ਤੋਂ ਡਰ ਕੇ ਮੀਡੀਆ ਸੰਸਥਾਵਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਜਗਬਾਣੀ ਗਰੁੱਪ ਹਮੇਸ਼ਾਂ ਲੋਕ ਮਸਲਿਆਂ ਨੂੰ ਬੇਬਾਕ ਢੰਗ ਨਾਲ ਉਠਾਉਂਦਾ ਆਇਆ ਹੈ, ਪਰ ਜਦੋਂ ਸਰਕਾਰ ਦੀਆਂ ਨਾਕਾਮੀਆਂ ਸਾਹਮਣੇ ਆ ਰਹੀਆਂ ਹਨ, ਤਾਂ ਸਰਕਾਰ ਲੋਕਤੰਤਰ ਦੇ ਚੌਥੇ ਥੰਮ੍ਹ ‘ਤੇ ਹਮਲਾ ਕਰ ਰਹੀ ਹੈ।

ਉੱਭਾ ਨੇ ਕਿਹਾ ਕਿ ਕੁਝ ਸਮਾ ਪਹਿਲਾਂ ਕੁਝ ਪੱਤਰਕਾਰਾਂ ਨੇ ਪੰਜਾਬ ਸਰਕਾਰ ਦੇ ਹੈਲੀਕਾਪਟਰ ਦੀ ਵਰਤੋਂ ‘ਤੇ ਸਵਾਲ ਉਠਾਏ ਸੀ, ਤਾਂ ਭਗਵੰਤ ਮਾਨ ਸਰਕਾਰ ਨੇ ਉਹਨਾਂ ਦਾ ਜਵਾਬ ਦੇਣ ਦੀ ਬਜਾਏ ਪਰਚੇ ਦਰਜ ਕਰਕੇ ਡਰਾਉਣ ਦੀ ਕੋਸ਼ਿਸ਼ ਕੀਤੀ ਸੀ।ਇਹ ਕਾਰਵਾਈ ਸਾਫ਼ ਤੌਰ ‘ਤੇ ਬਦਲੇ ਦੀ ਭਾਵਨਾ ਨਾਲ ਪ੍ਰੇਰਿਤ ਹੈ।

ਉੱਭਾ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ-ਵਿਵਸਥਾ, ਨਸ਼ੇ, ਬੇਰੁਜ਼ਗਾਰੀ ਅਤੇ ਕਿਸਾਨਾਂ ਨਾਲ ਜੁੜੇ ਮੁੱਦਿਆਂ ‘ਤੇ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਚੁੱਕੀ ਹੈ। ਇਨ੍ਹਾਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ਮੀਡੀਆ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਕਿ ਲੋਕਤੰਤਰ ਲਈ ਖ਼ਤਰਨਾਕ ਹੈ।

ਉਨ੍ਹਾਂ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਭਾਜਪਾ ਮੀਡੀਆ ਦੀ ਆਜ਼ਾਦੀ ‘ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕਰੇਗੀ। ਜੇਕਰ ਜਗਬਾਣੀ ਗਰੁੱਪ ਖ਼ਿਲਾਫ਼ ਇਹ ਛਾਪੇਮਾਰੀ ਤੁਰੰਤ ਬੰਦ ਨਾ ਕੀਤੀ ਗਈ, ਤਾਂ ਭਾਜਪਾ ਸੜਕਾਂ ‘ਤੇ ਉਤਰ ਕੇ ਲੋਕਤੰਤਰ ਦੀ ਰੱਖਿਆ ਲਈ ਸੰਘਰਸ਼ ਕਰੇਗੀ।ਅੰਤ ਵਿੱਚ ਉੱਭਾ ਨੇ ਕਿਹਾ ਕਿ ਪ੍ਰੈੱਸ ਦੀ ਆਜ਼ਾਦੀ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਹੈ ਅਤੇ ਇਸਨੂੰ ਕਮਜ਼ੋਰ ਕਰਨ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।

Leave a Reply

Your email address will not be published. Required fields are marked *