Breaking News
Dashmesh GS Electricals Verka Smart Media Insurance Point Tav Prasad

ਪੰਜਾਬ ਵਿਚ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਸਕੀਮ ਦੀ ਸ਼ੁਰੂਆਤ

ਪੰਜਾਬ ਵਾਸੀਆਂ ਲਈ ਮੁਫ਼ਤ ਸਿਹਤ ਸੰਭਾਲ ਯੋਜਨਾ ਲਾਗੂ ਕਰਕੇ ਨਵਾਂ ਕੀਰਤੀਮਾਨ ਸਥਾਪਤ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਗਰੀਬ ਵੀ ਮਹਿੰਗੇ ਅਤੇ ਆਧੁਨਿਕ ਹਸਪਤਾਲਾਂ ਵਿੱਚ ਕਰਵਾ ਸਕੇਗਾ ਇਲਾਜ: ਕੇਜਰੀਵਾਲ

ਐਸ.ਏ.ਐਸ. ਨਗਰ (ਮੁਹਾਲੀ), 22 ਜਨਵਰੀ, ਮਨਜੀਤ ਸਿੰਘ ਚਾਨਾ : 

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਇਸ ਮੌਕੇ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਯੋਗ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੀ ਸੌਂਪੇ।

ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਵੱਡਾ ਅਤੇ ਇਤਿਹਾਸਕ ਦਿਨ ਹੈ। ‘ਆਪ’ ਸੁਪਰੀਮੋ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਹੁਤ ਸਾਰੀਆਂ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ। ਵੱਡੇ-ਵੱਡੇ ਵਾਅਦੇ ਕੀਤੇ ਗਏ, ਪਰ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ, ਜਦੋਂ ਪੰਜਾਬ ਅੱਤਵਾਦ ਨਾਲ ਗ੍ਰਸਤ ਸੀ ਅਤੇ ਫਿਰ ਇੱਕ ਅਜਿਹਾ ਦੌਰ ਆਇਆ ਜਦੋਂ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਸੀ। ਉਨ੍ਹਾਂ ਕਿਹਾ, “ਹਰ ਚੀਜ਼ ਦਾ ਆਪਣਾ ਸਮਾਂ ਹੁੰਦਾ ਹੈ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਜਿਸ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਉਹ ਪੰਜਾਬ ਅਤੇ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।”

ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਤੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਜਾਂਦੇ ਸਨ ਤਾਂ ਉਹ ਗਾਰੰਟੀਆਂ ਦਿੰਦੇ ਸਨ। ਉਸ ਸਮੇਂ ਉਹ “ਕੇਜਰੀਵਾਲ ਦੀਆਂ ਗਾਰੰਟੀਆਂ” ਦੀ ਗੱਲ ਕਰਦੇ ਸਨ, ਜਿਨ੍ਹਾਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਲੋਕ ਉਦੋਂ ਇਸ ‘ਤੇ ਵਿਸ਼ਵਾਸ ਨਹੀਂ ਕਰਦੇ ਸਨ।”

‘ਆਪ’ ਸੁਪਰੀਮੋ ਨੇ ਅੱਗੇ ਕਿਹਾ, “ਉਨ੍ਹਾਂ ਦਿਨਾਂ ਵਿੱਚ, ਕਾਂਗਰਸ ਸਰਕਾਰ ਸੱਤਾ ਵਿੱਚ ਸੀ। ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਅਤੇ ਫਿਰ ਚਰਨਜੀਤ ਸਿੰਘ ਚੰਨੀ। ਉਹ ਕਹਿੰਦੇ ਸਨ ਕਿ ਖਜ਼ਾਨਾ ਖਾਲੀ ਸੀ, ਸਰਕਾਰ ਘਾਟੇ ਵਿੱਚ ਚੱਲ ਰਹੀ ਸੀ, ਅਤੇ ਕੋਈ ਪੈਸਾ ਨਹੀਂ ਸੀ।” ਕੌਮੀ ਕਨਵੀਨਰ ਨੇ ਕਿਹਾ,”ਇਨ੍ਹਾਂ ਲੀਡਰਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸੰਭਾਲ ਅਤੇ ਮੁਫ਼ਤ ਸਿੱਖਿਆ ਬਾਰੇ ਝੂਠ ਫੈਲਾ ਰਹੇ ਸਨ, ਅਤੇ ਇਹ ਕੁਝ ਵੀ ਸੰਭਵ ਨਹੀਂ ਸੀ ਕਿਉਂਕਿ ਪੈਸਾ ਨਹੀਂ ਸੀ। ਪਰ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਕਿ ਸਾਰੀਆਂ ਗਾਰੰਟੀਆਂ ਸੱਚਮੁੱਚ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ।”

ਅਰਵਿੰਦ ਕੇਜਰੀਵਾਲ ਨੇ ਅੱਗੇ ਦੱਸਿਆ ਕਿ ਇਹ 10 ਲੱਖ ਰੁਪਏ ਦੀ ਬੀਮਾ ਯੋਜਨਾ ਹੈ। ਉਨ੍ਹਾਂ ਕਿਹਾ, “ਲੋਕ ਕਿਸੇ ਵੀ ਹਸਪਤਾਲ ਵਿੱਚ ਜਾ ਸਕਦੇ ਹਨ, ਭਾਵੇਂ ਸਰਕਾਰੀ ਹੋਵੇ ਜਾਂ ਪ੍ਰਾਈਵੇਟ। ਸਰਕਾਰ ਨੇ ਪਹਿਲਾਂ ਹੀ ਸਭ ਕੁਝ ਠੀਕ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਛੇਤੀ ਹੀ ਸਰਕਾਰੀ ਹਸਪਤਾਲ, ਪ੍ਰਾਈਵੇਟ ਹਸਪਤਾਲਾਂ ਨਾਲੋਂ ਵੀ ਬਿਹਤਰ ਹੋ ਜਾਣਗੇ। ਪਰ ਹੁਣ ਮਰੀਜ਼ ਕਿਤੇ ਵੀ ਜਾ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ, “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”

ਉਨ੍ਹਾਂ ਕਿਹਾ ਕਿ ਇਸ ਨਵੀਂ 10 ਲੱਖ ਰੁਪਏ ਦੀ ਯੋਜਨਾ ਦਾ ਵੀ ਇਹ ਲੋਕ ਵਿਰੋਧ ਕਰਨਗੇ। ਉਸ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਨੇਤਾਵਾਂ ਨੂੰ ਕਿਹਾ ਕਿ ਜੇਕਰ ਕੁਝ ਚੰਗਾ ਹੋ ਰਿਹਾ ਹੈ, ਤਾਂ ਉਨ੍ਹਾਂ ਨੂੰ ਇਸ ਦੀ ਪ੍ਰਸੰਸਾ ਕਰਨੀ ਚਾਹੀਦੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ, “ਇਹ 10 ਲੱਖ ਰੁਪਏ ਦਾ ਇਲਾਜ ਹਰ ਕਿਸੇ ਨੂੰ ਮੁਹੱਈਆ ਹੋਵੇਗਾ। 

ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਸਰਬੱਤ ਦੇ ਭਲੇ ਦੇ ਸੁਨੇਹੇ ‘ਤੇ ਅਮਲ ਕਰਦਿਆਂ ਇਹ ਯੋਜਨਾ ਸਮਾਜ ਦੇ ਸਾਰੇ ਵਰਗਾਂ ਲਈ ਸ਼ੁਰੂ ਕੀਤੀ ਗਈ ਹੈ ਅਤੇ ਇਸ ਨਾਲ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਅੱਜ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਆਪਣੇ ਨਾਗਰਿਕਾਂ ਨੂੰ ਸਿਹਤ, ਸਿੱਖਿਆ, ਬਿਜਲੀ ਅਤੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਹਰ ਕੋਈ ਨਾਗਰਿਕ ਸਿਹਤ ਕਾਰਡ ਲਈ ਯੋਗ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਹਤ ਕਾਰਡ ਸੁਵਿਧਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਜਾਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਕਰਕੇ ਔਨਲਾਈਨ ਰਜਿਸਟ੍ਰੇਸ਼ਨ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਥ ਕਲੱਬ ਦੇ ਮੈਂਬਰ ਘਰ-ਘਰ ਜਾ ਕੇ ਕਾਰਡ ਬਣਾ ਕੇ ਵੀ ਨਾਗਰਿਕਾਂ ਦੀ ਸਹਾਇਤਾ ਵੀ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਉਨ੍ਹਾਂ ਕਿਹਾ ਕਿ ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ। ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਾਟੋ-ਕਲੇਸ਼ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਸੇਵਾ ਲਈ ਨਹੀਂ ਸਗੋਂ ਮੇਵਾ (ਪੈਸੇ) ਲਈ ਮੁੱਖ ਮੰਤਰੀ ਬਣਨ ਲਈ ਇੱਕ ਦੂਜੇ ਨਾਲ ਲੜ-ਝਗੜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਰੱਖਿਆ ਕਰਮੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਦੀ ਨੀਤੀ ਲਿਆਂਦੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ।

ਇਸ ਦੌਰਾਨ ‘ਆਪ’ ਪੰਜਾਬ ਦੇ ਸਹਿ-ਪ੍ਰਭਾਰੀ ਸਤਿੰਦਰ ਜੈਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੁਲਵੰਤ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *