
ਐੱਸ.ਏ.ਐੱਸ. ਨਗਰ, 17 ਫਰਵਰੀ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਹੋਈ। ਸਮੁੱਚੇ ਪੰਜਾਬ ਵਿੱਚ ਅੱਠਵੀਂ ਜਮਾਤ ਦੀ ਅੰਗਰੇਜ਼ੀ ਅਤੇ ਬਾਰ੍ਹਵੀਂ ਜਮਾਤ ਦੀ ਗ੍ਰਹਿ ਵਿਗਿਆਨ ਦੀ ਪ੍ਰੀਖਿਆ ਬਿਨਾਂ ਕਿਸੇ ਰੁਕਾਵਟ ਦੇ ਸਫਲਤਾਪੂਰਵਕ ਸੰਪੰਨ ਹੋਈ।
ਬੋਰਡ ਅਧਿਕਾਰੀਆਂ ਅਨੁਸਾਰ ਅੱਠਵੀਂ ਜਮਾਤ ਦੇ ਅੰਗਰੇਜ਼ੀ ਵਿਸ਼ੇ ਲਈ 2,77,344 ਅਤੇ ਬਾਰ੍ਹਵੀਂ ਜਮਾਤ ਦੇ ਗ੍ਰਹਿ ਵਿਗਿਆਨ ਵਿਸ਼ੇ ਲਈ 3,982 ਵਿਦਿਆਰਥੀਆਂ ਨੇ ਪ੍ਰੀਖਿਆ ਵਿੱਚ ਹਾਜ਼ਰੀ ਭਰੀ। ਇਨ੍ਹਾਂ ਪ੍ਰੀਖਿਆਵਾਂ ਦੇ ਸੁਚਾਰੂ ਆਯੋਜਨ ਲਈ ਰਾਜ ਭਰ ਵਿੱਚ ਕੁੱਲ 2,312 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਸਨ।
ਪ੍ਰੀਖਿਆਵਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਹਰ ਕੇਂਦਰ ‘ਤੇ ਨਿਗਰਾਨ ਅਧਿਕਾਰੀ ਤਾਇਨਾਤ ਸਨ ਅਤੇ ਪ੍ਰੀਖਿਆ ਸਮੱਗਰੀ ਦੀ ਸੁਰੱਖਿਅਤ ਆਵਾਜਾਈ ਨੂੰ MATQ ਐਪ ਰਾਹੀਂ ਟ੍ਰੈਕ ਕਰਕੇ ਪੂਰੀ ਪ੍ਰਕਿਰਿਆ ‘ਤੇ ਨਿਗਰਾਨੀ ਰੱਖੀ ਗਈ। ਸਾਰੇ ਕੇਂਦਰਾਂ ‘ਤੇ ਅਨੁਸ਼ਾਸਨ ਸੰਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ। ਬੋਰਡ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਪ੍ਰੀਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਅਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਵੀ ਲਾਗੂ ਕੀਤੀ ਗਈ।
ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਆਉਣ ਵਾਲੀਆਂ ਪ੍ਰੀਖਿਆਵਾਂ ਵੀ ਇਸੇ ਤਰ੍ਹਾਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣਗੀਆਂ ਤਾਂ ਜੋ ਵਿਦਿਆਰਥੀਆਂ ਨੂੰ ਨਿਰਪੱਖ ਅਤੇ ਭਰੋਸੇਯੋਗ ਪ੍ਰੀਖਿਆ ਮਾਹੌਲ ਪ੍ਰਦਾਨ ਕੀਤਾ ਜਾ ਸਕੇ।