
ਚੰਡੀਗੜ੍ਹ, 7 ਮਾਰਚ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ਨੀਵਾਰ ਨੂੰ ਸੀਬੀਆਈ ਨੂੰ ਵੱਡਾ ਝਟਕਾ ਦਿੰਦਿਆਂ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਦੇ ਸਬੰਧ ਵਿੱਚ ਬਰੀ ਕਰ ਦਿੱਤਾ ਹੈ।
ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਵਿਕਰਮ ਅਗਰਵਾਲ ਦੀ ਡਿਵੀਜ਼ਨ ਬੈਂਚ ਨੇ ਡੇਰਾ ਮੁਖੀ ਦੀ ਅਪੀਲ ਨੂੰ ਮਨਜ਼ੂਰ ਕਰਦੇ ਹੋਏ ਇਹ ਹੁਕਮ ਸੁਣਾਏ। ਹਾਲਾਂਕਿ, ਬੈਂਚ ਨੇ ਇਸ ਮਾਮਲੇ ਵਿੱਚ ਤਿੰਨ ਹੋਰ ਮੁਲਜ਼ਮਾਂ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ।
ਮਰਹੂਮ ਪੱਤਰਕਾਰ ਛੱਤਰਪਤੀ ਦੇ ਪੁੱਤਰ ਅੰਸ਼ੁਲ ਛੱਤਰਪਤੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਾਨੂੰ ਧੱਕਾ ਲੱਗਿਆ ਹੈ ਅਤੇ ਉਹ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਗੇ।
ਦੱਸਣਯੋਗ ਹੈ ਕਿ 17 ਜਨਵਰੀ, 2019 ਨੂੰ, ਵਿਸ਼ੇਸ਼ ਸੀਬੀਆਈ ਅਦਾਲਤ ਪੰਚਕੂਲਾ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਤਿੰਨ ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ਅਤੇ 50,000 ਰੁਪਏ ਦਾ ਜੁਰਮਾਨਾ ਲਗਾਇਆ ਸੀ। ਉਨ੍ਹਾਂ ਨੂੰ 2002 ਵਿੱਚ ਸਿਰਸਾ ਸਥਿਤ ਇਕ ਅਖਬਾਰ ਦੇ ਸੰਪਾਦਕ ਅਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਕਤਲ ਲਈ ਸਜ਼ਾ ਸੁਣਾਈ ਗਈ ਸੀ।
ਡੇਰਾ ਮੁਖੀ ਅਗਸਤ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ ਜਦੋਂ ਉਸਨੂੰ ਦੋ ਮਹਿਲਾ ਸ਼ਰਧਾਲੂਆਂ ਨਾਲ ਬਲਾਤਕਾਰ ਦੇ ਦੋਸ਼ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ।