Breaking News
Dashmesh GS Electricals Verka Smart Media Insurance Point Tav Prasad

ਹੁਣ ਬੇਅਦਬੀ ਕਰਨ ‘ਤੇ ਹੋਵੇਗੀ ਉਮਰ ਕੈਦ ਦੀ ਸਜ਼ਾ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ

ਪਿਛਲੀਆਂ ਸਰਕਾਰਾਂ ਨੇ ਜਾਣ-ਬੁੱਝ ਕੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਕਮੀਆਂ ਰੱਖੀਆਂ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਵਜੋਂ ਅੱਜ ਸਰਬਸੰਮਤੀ ਨਾਲ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਪਾਸ ਕਰ ਦਿੱਤਾ, ਜਿਸ ਨਾਲ ਗੁਰੂ ਸਾਹਿਬ ਦੀ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਇਸ ਫੈਸਲਾਕੁੰਨ ਕਦਮ ਤਹਿਤ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਲਈ ਉਮਰ ਕੈਦ ਦੀ ਸਜ਼ਾ ਦੀ ਵਿਵਸਥਾ ਕੀਤੀ ਹੈ, ਜਿਸ ਨਾਲ ਬੇਅਦਬੀ ਨਾਲ ਨਜਿੱਠਣ ਲਈ ਦੇਸ਼ ਦੇ ਸਭ ਤੋਂ ਸਖ਼ਤ ਕਾਨੂੰਨਾਂ ਵਿੱਚੋਂ ਇਕ ਬਣਾਇਆ ਗਿਆ ਹੈ।

ਇਸ ਕਾਨੂੰਨ ਨੂੰ ਪਿਛਲੀਆਂ ਸਰਕਾਰਾਂ ਦੀਆਂ ਨਾਕਾਮੀਆਂ ਵਿੱਚ ਇਤਿਹਾਸਕ ਸੁਧਾਰ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਪੁਸ਼ਟੀ ਕੀਤੀ ਕਿ ਨਵਾਂ ਕਾਨੂੰਨ ਪਿਛਲੀਆਂ ਸਰਕਾਰਾਂ ਦੀਆਂ ਕਮੀਆਂ ਨੂੰ ਦੂਰ ਕਰਨ ਦੇ ਨਾਲ-ਨਾਲ ਤੇਜ਼ੀ ਨਾਲ ਜਾਂਚ ਯਕੀਨੀ ਬਣਾਉਂਦਾ ਹੈ, ਅਪਰਾਧਾਂ ਨੂੰ ਗੈਰ-ਜ਼ਮਾਨਤੀ ਬਣਾਉਂਦਾ ਹੈ ਅਤੇ ਪੰਜ ਸਾਲ ਤੋਂ ਲੈ ਕੇ ਉਮਰ ਕੈਦ ਤੱਕ ਸਖ਼ਤ ਸਜ਼ਾਵਾਂ ਦੇ ਨਾਲ-ਨਾਲ 20 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਕਰਦਾ ਹੈ, ਜਦੋਂ ਕਿ ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਜਵਾਬਦੇਹ ਬਣਾਉਂਦਾ ਹੈ।

ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਅਕਾਲੀ-ਭਾਜਪਾ ਅਤੇ ਕਾਂਗਰਸ ਗੁਰੂ ਸਾਹਿਬ ਦੇ ਨਾਮ ‘ਤੇ ਵੋਟਾਂ ਮੰਗਦੇ ਸਨ, ਉੱਥੇ ਇਹ ‘ਆਪ’ ਸਰਕਾਰ ਹੈ, ਜਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਠੋਸ ਕਦਮ ਚੁੱਕੇ ਹਨ ਅਤੇ ਇਹ ਯਕੀਨੀ ਬਣਾਇਆ ਹੈ ਕਿ ਕੋਈ ਵੀ ਦੁਬਾਰਾ ਅਜਿਹੇ ਅਪਰਾਧ ਕਰਨ ਦੀ ਹਿੰਮਤ ਨਾ ਕਰੇ।

ਕਾਨੂੰਨ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ੍ਰੀ ਗੁਰੂ ਗ੍ਰੰਥ ਸਾਹਿਬ ਪੰਜਾਬ ਵਿੱਚ ਸੁਰੱਖਿਅਤ ਨਹੀਂ ਤਾਂ ਫਿਰ ਹੋਰ ਕਿਤੇ ਨਹੀਂ ਹੋ ਸਕਦੇ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਹ ਐਕਟ ਬੇਅਦਬੀਆਂ ਨੂੰ ਰੋਕਣ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਸ਼ਵਵਿਆਪੀ ਭਾਈਚਾਰੇ, ਧਰਮ ਨਿਰਪੱਖਤਾ ਅਤੇ ਸਮਾਜਵਾਦੀ ਕਦਰਾਂ-ਕੀਮਤਾਂ ਦਾ ਖ਼ਜ਼ਾਨਾ ਹਨ, ਜਿਨ੍ਹਾਂ ਤੋਂ ਮਨੁੱਖਤਾ ਨੂੰ ਸੇਧ ਮਿਲਦੀ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਧਿਆਤਮਿਕ ਮਹੱਤਵ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਰੋਜ਼ਾਨਾ ਜੀਵਨ ਵਿੱਚ ਪ੍ਰੇਰਨਾ, ਮਾਰਗਦਰਸ਼ਨ ਅਤੇ ਸ਼ਾਂਤੀ ਦਾ ਸਦੀਵੀ ਸਰੋਤ ਹਨ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਸਾਨੂੰ ਹਮੇਸ਼ਾ ਧਰਮ ਅਤੇ ਸੱਚ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕੀਤਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੇ ਸਾਨੂੰ ਕੁਰਬਾਨੀ ਦੇਣ ਅਤੇ ਦੂਜਿਆਂ ਨੂੰ ਮਾਫ਼ ਕਰਨਾ ਸਿਖਾਇਆ ਹੈ ਅਤੇ ਸਾਡੇ ਵਿੱਚ ਪਿਆਰ, ਸਹਿਣਸ਼ੀਲਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਪੈਦਾ ਕੀਤੀਆਂ ਹਨ। ਸਾਡੇ ਵਿੱਚੋਂ ਹਰ ਕਿਸੇ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਪ੍ਰੇਰਨਾ ਲਈ ਹੈ, ਜੋ ਸਾਨੂੰ ਨਿੱਤਨੇਮ ਨਾਲ ਸਮਾਨਤਾ, ਹੱਕ-ਸੱਚ, ਧਰਮ ਅਤੇ ਇਨਸਾਫ਼ ਦੇ ਮਾਰਗ ‘ਤੇ ਚੱਲਣ ਲਈ ਹਮੇਸ਼ਾ ਪ੍ਰੇਰਿਤ ਕਰਦੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਨੀਆ ਦਾ ਇੱਕ ਵਿਲੱਖਣ ਧਾਰਮਿਕ ਗ੍ਰੰਥ ਹੈ ਜਿਸ ਵਿੱਚ ਨਾ ਸਿਰਫ਼ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਹਨ, ਸਗੋਂ ਹਿੰਦੂ ਸ਼ਰਧਾਲੂਆਂ, ਮੁਸਲਿਮ ਸੰਤਾਂ ਅਤੇ ਸੂਫ਼ੀ ਸੰਤਾਂ ਦੇ ਭਜਨ ਸਮੋਏ ਹੋਏ ਹਨ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਗੱਦੀ ਦੇ ਕੇ ਸਾਡੇ ਸਦੀਵੀ ਗੁਰੂ ਵਜੋਂ ਮਾਨਤਾ ਦਿੱਤੀ। ‘ਸ਼ਬਦ ਗੁਰੂ’ ਦੀ ਧਾਰਨਾ ਸਾਡੇ ਜੀਵਨ ਵਿੱਚ ਅਤਿ ਮਹੱਤਵ ਰੱਖਦੀ ਹੈ ਕਿਉਂਕਿ ਹਰ ਸਿੱਖ ਦੇ ਜੀਵਨ ਵਿੱਚ ਜਨਮ ਅਤੇ ਵਿਆਹ ਤੋਂ ਲੈ ਕੇ ਮੌਤ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਸੇਧ ਅਤੇ ਸਮਰੱਥਾ ਦੀ ਬਖ਼ਸਿਸ਼ ਮੰਗੀ ਜਾਂਦੀ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਬੜੇ ਅਫ਼ਸੋਸ ਦੀ ਗੱਲ ਹੈ ਕਿ ਪਹਿਲਾਂ ਕਾਨੂੰਨਾਂ ਨੂੰ ਵਡੇਰੇ ਜਨਤਕ ਹਿੱਤਾਂ ਦੀ ਥਾਂ ਰਾਜਨੀਤਿਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਜਾਂਦਾ ਸੀ। ਇਹ ਐਕਟ ਇਹ ਯਕੀਨੀ ਬਣਾਏਗਾ ਕਿ ਜੋ ਵੀ ਬੇਅਦਬੀ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੈ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਨ੍ਹਾਂ ਦੀਆਂ ਆਉਣ ਵਾਲੀਆਂ ਪੁਸ਼ਤਾਂ ਵੀ ਆਪਣੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਗਈ ਸਜ਼ਾ ਨੂੰ ਯਾਦ ਰੱਖਣਗੀਆਂ। ਉਨ੍ਹਾਂ ਕਿਹਾ ਕਿ ਰਾਜ ਵਿਧਾਨ ਸਭਾ ਦੁਆਰਾ ਪਾਸ ਹੋਣ ਤੋਂ ਬਾਅਦ ਬਿੱਲ ਨੂੰ ਸੂਬੇ ਦੇ ਰਾਜਪਾਲ ਕੋਲ ਭੇਜਿਆ ਜਾਵੇਗਾ। ਜੇਕਰ ਰਾਜਪਾਲ ਜੀ ਨੂੰ ਸਮਾਂ ਲੱਗਦਾ ਹੈ ਤਾਂ ਉਹ ਖੁਦ ਉਨ੍ਹਾਂ ਨੂੰ ਮਿਲਣਗੇ ਅਤੇ ਉਨ੍ਹਾਂ ਨੂੰ ਤੁਰੰਤ ਬਿੱਲ ਨੂੰ ਮਨਜ਼ੂਰੀ ਦੇਣ ਲਈ ਅਪੀਲ ਕਰਨਗੇ। ਉਨ੍ਹਾਂ ਕਿਹਾ, “ਇਹ ਬੇਹੱਦ ਮੰਦਭਾਗਾ ਹੈ ਕਿ ਪੁਰਾਣੇ ਕਾਨੂੰਨਾਂ ਵਿੱਚ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਚਾਰ ਵਾਰ ਸੋਧਾਂ ਕਰਨ ਦੇ ਬਾਵਜੂਦ ਇਸ ਗੈਰ-ਮਾਨਵੀ ਅਪਰਾਧ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਵਾਲਿਆਂ ਵੱਲੋਂ ਕਈ ਕਮੀਆਂ ਛੱਡੀਆਂ ਗਈਆਂ। ਇਹ ਪੰਜਵੀਂ ਸੋਧ ਅੰਤਿਮ ਹੋਵੇਗੀ ਅਤੇ ਸਾਡੇ ਸਦੀਵੀ ਗੁਰੂ ਸਾਹਿਬ ਦਾ ਨਿਰਾਦਰ ਕਰਨ ਦੇ ਉਦੇਸ਼ ਨਾਲ ਕੀਤੀਆਂ ਗਤੀਵਿਧੀਆਂ ‘ਤੇ ਪੂਰਨ ਰੋਕ ਲਗਾਏਗੀ। ਬਦਕਿਸਮਤੀ ਨਾਲ ਕੁਝ ਪੱਥਰ ਦਿਲ ਲੋਕ ਗਿਆਨ ਦੇ ਇਸ ਸੋਮੇ ਦਾ ਨਿਰਾਦਰ ਕਰਦੇ ਹਨ ਜੋ ਬਰਦਾਸ਼ਤਯੋਗ ਨਹੀਂ ਹੈ।”

ਬਿਲ ਦੇ ਉਪਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ, 2008 ਵਿੱਚ ਸੋਧ ਕਰਕੇ ਹੁਣ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ, 2026 ਬਣਾਇਆ ਗਿਆ ਹੈ ਤਾਂ ਜੋ ਫਿਰਕੂ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਦੀਆਂ ਤੰਦਾਂ ਨੂੰ ਮਜ਼ਬੂਤ ਕੀਤਾ ਜਾ ਸਕੇ ਅਤੇ ਬੇਅਦਬੀ ਦੀਆਂ ਨਾਪਾਕ ਕੋਸ਼ਿਸ਼ਾਂ ਲਈ ਉਮਰ ਕੈਦ ਸਮੇਤ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ। ਉਨ੍ਹਾਂ ਕਿਹਾ, “ਬੇਅਦਬੀ ਦੇ ਮਾਮਲਿਆਂ ਦੀ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਜਾਂਚ ਯਕੀਨੀ ਬਣਾਉਣ ਲਈ ਵਿਵਸਥਾ ਕੀਤੀ ਗਈ ਹੈ (ਧਾਰਾ 4ਏ) ਅਤੇ ਇਸ ਕਾਨੂੰਨ ਅਧੀਨ ਅਪਰਾਧ ਗੈਰ-ਜ਼ਮਾਨਤੀ ਹੋਵੇਗਾ ਅਤੇ ਇਸ ਸਬੰਧੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ (ਧਾਰਾ 4ਬੀ)। ਐਕਟ ਮੁਤਾਬਕ ਸਜ਼ਾਵਾਂ ਵਿੱਚ ਵਾਧਾ ਕੀਤਾ ਗਿਆ ਹੈ ਜਿਸ ਤਹਿਤ 20 ਲੱਖ ਰੁਪਏ ਤੱਕ ਜੁਰਮਾਨਾ ਅਤੇ ਉਮਰ ਕੈਦ ਤੱਕ ਦੀ ਸਜਾ ਸ਼ਾਮਲ ਹੈ (ਧਾਰਾ 5)। ਅਪਰਾਧਾਂ ਨੂੰ ਪੰਜ ਕਿਸਮਾਂ ਵਿੱਚ ਸ਼੍ਰੇਣੀਬੱਧ ਕੀਤਾ ਗਿਆ ਹੈ ਕਿਉਂਕਿ ਐਕਟ ਦੇ ਉਪਬੰਧਾਂ ਦੀ ਉਲੰਘਣਾ ਕਰਨ ‘ਤੇ 5 ਸਾਲ ਤੱਕ ਦੀ ਕੈਦ ਅਤੇ 10 ਲੱਖ ਰੁਪਏ ਦਾ ਜੁਰਮਾਨਾ ਕੀਤਾ ਜਾਵੇਗਾ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਵਿੱਤਰ ਗ੍ਰੰਥ ਦੀ ਬੇਅਦਬੀ ਕਰਨ ‘ਤੇ 7 ਤੋਂ 20 ਸਾਲ ਦੀ ਕੈਦ ਅਤੇ 2 ਤੋਂ 10 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਇਸ ਦੇ ਨਾਲ ਹੀ ਸਮਾਜਿਕ ਜਾਂ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਬੇਅਦਬੀ ਕਰਨ ‘ਤੇ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਅਤੇ 5 ਤੋਂ 25 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਬੇਅਦਬੀ ਵਿੱਚ ਸਹਾਇਤਾ ਕਰਨ ਵਾਲਿਆਂ ਨੂੰ ਵੀ ਬਰਾਬਰ ਸਜ਼ਾ ਮਿਲੇਗੀ ਅਤੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ‘ਤੇ 3 ਤੋਂ 5 ਸਾਲ ਦੀ ਕੈਦ ਅਤੇ 1-3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਇਹ ਪ੍ਰਸਤਾਵਿਤ ਕਾਨੂੰਨ ਅਜਿਹੀਆਂ ਅਣਮਨੁੱਖੀ ਗਤੀਵਿਧੀਆਂ ‘ਤੇ ਰੋਕ ਲਗਾਉਣ ਦਾ ਕੰਮ ਕਰੇਗਾ ਅਤੇ ਸੂਬੇ ਵਿੱਚ ਸ਼ਾਂਤੀ, ਭਾਈਚਾਰਕ ਸਾਂਝ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਬਰਕਰਾਰ ਰੱਖਣ ਵਿੱਚ ਮਦਦ ਕਰੇਗਾ।”

ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਬੇਹੱਦ ਸੁਭਾਗਾ ਮਹਿਸੂਸ ਕਰਦੇ ਹਨ ਕਿ ਸਾਰੇ ਪਵਿੱਤਰ ਧਾਰਮਿਕ ਗ੍ਰੰਥਾਂ ਪ੍ਰਤੀ ਸ਼ਰਧਾ ਅਤੇ ਸਤਿਕਾਰ ਵਜੋਂ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚ ਵੱਖ-ਵੱਖ ਧਰਮਾਂ ਦੇ ਧਾਰਮਿਕ ਗ੍ਰੰਥਾਂ ਦੇ ਪਾਵਨ ਸਰੂਪਾਂ ਨੂੰ ਲਿਜਾਣ ਲਈ ਵਿਸ਼ੇਸ਼ ਤੌਰ ‘ਤੇ ਡਿਜ਼ਾਈਨ ਕੀਤੇ ਵਾਹਨਾਂ ਨੂੰ ਮੋਟਰ ਵਾਹਨ ਟੈਕਸ (ਐਮਵੀਟੀ) ਤੋਂ ਛੋਟ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।”

ਅੰਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੇਰੇ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਸੀ ਕਿ ਇਹ ਜਸ਼ਨ ਮੇਰੇ ਕਾਰਜਕਾਲ ਦੌਰਾਨ ਮਨਾਏ ਜਾ ਰਹੇ ਸਨ। ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਹ ਜਸ਼ਨ ਪੂਰੇ ਧਾਰਮਿਕ ਜੋਸ਼ ਅਤੇ ਉਤਸ਼ਾਹ ਨਾਲ ਮਨਾਏ ਜਾਣ। ਉਨ੍ਹਾਂ ਨੇ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਜਸ਼ਨਾਂ ਦੀ ਰੂਪਰੇਖਾ ਅਤੇ ਪ੍ਰੋਗਰਾਮਾਂ ਨੂੰ ਅੰਤਮ ਰੂਪ ਦੇਣ ਲਈ ਆਪਣੇ ਸੁਝਾਅ ਦੇ ਕੇ ਸੂਬੇ ਦੀ ਅਗਵਾਈ ਕਰਨ।”

Leave a Reply

Your email address will not be published. Required fields are marked *