
ਵਾਰਡ ਨੰ: 39 ਤੋਂ ਸ਼ਰਨਜੀਤ ਕੌਰ ਨੂੰ ਟਿਕਟ ਦੇਣ ਦੀ ਕਰਾਂਗੇ ਜ਼ੋਰਦਾਰ ਸਿਫਾਰਿਸ਼: ਵਿਧਾਇਕ ਕੁਲਵੰਤ ਸਿੰਘ
ਕਿਹਾ, ਨਿਗਮ ਚੋਣਾਂ ਲਈ ਅੰਤਿਮ ਸੂਚੀ ਕੱਲ ਸਵੇਰੇ 11 ਵਜੇ ਤੱਕ ਹੋਵੇਗੀ ਜਾਰੀ
ਮੋਹਾਲੀ 13 ਮਈ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੇ ਸਵਾ ਚਾਰ ਸਾਲ ਦੀ ਕਾਰਗੁਜ਼ਾਰੀ ਦੇ ਆਧਾਰ ਤੇ ਪੰਜਾਬ ਦੇ ਲੋਕੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਅਤੇ ਆਮ ਆਦਮੀ ਪਾਰਟੀ ਪਰਿਵਾਰ ਵਿੱਚ ਵਾਧਾ ਹੋ ਰਿਹਾ ਹੈ ਅਤੇ ਇਹ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਇਹ ਗੱਲ ਵਿਧਾਇਕ ਕੁਲਵੰਤ ਸਿੰਘ ਨੇ ਸੈਕਟਰ -79 ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਹੀ, ਭਾਜਪਾ ਨੇਤਾ ਰੁਪਿੰਦਰ ਸਿੰਘ ਰੂਪਾ ਸੋਹਾਣਾ ਦੀ ਪਤਨੀ ਸ਼ਰਨਜੀਤ ਕੌਰ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਹਨਾਂ ਦੇ ਨਾਲ ਆਮ ਆਦਮੀ ਪਾਰਟੀ ਦਾ ਪੱਲਾ ਫੜਨ ਵਾਲਿਆਂ ਦੇ ਵਿੱਚ ਯੂਥ ਨੇਤਾ -ਰੂਬਲ ਸੁਹਾਣਾ, ਜਗਜੋਤ ਸਿੰਘ, ਰਮਨਦੀਪ ਸਿੰਘ, ਗੁਰਦੀਪ ਸਿੰਘ, ਨਮਨਪ੍ਰੀਤ ਸਿੰਘ, ਹਰਸ਼ਦੀਪ ਸਿੰਘ, ਗੌਰਵ ਵਰਮਾ ਵੀ ਸ਼ਾਮਿਲ ਹਨ।
ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸ਼ਰਨਜੀਤ ਕੌਰ ਸੁਹਾਣਾ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਹਮੇਸ਼ਾ ਮੋਹਰੀ ਭੂਮਿਕਾ ਨਿਭਾਉਂਦਾ ਰਿਹਾ ਹੈ। ਅਤੇ ਇਸ ਪਰਿਵਾਰ ਨੂੰ ਇਹ ਪੂਰਾ ਯਕੀਨ ਦਿਵਾਉਂਦੇ ਹਾਂ ਕਿ ਇਹਨਾਂ ਦੇ ਮਾਨ-ਸਤਿਕਾਰ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਮੈਂ ਆਪਣੇ ਵੱਲੋਂ ਪਾਰਟੀ ਹਾਈ ਕਮਾਂਡ ਨੂੰ ਸ਼ਰਨਜੀਤ ਕੌਰ ਨੂੰ ਵਾਰਡ ਨੰਬਰ -39 ਤੋਂ ਨਗਰ ਨਿਗਮ ਚੋਣਾਂ ਲਈ ਟਿਕਟ ਦੇਣ ਦੀ ਜੋਰਦਾਰ ਸਿਫਾਰਿਸ਼ ਕੀਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਤੁਸੀਂ ਸਭ ਜਾਣਦੇ ਹੋ ਕਿ ਪਿਛਲੇ ਕੁਝ ਦਿਨਾਂ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਕਤਾਰ ਲੰਮੀ ਹੋ ਗਈ ਹੈ ਅਤੇ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕੀ ਇਹ ਚੰਗੀ ਤਰ੍ਹਾਂ ਸਮਝ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਅਤੇ ਸਮਰਥਕ ਤੱਕ ਪੂਰੀ ਇਮਾਨਦਾਰੀ ਨਾਲ ਪੰਜਾਬ ਦੀ ਬਿਹਤਰੀ ਲਈ ਕੰਮ ਕਰ ਰਿਹਾ ਹੈ।
ਪੱਤਰਕਾਰਾਂ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਕਾਫੀ ਘੁਟਨ ਮਹਿਸੂਸ ਕਰ ਰਹੇ ਸਨ, ਅਤੇ ਆਉਣ ਵਾਲੇ ਦਿਨਾਂ ਵਿੱਚ ਕਾਂਗਰਸ ਪਾਰਟੀ ਦੇ ਸਾਬਕਾ ਕੌਂਸਲਰ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਸਕਦੇ ਹਨ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਕੱਲ ਸਵੇਰੇ 11 ਵਜੇ ਤੱਕ ਨਗਰ ਨਿਗਮ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਲੋਕੀ ਵੱਡੇ ਅੰਤਰ ਨਾਲ ਜਿਤਾਉਣ ਦੇ ਲਈ ਤਿਆਰੀ ਕਰੀ ਬੈਠੇ ਹਨ।
ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਸਿੱਧ ਸਮਾਜ ਸੇਵੀ- ਸ਼ਰਨਜੀਤ ਕੌਰ ਸੁਹਾਣਾ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਦੇ ਲਈ ਕੰਮ ਕਰਨਗੇ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਾਂ ਰਹਿੰਦੇ ਹੱਲ ਕਰਨ ਦੇ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਗੱਲਬਾਤ ਦੌਰਾਨ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਸੁਹਾਣਾ ਨੇ ਕਿਹਾ ਕਿ ਵਿਧਾਇਕ ਕੁਲਵੰਤ ਸਿੰਘ ਵੱਲੋਂ ਜਿਸ ਤਰ੍ਹਾਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਢੁਕਵਾਂ ਹੱਲ ਕੀਤਾ ਜਾਂਦਾ ਹੈ ਅਤੇ ਸਮਾਜ ਦੇ ਹਰ ਵਰਗ ਲਈ ਲੋਕ ਪੱਖੀ ਸਕੀਮਾਂ ਨੂੰ ਲਾਗੂ ਕਰਨ ਦੇ ਲਈ ਦਿਨ- ਰਾਤ ਜੁੜੇ ਰਹਿੰਦੇ ਹਨ, ਇਸ ਗੱਲ ਤੋਂ ਪੂਰਾ ਹਲਕਾ ਭਲੀਭਾਂਤ ਵਾਕਿਫ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ।
ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਅਤੇ ਯੂਥ ਨੇਤਾ ਸਰਬਜੀਤ ਸਿੰਘ ਸਮਾਣਾ, ਸੁਰਿੰਦਰ ਸਿੰਘ ਰੋਡਾ ਸੁਹਾਣਾ- ਸਾਬਕਾ ਕੌਂਸਲਰ ਵੀ ਹਾਜ਼ਰ ਸਨ।