Breaking News
Dashmesh GS Electricals Smart Media Insurance Point Tav Prasad

ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇਗੀ ਪੰਜਾਬ ‘ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: CEO ਅਨਿੰਦਿਤਾ ਮਿਤਰਾ

ਕਿਹਾ, ਭਾਰਤੀ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਵੋਟਰ ਸੂਚੀਆਂ ਦੀ SIR ਸਬੰਧੀ ਨੋਟੀਫਿਕੇਸ਼ਨ ਜਾਰੀ

25 ਜੂਨ ਤੋਂ 24 ਜੁਲਾਈ, 2026 ਤੱਕ ਘਰ-ਘਰ ਜਾ ਕੇ ਬੀਐਲਓਜ਼ ਭਰਵਾਉਣਗੇ ਫਾਰਮ

ਚੰਡੀਗੜ੍ਹ, 14 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਸੂਬੇ ਦੇ 2 ਕਰੋੜ 14 ਲੱਖ 57 ਹਜ਼ਾਰ 160 ਵੋਟਰਾਂ ਵਿੱਚੋਂ 1 ਕਰੋੜ 79 ਲੱਖ 56 ਹਜ਼ਾਰ 656 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 83.69 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਦਿਹਾਤੀ ਇਲਾਕਿਆਂ ਵਿੱਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ।

ਮੁੱਖ ਚੋਣ ਅਫ਼ਸਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਉਹ ਕੱਲ ਮਿਤੀ 15-05-2026 ਨੂੰ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਨਗੇ ਅਤੇ ਐਸ.ਆਈ.ਆਰ. ਸਬੰਧੀ ਸਮੁੱਚੀ ਜਾਣਕਾਰੀ ਦੇਣਗੇ।

Leave a Reply

Your email address will not be published. Required fields are marked *