
ਕਿਹਾ, ਕਿਸਾਨ ਹੁਣ ਪੌਪਲਰ, ਬਾਂਸ, ਜਾਮਣ, ਲੈਮਨਗ੍ਰਾਸ, ਲਸਣ, ਹਾਈਬ੍ਰਿਡ ਟਮਾਟਰ ਅਤੇ ਡਰੈਗਨ ਫਰੂਟ ਵਰਗੀਆਂ ਫ਼ਸਲਾਂ ਲਈ ਵੀ ਕਰਜ਼ਾ ਲੈ ਸਕਣਗੇ
ਚੰਡੀਗੜ੍ਹ; 2 ਜੂਨ, ਪੰਜਾਬੀ ਦੁਨੀਆ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਕ੍ਰੈਡਿਟ ਕਾਰਡ (ਕੇ.ਸੀ.ਸੀ.) ਪ੍ਰਣਾਲੀ ਵਿੱਚ ਇਤਿਹਾਸਕ ਸੁਧਾਰ ਕੀਤਾ ਹੈ। ਇਸ ਤਹਿਤ 26 ਸਾਲ ਪੁਰਾਣੇ ਉਸ ਢਾਂਚੇ ਨੂੰ ਬਦਲ ਦਿੱਤਾ ਗਿਆ ਹੈ ਜਿਸ ਨੇ ਕਿਸਾਨਾਂ ਨੂੰ ਲੰਮੇ ਸਮੇਂ ਤੋਂ ਨਾਕਾਫ਼ੀ ਸੰਸਥਾਗਤ ਕਰਜ਼ੇ ‘ਤੇ ਨਿਰਭਰ ਰਹਿਣ ਅਤੇ ਸ਼ਾਹੂਕਾਰਾਂ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਸੀ।
ਇਨ੍ਹਾਂ ਸੁਧਾਰਾਂ ਨੂੰ ਖੇਤੀਬਾੜੀ ਨੂੰ ਵਧੇਰੇ ਲਾਹੇਵੰਦ ਅਤੇ ਟਿਕਾਊ ਬਣਾਉਣ ਵੱਲ ਅਹਿਮ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਕੇ.ਸੀ.ਸੀ. ਢਾਂਚਾ ਕਿਸਾਨਾਂ ਦੇ ਹੱਥਾਂ ਵਿੱਚ ਵਧੇਰੇ ਪੈਸਾ ਸਿੱਧਾ ਪਹੁੰਚਾਏਗਾ, ਕਣਕ-ਝੋਨੇ ਦੇ ਚੱਕਰ ਤੋਂ ਬਾਹਰ ਫ਼ਸਲੀ ਵਿਭਿੰਨਤਾ ਨੂੰ ਤੇਜ਼ ਕਰੇਗਾ, ਸਹਿਕਾਰੀ ਕਰਜ਼ਾ ਸੰਸਥਾਵਾਂ ਨੂੰ ਮਜ਼ਬੂਤ ਕਰੇਗਾ ਅਤੇ ਕਿਸਾਨਾਂ ਨੂੰ ਕਰਜ਼ੇ ਦੇ ਜਾਲ ਵਿੱਚੋਂ ਕੱਢਣ ਵਿੱਚ ਮਦਦ ਕਰੇਗਾ। ਇਨ੍ਹਾਂ ਸੁਧਾਰਾਂ ਨਾਲ ਪੰਜਾਬ ਭਰ ਦੇ 13 ਲੱਖ ਤੋਂ ਵੱਧ ਕਿਸਾਨਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜਿਸ ਵਿੱਚ ਕਈ ਫ਼ਸਲਾਂ ਲਈ ਕਰਜ਼ਾ ਸਹਾਇਤਾ ਵਿੱਚ ਭਾਰੀ ਵਾਧਾ ਹੋਵੇਗਾ। ਇਸ ਵਿੱਚ ਬਾਗਬਾਨੀ ਫ਼ਸਲਾਂ ਵੀ ਸ਼ਾਮਲ ਹਨ, ਜਿੱਥੇ ਪਹਿਲਾਂ ਮਿਲਣ ਵਾਲੀ 32,000 ਰੁਪਏ ਪ੍ਰਤੀ ਏਕੜ ਦੀ ਇਕਸਾਰ ਹੱਦ ਦੇ ਮੁਕਾਬਲੇ ਹੁਣ ਕਰਜ਼ਾ 1.57 ਲੱਖ ਰੁਪਏ ਪ੍ਰਤੀ ਏਕੜ ਤੱਕ ਜਾ ਸਕਦਾ ਹੈ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਿਰਫ਼ ਕੋਈ ਨੀਤੀਗਤ ਬਦਲਾਅ ਨਹੀਂ ਹੈ, ਸਗੋਂ ਪੰਜਾਬ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੇ ਉਦੇਸ਼ ਨਾਲ ਲਿਆ ਗਿਆ ਇਤਿਹਾਸਕ ਫੈਸਲਾ ਹੈ। ਅਸੀਂ ਲਾਲ ਫ਼ੀਤਾਸ਼ਾਹੀ ਨੂੰ ਖ਼ਤਮ ਕਰ ਦਿੱਤਾ ਹੈ, ਇਹ ਯਕੀਨੀ ਬਣਾਇਆ ਹੈ ਕਿ ਵਧੇਰੇ ਪੈਸਾ ਸਿੱਧਾ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਪਹੁੰਚੇ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਅਤੇ ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਲਈ ਅਸਰਦਾਰ ਢੰਗ ਨਾਲ ਕਿਸਾਨਾਂ ਦੀ ਸੇਵਾ ਕਰਨਾ ਆਸਾਨ ਬਣਾ ਦਿੱਤਾ ਹੈ।”
ਇਸ ਸੁਧਾਰ ਦੀ ਅਹਿਮੀਅਤ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੁਰਾਣੇ ਕੇ.ਸੀ.ਸੀ. ਸਿਸਟਮ ਨੂੰ ਬਦਲ ਕੇ 26 ਸਾਲਾਂ ਦੀ ਖੜ੍ਹੋਤ ਨੂੰ ਤੋੜਿਆ ਹੈ। ਉਨ੍ਹਾਂ ਕਿਹਾ, “ਦੋ ਦਹਾਕਿਆਂ ਤੋਂ ਵੱਧ ਪੁਰਾਣੇ ਤੇ ਗੁੰਝਲਦਾਰ ਕੇ.ਸੀ.ਸੀ ਢਾਂਚੇ ‘ਤੇ ਕਿਸਾਨੀ ਨੂੰ ਨਿਰਭਰ ਰਹਿਣ ਲਈ ਮਜਬੂਰ ਕੀਤਾ ਗਿਆ। ਪਿਛਲੀਆਂ ਸਰਕਾਰਾਂ ਨੇ ਇਸ ਸਥਿਤੀ ਨੂੰ ਸੁਧਾਰਨ ਦੀ ਬਜਾਏ ਜਿਉਂ ਦਾ ਤਿਉਂ ਰਹਿਣ ਦਿੱਤਾ। ਸਾਡੀ ਸਰਕਾਰ ਨੇ ਉਸ 26 ਸਾਲ ਪੁਰਾਣੇ ਸਿਸਟਮ ਨੂੰ ਬਦਲ ਕੇ ਪਾਰਦਰਸ਼ੀ, ਡਿਜੀਟਲ ਅਤੇ ਬਿਹਤਰੀਨ ਕਰਜ਼ਾ ਵਿਵਸਥਾ ਲਾਗੂ ਕੀਤੀ ਹੈ, ਜੋ ਕਿ ਆਧੁਨਿਕ ਖੇਤੀਬਾੜੀ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤੀ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੋਧੀ ਹੋਈ ਨੀਤੀ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਕਰਜ਼ਾ ਹੱਦ ਵਿੱਚ ਭਾਰੀ ਵਾਧਾ ਹੋਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੈਂਕ ਕਰਜ਼ਾ ਫ਼ਸਲ ਦੀ ਅਸਲ ਲਾਗਤ ਨੂੰ ਦਰਸਾਉਂਦਾ ਹੋਵੇ। ਉਨ੍ਹਾਂ ਕਿਹਾ, “ਅਸੀਂ ਕਣਕ ਲਈ ਕਰਜ਼ਾ ਹੱਦ 24,380 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 30,000 ਰੁਪਏ ਪ੍ਰਤੀ ਏਕੜ ਕਰ ਦਿੱਤੀ ਹੈ। ਇਸੇ ਤਰ੍ਹਾਂ ਝੋਨੇ ਲਈ 25,440 ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 39,000 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ। ਇਸ ਨਾਲ ਕਿਸਾਨਾਂ ਨੂੰ ਉਹ ਅਸਲ ਵਿੱਤੀ ਸਹਾਇਤਾ ਮਿਲੇਗੀ ਜਿਸ ਦੇ ਉਹ ਹੱਕਦਾਰ ਹਨ।”
ਮੁੱਖ ਮੰਤਰੀ ਨੇ ਕਿਹਾ ਕਿ ਕੇ.ਸੀ.ਸੀ. ਦੇ ਨਵੇਂ ਢਾਂਚੇ ਵਿੱਚ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਨੂੰ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣ ਕੇ ਪੰਜਾਬ, ਦੇਸ਼ ਭਰ ਵਿੱਚ ਮੋਹਰੀ ਸੂਬੇ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ, “ਝੋਨੇ ਦੀ ਸੋਧੀ ਹੋਈ 39,000 ਰੁਪਏ ਪ੍ਰਤੀ ਏਕੜ ਦੀ ਹੱਦ ਵਿੱਚੋਂ 2,000 ਰੁਪਏ ਪ੍ਰਤੀ ਏਕੜ ਵਿਸ਼ੇਸ਼ ਤੌਰ ‘ਤੇ ਫ਼ਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਰੱਖੇ ਗਏ ਹਨ। ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਵਿਸ਼ੇਸ਼ ਸਹਾਇਤਾ ਰਾਹੀਂ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਲਈ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਸੋਧੇ ਹੋਏ ਕੇ.ਸੀ.ਸੀ. ਢਾਂਚੇ ਨਾਲ ਫਸਲੀ ਵਿਭਿੰਨਤਾ ਨੂੰ ਵੀ ਹੁਲਾਰਾ ਮਿਲੇਗਾ ਅਤੇ ਸਹਾਇਕ ਖੇਤਰਾਂ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ, “ਅਸੀਂ ਕਿਸਾਨਾਂ ਨੂੰ ਉੱਚ-ਮੁੱਲ ਵਾਲੀਆਂ ਫਸਲਾਂ ਵੱਲ ਮੋੜਨ ਲਈ ਸਰਗਰਮੀ ਨਾਲ ਕਦਮ ਚੁੱਕ ਰਹੇ ਹਾਂ। ਪਹਿਲੀ ਵਾਰ, ਪੌਪਲਰ ਅਤੇ ਬਾਂਸ ਵਰਗੀਆਂ ਖੇਤੀਬਾੜੀ-ਜੰਗਲਾਤ ਫਸਲਾਂ ਦੇ ਨਾਲ ਨਾਲ ਜਾਮੁਨ ਵਰਗੀਆਂ ਖੇਤੀਬਾੜੀ-ਬਾਗਬਾਨੀ ਫਸਲਾਂ ਨੂੰ ਕਰਜ਼ਾ ਪ੍ਰਣਾਲੀ ਅਧੀਨ ਲਿਆਂਦਾ ਗਿਆ ਹੈ। ਅਸੀਂ ਲੈਮਨਗ੍ਰਾਸ ਲਈ ਵੀ ਕਰਜ਼ਾ ਹੱਦ ਲਿਆਂਦੀ ਹੈ, ਜਿਸ ਨਾਲ ਸ਼ਿਵਾਲਿਕ ਪਹਾੜੀਆਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ।”
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਈ ਉੱਭਰ ਰਹੇ ਅਤੇ ਪ੍ਰਗਤੀਸ਼ੀਲ ਖੇਤੀ ਸੈਕਟਰਾਂ ਨੂੰ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਕਿਹਾ, “ਪਹਿਲੀ ਵਾਰ, ਡਰੈਗਨ ਫਰੂਟ ਅਤੇ ਚੀਆ ਸੀਡ/ਕੁਇਨੋਆ ਵਰਗੀਆਂ ਫਸਲਾਂ ਨੂੰ ਕਰਜ਼ੇ ਦੇ ਦਾਇਰੇ ਅਧੀਨ ਲਿਆਂਦਾ ਗਿਆ ਹੈ। ਨੀਲੀ ਕ੍ਰਾਂਤੀ ਨੂੰ ਮਜ਼ਬੂਤ ਕਰਨ ਲਈ ਮੱਛੀ ਪਾਲਣ ਲਈ ਕਰਜ਼ਾ ਹੱਦ 2.5 ਲੱਖ ਰੁਪਏ ਪ੍ਰਤੀ ਹੈਕਟੇਅਰ ਤੋਂ ਵਧਾ ਕੇ 3 ਲੱਖ ਪ੍ਰਤੀ ਰੁਪਏ ਹੈਕਟੇਅਰ ਕਰ ਦਿੱਤੀ ਗਈ ਹੈ। ਚਿੱਟਾ ਝੀਂਗਾ ਉਤਪਾਦਕਾਂ ਨੂੰ ਹੁਣ ਪ੍ਰਤੀ ਹੈਕਟੇਅਰ 5.5 ਲੱਖ ਰੁਪਏ ਦੀ ਸਹਾਇਤਾ ਮਿਲੇਗੀ, ਜੋ ਪਹਿਲਾਂ 4.5 ਲੱਖ ਰੁਪਏ ਪ੍ਰਤੀ ਹੈਕਟੇਅਰ ਸੀ।”
ਨਵੀਂ ਕੇ.ਸੀ.ਸੀ. ਨੀਤੀ ਤਹਿਤ ਉਪਲਬਧ ਲਾਭਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਹੁਣ ਸੂਬਾ ਪੱਧਰੀ ਤਕਨੀਕੀ ਕਮੇਟੀ ਵੱਲੋਂ ਸਾਲਾਨਾ ਸਮੀਖਿਆਵਾਂ ਦੇ ਨਾਲ ਛੇ ਸਾਲਾ ਕੇ.ਸੀ.ਸੀ. ਮਨਜ਼ੂਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ, “ਅਸੀਂ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਬੀ-ਕੰਪੋਨੈਂਟ ਨੂੰ ਹੁਣ 40 ਫ਼ੀਸਦ ਤੋਂ ਵਧਾ ਕੇ 100 ਫ਼ੀਸਦ ਤੱਕ ਕੀਤਾ ਜਾ ਸਕਦਾ ਹੈ, ਜਿਸ ਨਾਲ ਕਿਸਾਨ ਬੀਜ, ਖਾਦ, ਪਸ਼ੂ ਚਾਰਾ, ਕਸਟਮ ਹਾਇਰਿੰਗ, ਪਰਾਲੀ ਪ੍ਰਬੰਧਨ, ਜ਼ਮੀਨ ਪੱਧਰੀ ਕਰਨ ਅਤੇ ਇੱਥੋਂ ਤੱਕ ਕਿ ਡਰੋਨ ਹਾਇਰਿੰਗ ਲਈ ਵੀ ਕਰਜ਼ਾ ਪ੍ਰਾਪਤ ਕਰ ਸਕਣਗੇ। ਮੁਕੰਮਲ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਅਤੇ ਵਿਚੋਲਿਆਂ ਨੂੰ ਖਤਮ ਕਰਨ ਲਈ, ਏ-ਕੰਪੋਨੈਂਟ ਹੁਣ ਸਿੱਧੇ ਕਿਸਾਨਾਂ ਦੇ ਬਚਤ ਖਾਤਿਆਂ ਵਿੱਚ ਜਮ੍ਹਾਂ ਕੀਤਾ ਜਾਵੇਗਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਢਾਂਚਾ ਕਿਸਾਨਾਂ ਲਈ ਡਿਜੀਟਲ ਸਹੂਲਤ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ, “ਅਸੀਂ ਹੌਲੀ-ਹੌਲੀ ਦਸਤੀ ਚੈੱਕ-ਅਧਾਰਤ ਪ੍ਰਕਿਰਿਆਵਾਂ ਤੋਂ ਦੂਰ ਜਾ ਰਹੇ ਹਾਂ। ਕਿਸਾਨ ਹੁਣ ਏ.ਟੀ.ਐਮ., ਯੂ.ਪੀ.ਆਈ. ਅਤੇ ਸੀ.ਬੀ.ਐਸ.-ਅਧਾਰਤ ਡਿਜੀਟਲ ਪ੍ਰਣਾਲੀਆਂ ਰਾਹੀਂ ਫੰਡ ਕਢਵਾ ਸਕਣਗੇ ਅਤੇ ਇਸ ਦਾ ਪ੍ਰਬੰਧਨ ਕਰ ਸਕਣਗੇ। ਜਿਹੜੇ ਲੋਕ ਕਰਜ਼ੇ ਦੀ ਅਦਾਇਗੀ ਲਈ ਆਨਲਾਈਨ ਅਤੇ ਡਿਜੀਟਲ ਤਰੀਕਿਆਂ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਬੈਂਕਾਂ ਤੋਂ ਵਿਸ਼ੇਸ਼ ਰਿਆਇਤਾਂ ਮਿਲਣਗੀਆਂ।”
ਇਸ ਪਹਿਲਕਦਮੀ ਨੂੰ ਕਿਸਾਨ ਭਾਈਚਾਰੇ ਦੀ ਚਿਰੋਕਣੀ ਮੰਗ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਨੇ ਕਿਸਾਨਾਂ ਦੀ ਸਮੁੱਚੀ ਸਥਿਤੀ ਨੂੰ ਸੁਧਾਰਨ ਵਿੱਚ ਮਦਦ ਕੀਤੀ ਹੈ ਜਿਸ ਨਾਲ ਖੇਤੀਬਾੜੀ ਆਰਥਿਕਤਾ ਨੂੰ ਹੋਰ ਮਜ਼ਬੂਤੀ ਮਿਲੇਗੀ।