
ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੇ ਫੀਡਬੈਕ ਉਪਰੰਤ ਵਿਆਪਕ ਪੇਪਰ ਮੁਲਾਂਕਣ ਸੁਧਾਰਾਂ ਦਾ ਐਲਾਨ
ਕੰਪੀਟੈਂਸੀ-ਅਧਾਰਤ ਪੇਪਰ, ਨਕਲ ਰੋਕਣ ਲਈ ਸਖ਼ਤ ਉਪਾਅ ਲਾਗੂ ਕੀਤੇ ਜਾਣਗੇ: ਹਰਜੋਤ ਬੈਂਸ
ਚੰਡੀਗੜ੍ਹ, 9 ਜੂਨ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿੱਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿੱਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ।
ਇਹ ਅਹਿਮ ਫੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਫੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ “ਸਿਤਾਰੇ ਜ਼ਮੀਨ ‘ਤੇ” ਦੌਰਾਨ ਕੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਅਤੇ ਇਸ ਸਮੇਂ ਗੱਲਬਾਤ ਦੌਰਾਨ, ਕੁਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ ‘ਤੇ ਮੈਰਿਟ ਸੂਚੀ ਵਿੱਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ। ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ।
ਸ. ਬੈਂਸ ਨੇ ਕਿਹਾ ਕਿ ਵਿਦਿਆਰਥੀ ਕੇਂਦਰਿਤ ਸਿੱਖਿਆ ਵੱਲ ਇਹ ਇੱਕ ਇਤਿਹਾਸਕ ਕਦਮ ਹੈ। ਟਾਪਰ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀ ਨੂੰ ਉਮਰ ਦੇ ਆਧਾਰ ‘ਤੇ ਘੱਟ ਰੈਂਕ ਨਹੀਂ ਦਿੱਤਾ ਜਾ ਸਕਦਾ। ਮੁੱਖ ਮੰਤਰੀ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਹੁਣ ਬਰਾਬਰ ਅੰਕਾਂ ਦਾ ਮਤਲਬ ਬਰਾਬਰ ਰੈਂਕ ਹੋਵੇਗਾ।
ਸ. ਬੈਂਸ ਨੇ ਕਿਹਾ ਕਿ ਰੈਂਕਿੰਗ ਵਿੱਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿੱਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ, ਜਿਸਦਾ ਉਦੇਸ਼ ਨਕਲ ਨੂੰ ਰੋਕਣਾ ਅਤੇ ਰੱਟਾ ਲਗਾਉਣ ਦੀ ਆਦਤ ਨੂੰ ਖ਼ਤਮ ਕਰਨਾ ਹੈ। ‘ਸਿਤਾਰੇ ਜ਼ਮੀਨ ‘ਤੇ’ ਦੌਰਾਨ ਵਿਦਿਆਰਥੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਮੌਜੂਦਾ ਪੇਪਰਾਂ ਵਿੱਚ ਗਿਆਨ ਦੀ ਬਜਾਇ ਰੱਟੇ ਨੂੰ ਜ਼ਿਆਦਾ ਮਹੱਤਵ ਦਿੱਤਾ ਜਾਂਦਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਸੀਂ ਵਿਸ਼ਾ ਮਾਹਿਰਾਂ ਵੱਲੋਂ ਨਿਰਧਾਰਤ ਕੰਪੀਟੈਂਸੀ-ਅਧਾਰਤ ਪ੍ਰਸ਼ਨ ਪੱਤਰਾਂ ਨੂੰ ਅਪਣਾ ਰਹੇ ਹਾਂ। ਵਿਦਿਆਰਥੀ ਦੀ ਸਮਝ, ਵਿਸ਼ਲੇਸ਼ਣਾਤਮਕ ਯੋਗਤਾ ਅਤੇ ਤਰਕ ਦੀ ਜਾਂਚ ਕਰਨ ‘ਤੇ ਧਿਆਨ ਕੇਂਦਰਤ ਕੀਤਾ ਜਾ ਰਿਹਾ ਹੈ, ਨਾ ਕਿ ਇਸ ‘ਤੇ ਕਿ ਉਹ ਕਿੰਨੀ ਚੰਗੀ ਤਰ੍ਹਾਂ ਰੱਟਾ ਲਗਾ ਸਕਦੇ ਹਨ। ਬਿਹਤਰ ਪ੍ਰਸ਼ਨ ਪੱਤਰਾਂ ਦਾ ਉਦੇਸ਼ ਨਕਲ ਦੀ ਗੁੰਜਾਇਸ਼ ਨੂੰ ਖ਼ਤਮ ਕਰਨਾ ਹੈ। ਜਦੋਂ ਪ੍ਰਸ਼ਨ ਰੱਟੇ ਦੀ ਬਜਾਇ ਸੋਚਣ ਦੀ ਸਮਰੱਥਾ ਨੂੰ ਪਰਖਦੇ ਹਨ ਤਾਂ ਪੇਪਰ ਲੀਕ ਅਤੇ ਨਕਲ ਦੀ ਗੁੰਜਾਇਸ਼ ਨਹੀਂ ਰਹਿੰਦੀ।”
ਸਿੱਖਿਆ ਮੰਤਰੀ ਨੇ ਕਿਹਾ, “ਵਿਦਿਆਰਥੀ ਸਾਡਾ ਭਵਿੱਖ ਹਨ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਨੀਤੀਆਂ ਵਿੱਚ ਤਰਜੀਹ ਦਿੱਤੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਹੁਣ ਪੜਾਅਵਾਰ ਢੰਗ ਨਾਲ ਰੱਟੇਬਾਜ਼ੀ ਦੇ ਚਿਰਾਂ ਤੋਂ ਪ੍ਰਚੱਲਿਤ ਰੁਝਾਨ ਨੂੰ ਬੰਦ ਕਰੇਗਾ ਅਤੇ ਹਰ ਪ੍ਰੀਖਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਵਿਦਿਆਰਥੀ-ਅਨੁਕੂਲ ਬਣਾਏਗਾ।”
ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਅਗਲੀ ਬੋਰਡ ਪ੍ਰੀਖਿਆ ਤੋਂ ਪਹਿਲਾਂ ਸਾਂਝੀ ਰੈਂਕਿੰਗ ਪ੍ਰਣਾਲੀ ਅਤੇ ਨਵੇਂ ਪ੍ਰਸ਼ਨ ਪੱਤਰ ਪੈਟਰਨਾਂ ਬਾਰੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣਗੇ।