
ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਸੂਰਮਾ’ ਛਾਪਾਂ ਅਤੇ ਟੀ-ਸ਼ਰਟਾਂ ਦੇ ਕੇ ਕੀਤਾ ਸਨਮਾਨਿਤ
ਕਿਹਾ, ਸਾਡਾ ਮਕਸਦ ਹਰ ਨੌਜਵਾਨ ਨੂੰ ਖੇਡਾਂ ਨਾਲ ਜੋੜਨਾ
ਲੁਧਿਆਣਾ, 27 ਜੂਨ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਦਿਸ਼ਾ ਵੱਲ ਮਜ਼ਬੂਤੀ ਨਾਲ ਕਦਮ ਵਧਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਅਗਲੇ ਪੜਾਅ ‘ਤੇ ਲਿਜਾਂਦਿਆਂ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਨਸ਼ਾ ਮੁਕਤ ਹੋਏ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ‘ਤੇ ਤਿਆਰ ਕੀਤੀਆਂ ‘ਸੂਰਮਾ’ ਛਾਪਾਂ (ਰਿੰਗ) ਅਤੇ ਟੀ-ਸ਼ਰਟਾਂ ਨਾਲ ਸਨਮਾਨਿਤ ਕੀਤਾ।
ਇਸ ਨੂੰ ਸੂਬੇ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਅਗਲਾ ਪੜਾਅ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਦਾ ਉਦੇਸ਼ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ‘ਉਮੀਦ ਦੇ ਦੂਤ’ ਵਜੋਂ ਪੇਸ਼ ਕਰਨਾ ਹੈ, ਜੋ ਜ਼ਮੀਨੀ ਪੱਧਰ ‘ਤੇ ਨਸ਼ਿਆਂ ਖ਼ਿਲਾਫ਼ ਜੰਗ ਦੀ ਅਗਵਾਈ ਕਰਨਗੇ। ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ ਰਹਿਣ ਵਾਲੇ ਵਿਅਕਤੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਨੌਜਵਾਨ ਨਾ ਸਿਰਫ਼ ਦੂਜਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਨਗੇ, ਸਗੋਂ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ।
ਖੇਡਾਂ ਨੂੰ ਨਸ਼ਿਆਂ ਦੀ ਅਲਾਮਤ ਵਿਰੁੱਧ ਸਭ ਤੋਂ ਕਾਰਗਰ ਹਥਿਆਰ ਦੱਸਦਿਆਂ ਉਨ੍ਹਾਂ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਭਰ ਵਿੱਚ ਲਗਭਗ 3,100 ਪਿੰਡਾਂ ਦੇ ਖੇਡ ਮੈਦਾਨ ਅਤੇ 3,000 ਜਿੰਮ ਚਾਲੂ ਕਰ ਦਿੱਤੇ ਜਾਣਗੇ ਤਾਂ ਜੋ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਿਆਰੀ ਸਿੱਖਿਆ, ਸਾਰਿਆਂ ਲਈ ਸਿਹਤ ਸਹੂਲਤਾਂ, ਖੇਡਾਂ ਦੇ ਬੁਨਿਆਦੀ ਢਾਂਚੇ ਅਤੇ ਮੁੜ-ਵਸੇਬੇ ‘ਤੇ ਇੱਕੋ ਸਮੇਂ ਧਿਆਨ ਦਿੱਤਾ ਜਾ ਰਿਹਾ ਹੈ ਜੋ ਨਸ਼ਾ-ਮੁਕਤ ਅਤੇ ਰੰਗਲੇ ਪੰਜਾਬ ਦੀ ਨੀਂਹ ਰੱਖ ਰਿਹਾ ਹੈ।

ਕੁਝ ਮੁੱਖ ਨੁਕਤੇ ਸਾਂਝੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ‘ਤੇ ਲਿਖਿਆ, “ਅੱਜ ਅਸੀਂ ‘ਸੂਰਮਾ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ ਅਤੇ ਉਨ੍ਹਾਂ ਨੌਜਵਾਨਾਂ ਨੂੰ ਸਨਮਾਨਿਤ ਕੀਤਾ ਹੈ ਜੋ ਨਸ਼ਿਆਂ ਦੇ ਚੁੰਗਲ ‘ਚੋਂ ਨਿਕਲ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਚੁੱਕੇ ਹਨ। ਦੂਜਿਆਂ ਲਈ ਰੋਲ ਮਾਡਲ ਬਣੇ ਇਨ੍ਹਾਂ ਪ੍ਰੇਰਨਾਦਾਇਕ ਨੌਜਵਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਰੋਜ਼ਗਾਰ ਦੇ ਮੌਕੇ ਵੀ ਦਿੱਤੇ ਜਾਣਗੇ।
ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਗਮ ਵਿੱਚ ਹਾਜ਼ਰ ਨੌਜਵਾਨਾਂ ਨੇ ਨਸ਼ਿਆਂ ਕਾਰਨ ਸਭ ਕੁਝ ਗੁਆਉਣ ਤੋਂ ਬਾਅਦ ਇਸ ਦਲਦਲ ਵਿੱਚੋਂ ਬਾਹਰ ਨਿਕਲ ਕੇ ਇਤਿਹਾਸਕ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦਾ ਸਨਮਾਨ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਸਮਾਜਿਕ ਨਾਮੋਸ਼ੀ ਦੇ ਬਾਵਜੂਦ ਇਨ੍ਹਾਂ ਨੇ ਨਸ਼ੇ ਨੂੰ ਹਰਾਉਣ ਦਾ ਅਸਾਧਾਰਨ ਸਾਹਸ ਦਿਖਾਇਆ ਹੈ। ਮੁੱਖ ਮੰਤਰੀ ਨੇ ਕਿਹਾ, “ਨਸ਼ੇ ਦੀ ਲਤ ਇਕ ਸਮਾਜਿਕ ਕਲੰਕ ਹੈ। ਜਦੋਂ ਲੋਕਾਂ ਨੂੰ ਪਤਾ ਲੱਗਦਾ ਹੈ ਕਿ ਕੋਈ ਨਸ਼ਾ ਕਰਦਾ ਹੈ ਤਾਂ ਉਹ ਉਸ ਵਿਅਕਤੀ ਨਾਲ ਗੱਲ ਕਰਨਾ ਵੀ ਬੰਦ ਕਰ ਦਿੰਦੇ ਹਨ। ਇਨ੍ਹਾਂ ਨੌਜਵਾਨਾਂ ਨੇ ਉਸ ਦਰਦ ਅਤੇ ਮਾਨਸਿਕ ਪੀੜਾ ਨੂੰ ਹੰਢਾਇਆ ਹੈ, ਪਰ ਅੱਜ ਉਹ ਨਵੀਂ ਸ਼ੁਰੂਆਤ ਕਰਨ ਅਤੇ ਸਮਾਜ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।”
ਮੁੱਖ ਮੰਤਰੀ ਨੇ ਕਿਹਾ, “ਇਹ ਨੌਜਵਾਨ ਨਸ਼ੇ ਦੀ ਬਿਮਾਰੀ ‘ਤੇ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਹੁਣ ਆਪਣੇ ਤਜਰਬੇ ਸਾਂਝੇ ਕਰਕੇ ਦੂਜਿਆਂ ਦੀ ਮਦਦ ਕਰ ਸਕਦੇ ਹਨ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਮੁੜ-ਵਸੇਬੇ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਸੂਬੇ ਭਰ ਵਿੱਚ ਆਧੁਨਿਕ ਸਹੂਲਤਾਂ ਨਾਲ ਲੈਸ ਵਿਸ਼ਵ ਪੱਧਰੀ ਮੁੜ-ਵਸੇਬਾ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।”
ਸਮਾਗਮ ਵਿੱਚ ਹਾਜ਼ਰ ਨਸ਼ਾ ਮੁਕਤ ਹੋਏ ਸਾਰੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਦੁਖਦਾਇਕ ਅਤੀਤ ਨੂੰ ਪਿੱਛੇ ਛੱਡ ਕੇ ਸੁਨਹਿਰੇ ਭਵਿੱਖ ਵੱਲ ਵਧ ਚੁੱਕੇ ਹਨ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਨੇਕ ਮਿਸ਼ਨ ਵਿੱਚ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ, “ਰੰਗਲੇ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਲਈ ਹੁਣ ਸਿਰਫ਼ ਇੱਕ ਹੀ ਰੰਗ ਬਾਕੀ ਰਹਿ ਗਿਆ ਹੈ ਅਤੇ ਉਹ ਵੀ ਜਲਦੀ ਹੀ ਭਰ ਦਿੱਤਾ ਜਾਵੇਗਾ ਕਿਉਂਕਿ ਪੰਜਾਬ ਛੇਤੀ ਹੀ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।”
ਸੂਬੇ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾ ਕੇ ਸਿੱਖਿਆ ਦੇ ਖੇਤਰ ਦਾ ਕਾਇਆ-ਕਲਪ ਕੀਤਾ ਹੈ, ਜਿਸ ਸਦਕਾ ਪੰਜਾਬ, ਕੇਰਲ ਅਤੇ ਕਈ ਹੋਰ ਸੂਬਿਆਂ ਨੂੰ ਪਛਾੜ ਕੇ 27ਵੇਂ ਨੰਬਰ ਤੋਂ ਪਹਿਲੇ ਨੰਬਰ ’ਤੇ ਆਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਮਾਗਮ ਵਿੱਚ ਉਨ੍ਹਾਂ ਲੋਕਾਂ ਨੂੰ ਸਨਮਾਨਿਤ ਕੀਤਾ ਗਿਆ ਹੈ, ਜਿਨ੍ਹਾਂ ਨੇ ਨਸ਼ੇ ਦੀ ਲਤ ‘ਤੇ ਸਫ਼ਲਤਾਪੂਰਵਕ ਕਾਬੂ ਪਾਇਆ ਹੈ ਅਤੇ ਦੋ ਸਾਲਾਂ ਤੋਂ ਵੱਧ ਸਮੇਂ ਤੋਂ ਨਸ਼ਾ ਮੁਕਤ (ਸੰਜਮ) ਰਹੇ ਹਨ। ਉਨ੍ਹਾਂ ਕਿਹਾ, “ਇਹ ਵਿਅਕਤੀ ਅਸਲੀ ‘ਸੂਰਮੇ’ ਹਨ ਕਿਉਂਕਿ ਇਨ੍ਹਾਂ ਹਿੰਮਤ ਅਤੇ ਜਜ਼ਬੇ ਨਾਲ ਨਸ਼ੇ ‘ਤੇ ਜਿੱਤ ਹਾਸਲ ਕੀਤੀ ਹੈ। ਅੱਜ ਦਾ ਇਹ ਸਮਾਗਮ ਪੰਜਾਬ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਰਮੇ ਹੁਣ ‘ਅੰਬੈਸਡਰ ਆਫ਼ ਰਿਕਵਰੀ’ ਵਜੋਂ ਸਰਕਾਰ ਦੇ ਨਾਲ ਮਿਲ ਕੇ ਕੰਮ ਕਰਨਗੇ, ਜੋ ਹੋਰਨਾਂ ਲੋਕਾਂ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਅਤੇ ਆਪਣੀ ਜ਼ਿੰਦਗੀ ਨੂੰ ਮੁੜ ਨਵੇਂ ਸਿਰਿਓਂ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਗਮ ਸਿਰਫ਼ ਇਨ੍ਹਾਂ ਵਿਅਕਤੀਆਂ ਦੀ ਰਿਕਵਰੀ ਲਈ ਨਹੀਂ, ਉਨ੍ਹਾਂ ਦੇ ਨਵੇਂ ਜੀਵਨ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ, “ਇਹ ਸੂਰਮੇ ਆਪਣੇ ਪਰਿਵਾਰਾਂ ਅਤੇ ਸਮਾਜ ਲਈ ਉਮੀਦ ਦੀ ਕਿਰਨ ਹਨ। ਇਨ੍ਹਾਂ ਦਾ ਸਫ਼ਰ ਇਹ ਸਾਬਤ ਕਰਦਾ ਹੈ ਕਿ ਦ੍ਰਿੜ ਇਰਾਦੇ, ਪਰਿਵਾਰਕ ਸਹਿਯੋਗ ਅਤੇ ਮਿਆਰੀ ਸਿਹਤ ਸਹੂਲਤਾਂ ਤੱਕ ਪਹੁੰਚ ਰਾਹੀਂ ਨਸ਼ੇ ਤੋਂ ਮੁਕਤੀ ਸੰਭਵ ਹੈ।”
ਮੁੱਖ ਮੰਤਰੀ ਨੇ ਹਰ ਸੂਰਮੇ ਨੂੰ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਹੁਣ ਦੂਜਿਆਂ ਨੂੰ ਨਸ਼ੇ ਦੀ ਲਤ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਕੇ ਉਮੀਦ ਦੇ ਦੂਤ ਬਣਨਗੇ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨਸ਼ਾ ਛਡਾਊ ਕੇਂਦਰਾਂ, ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਨਿਵੇਸ਼ ਕਰਨਾ ਜਾਰੀ ਰੱਖੇਗੀ ਅਤੇ ਨਸ਼ੇ ਦੀ ਲਤ ਨਾਲ ਜੁੜੇ ਕਲੰਕ ਨੂੰ ਖ਼ਤਮ ਕਰਨ ਲਈ ਯਤਨਸ਼ੀਲ ਰਹੇਗੀ ਤਾਂ ਜੋ ਹਰ ਸਿਹਤਯਾਬ ਹੋਇਆ ਵਿਅਕਤੀ ਬਿਹਤਰ ਰੋਜ਼ਗਾਰ ਦੇ ਮੌਕਿਆਂ ਨਾਲ ਸਨਮਾਨਜਨਕ ਜੀਵਨ ਬਤੀਤ ਕਰ ਸਕੇ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਵੀ ਦੁਹਰਾਇਆ ਕਿ ਜਿੱਥੇ ਸਰਕਾਰ ਨਸ਼ਿਆਂ ਰਾਹੀਂ ਪੰਜਾਬ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ, ਉੱਥੇ ਹੀ ਮਦਦ ਦੀ ਮੰਗ ਕਰਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਹਿਯੋਗ ਦੇਣਾ ਜਾਰੀ ਰੱਖੇਗੀ। ਉਨ੍ਹਾਂ ਕਿਹਾ, “ਇਹ ‘ਯੁੱਧ ਨਸ਼ਿਆਂ ਵਿਰੁੱਧ ਪੜਾਅ-2’ ਦਾ ਅਸਲ ਉਦੇਸ਼ ਹੈ।”
ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਲੜ ਰਹੇ ਹਰ ਵਿਅਕਤੀ ਨੂੰ ਸਮਰਪਿਤ ਇੱਕ ਪ੍ਰੇਰਨਾਦਾਇਕ ਗੀਤ ਵੀ ਲਾਂਚ ਕੀਤਾ ਅਤੇ ਐਲਾਨ ਕੀਤਾ ਕਿ ਸੂਰਮਾ ਪ੍ਰੋਗਰਾਮ ਹੁਣ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪਿੰਡ ਤੱਕ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਨਸ਼ਾ ਛਡਾਊ ਇਲਾਜ ਸਫ਼ਲਤਾਪੂਰਵਕ ਪੂਰਾ ਕਰ ਲਿਆ ਹੈ ਅਤੇ ਘੱਟੋ-ਘੱਟ ਦੋ ਸਾਲਾਂ ਤੋਂ ਨਸ਼ੇ ਤੋਂ ਦੂਰੀ ਬਣਾਈ ਰੱਖੀ ਹੈ, ਉਹ ਵਟਸਐਪ ਉੱਪਰ 9779142200 ‘ਤੇ “Soorma” ਮੈਸੇਜ ਭੇਜ ਕੇ ਇਸ ਪ੍ਰੋਗਰਾਮ ਲਈ ਖ਼ੁਦ ਨੂੰ ਰਜਿਸਟਰ ਕਰ ਸਕਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਯੋਗ ਵਿਅਕਤੀਆਂ ਨੂੰ ਉਨ੍ਹਾਂ ਦੀ ਬੇਮਿਸਾਲ ਹਿੰਮਤ ਲਈ ਮਾਨਤਾ ਦਿੱਤੀ ਜਾਵੇਗੀ ਅਤੇ ਉਹ ਪੰਜਾਬ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਵਿੱਚ ਚੈਂਪੀਅਨ ਵਜੋਂ ਸੇਵਾ ਕਰਨਗੇ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।