
ਯੋਜਨਾ ਤਹਿਤ ਲਗਭਗ 66 ਲੱਖ ਤੋਂ ਵੱਧ ਮਹਿਲਾਵਾਂ ਨੇ ਕਰਵਾਈ ਰਜਿਸਟ੍ਰੇਸ਼ਨ: ਡਾ. ਬਲਜੀਤ ਕੌਰ
ਕਿਹਾ, ਸਾਡਾ ਮਕਸਦ ਹਰ ਯੋਗ ਮਹਿਲਾ ਨੂੰ ਸਮੇਂ ਸਿਰ ਸਹਾਇਤਾ ਮਿਲੇ
ਚੰਡੀਗੜ੍ਹ, 11 ਜੁਲਾਈ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ₹1,147 ਕਰੋੜ ਦੀ ਰਕਮ ਡਾਇਰੈਕਟ ਬੈਨਿਫਿਟ ਟ੍ਰਾਂਸਫਰ ਰਾਹੀਂ ਸੂਬੇ ਦੀਆਂ ਲਗਭਗ 33 ਲੱਖ ਮਹਿਲਾਵਾਂ ਦੇ ਬੈਂਕ ਖ਼ਾਤਿਆਂ ਵਿੱਚ ਸਿੱਧੀ ਜਮ੍ਹਾਂ ਕਰਵਾਈ ਹੈ। ਅਨੁਸੂਚਿਤ ਜਾਤੀ ਵਰਗ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ 1,500 ਰੁ: ਪ੍ਰਤੀ ਮਹੀਨਾ ਅਨੁਸਾਰ ਕੁੱਲ 4,500 ਰੁ: ਦੀ ਰਕਮ ਦਿੱਤੀ ਗਈ, ਜਦਕਿ ਹੋਰ ਸਾਰੇ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ ਤਿੰਨ ਮਹੀਨਾਵਾਰ ਕਿਸ਼ਤਾਂ ਦੇ ਰੂਪ ਵਿੱਚ 1,000 ਰੁ: ਪ੍ਰਤੀ ਮਹੀਨਾ ਅਨੁਸਾਰ ਕੁੱਲ 3,000 ਰੁ: ਦੀ ਰਕਮ ਪ੍ਰਦਾਨ ਕੀਤੀ ਗਈ।ਇਹ ਰਕਮ ਉਨ੍ਹਾਂ ਯੋਗ ਲਾਭਪਾਤਰੀਆਂ ਨੂੰ ਜਾਰੀ ਕੀਤੀ ਗਈ ਹੈ, ਜਿਨ੍ਹਾਂ ਦੀ ਰਜਿਸਟ੍ਰੇਸ਼ਨ 25 ਜੂਨ 2026 ਤੱਕ ਹੋ ਚੁੱਕੀ ਸੀ। ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੂਰੇ ਪੰਜਾਬ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ 66 ਲੱਖ ਤੋਂ ਵੱਧ ਮਹਿਲਾਵਾਂ ਨੇ ਆਪਣੀ ਰਜਿਸਟ੍ਰੇਸ਼ਨ ਕਰਵਾ ਲਈ ਹੈ। ਜਿਹੜੀਆਂ ਮਹਿਲਾਵਾਂ ਹੁਣ ਰਜਿਸਟ੍ਰੇਸ਼ਨ ਕਰਵਾ ਰਹੀਆਂ ਹਨ, ਉਨ੍ਹਾਂ ਨੂੰ ਅਗਲੀ ਕਿਸ਼ਤ ਤੋਂ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ।
ਪੰਜਾਬ ਦੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪਹਿਲੀ ਕਿਸ਼ਤ ਦੀ ਸਫ਼ਲ ਅਦਾਇਗੀ ਇਹ ਸਾਬਤ ਕਰਦੀ ਹੈ ਕਿ ਪੰਜਾਬ ਸਰਕਾਰ ਹਰ ਯੋਗ ਮਹਿਲਾ ਤੱਕ ਵਿੱਤੀ ਸਹਾਇਤਾ ਸਿੱਧੇ ਅਤੇ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਉਣ ਦੇ ਆਪਣੇ ਸੰਕਲਪ ’ਤੇ ਕਾਇਮ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਦੀਆਂ ਮੌਜੂਦਾ ਸਮਾਜਿਕ ਸੁਰੱਖਿਆ ਯੋਜਨਾਵਾਂ ’ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਜਿਹੜੀਆਂ ਮਹਿਲਾਵਾਂ ਪਹਿਲਾਂ ਤੋਂ ਵਿਧਵਾ ਪੈਨਸ਼ਨ, ਦਿਵਿਆਂਗ ਪੈਨਸ਼ਨ ਜਾਂ ਬੁਢਾਪਾ ਪੈਨਸ਼ਨ ਪ੍ਰਾਪਤ ਕਰ ਰਹੀਆਂ ਹਨ, ਉਨ੍ਹਾਂ ਨੂੰ ਇਹ ਸਾਰੇ ਲਾਭ ਪਹਿਲਾਂ ਦੀ ਤਰ੍ਹਾਂ ਮਿਲਦੇ ਰਹਿਣਗੇ।
ਕੁਲਦੀਪ ਕੌਰ ਨੇ ਕਿਹਾ ਕਿ ਇਹ ਰਕਮ ਸਿਰਫ਼ ਆਰਥਿਕ ਸਹਾਇਤਾ ਨਹੀਂ, ਸਗੋਂ ਇਸ ਤੋਂ ਕਿਤੇ ਵੱਧ ਹੈ। ਉਨ੍ਹਾਂ ਕਿਹਾ, “ਪਹਿਲਾਂ ਲੋਕ ਪੁੱਤਰਾਂ ਨੂੰ ਧੀਆਂ ਨਾਲੋਂ ਵੱਧ ਮਹੱਤਵ ਦਿੰਦੇ ਸਨ, ਪਰ ਹੁਣ ਇਹ ਸੋਚ ਹੌਲੀ-ਹੌਲੀ ਬਦਲ ਰਹੀ ਹੈ। ਕਿਉਂਕਿ ਮਹਿਲਾਵਾਂ ਕੋਲ ਆਪਣੀ ਆਰਥਿਕ ਸਹਾਇਤਾ ਹੈ। ਮੈਂ ਤਾਂ ਆਪਣੇ ਪਤੀ ਲਈ ਵੀ ਮਾਣਯੋਗ ਹੋ ਗਈ ਹਾਂ।”
ਸੰਗਰੂਰ ਜ਼ਿਲ੍ਹੇ ਦੇ ਧੂਰੀ ਦੀ ਰਹਿਣ ਵਾਲੀ ਇੱਕ ਵਿਧਵਾ ਕਿਰਨ ਨੇ ਕਿਹਾ ਕਿ ਇਹ ਆਰਥਿਕ ਸਹਾਇਤਾ ਉਨ੍ਹਾਂ ਦੀ ਜ਼ਿੰਦਗੀ ਦੇ ਔਖੇ ਸਮੇਂ ਵਿੱਚ ਵੱਡਾ ਸਹਾਰਾ ਸਾਬਤ ਹੋਵੇਗੀ। ਉਨ੍ਹਾਂ ਕਿਹਾ, “ਮੇਰੇ ਲਈ ਤਾਂ ਇਹ ਬਹੁਤ ਵੱਡੀ ਰਕਮ ਹੈ। ਮੇਰੇ ਘਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਹੈ। ਮੈਂ ਮੁੱਖ ਮੰਤਰੀ ਜੀ ਦਾ ਬਹੁਤ ਧੰਨਵਾਦ ਕਰਦੀ ਹਾਂ।”