Breaking News
Dashmesh GS Electricals Smart Media Insurance Point Tav Prasad

ਚੰਡੀਗੜ੍ਹ ਰੋਸ ਪ੍ਰਦਰਸ਼ਨ: ਵਿਧਾਇਕ ਸਣੇ ‘ਵਾਰਿਸ ਪੰਜਾਬ ਦੇ’ 14 ਆਗੂਆਂ ਅਤੇ 3,000 ਹੋਰਾਂ ਖ਼ਿਲਾਫ਼ FIR ਦਰਜ

ਚੰਡੀਗੜ੍ਹ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ : 

ਚੰਡੀਗੜ੍ਹ ਪੁਲੀਸ ਨੇ ਬੀਤੀ ਕੱਲ੍ਹ 29 ਜੁਲਾਈ ਨੂੰ ਗਊਸ਼ਾਲਾ ਚੌਂਕ, ਸੈਕਟਰ 45 ਵਿਖੇ ਹੋਏ ਰੋਸ ਪ੍ਰਦਰਸ਼ਨ ਦੌਰਾਨ ਹਿੰਸਾ, ਸਰਕਾਰੀ ਕੰਮ ਵਿੱਚ ਰੁਕਾਵਟ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਸਬੰਧਤ 15 ਨਾਮਜ਼ਦ ਆਗੂਆਂ ਅਤੇ 2,500 ਤੋਂ 3,000 ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।

ਪੁਲੀਸ ਅਨੁਸਾਰ ਇਸ ਝੜਪ ਦੌਰਾਨ ਐੱਸਐੱਸਪੀ (ਯੂਟੀ) ਕੰਵਰਦੀਪ ਕੌਰ ਸਮੇਤ 15 ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ। ਐੱਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਲਗਾਏ ਬੈਰੀਕੇਡ ਤੋੜ ਦਿੱਤੇ, ਸੁਰੱਖਿਆ ਕਰਮਚਾਰੀਆਂ ‘ਤੇ ਹਮਲਾ ਕੀਤਾ, ਆਵਾਜਾਈ ਵਿੱਚ ਰੁਕਾਵਟ ਪਾਈ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰਨ ਦੀ ਕੋਸ਼ਿਸ਼ ਦੌਰਾਨ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਇਆ।

ਪੁਲੀਸ ਮੁਤਾਬਕ ਗਊਸ਼ਾਲਾ ਚੌਂਕ ਵਿਖੇ ਵੱਡੀ ਗਿਣਤੀ ਵਿੱਚ ਲੋਕ ਉਸ ਸਮੇਂ ਇਕੱਠੇ ਹੋਏ ਜਦੋਂ ਚੰਡੀਗੜ੍ਹ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) ਦੀ ਧਾਰਾ 163 ਤਹਿਤ ਪਾਬੰਦੀ ਦੇ ਹੁਕਮ ਲਾਗੂ ਸਨ। ਪੁਲੀਸ ਦਾ ਦਾਅਵਾ ਹੈ ਕਿ ਪ੍ਰਦਰਸ਼ਨਕਾਰੀ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਮਾਰਚ ਕਰਨਾ ਚਾਹੁੰਦੇ ਸਨ। ਐੱਫਆਈਆਰ ਅਨੁਸਾਰ ਭੀੜ ਵਿੱਚ ਕੁਝ ਲੋਕ ਅੰਮ੍ਰਿਤਪਾਲ ਸਿੰਘ ਦੇ ਪੋਸਟਰ ਲੈ ਕੇ ਚੱਲ ਰਹੇ ਸਨ ਅਤੇ ਕੁਝ ਕੋਲ ਤਲਵਾਰਾਂ, ਬਰਛੇ, ਕੁਹਾੜੀਆਂ ਅਤੇ ਡਾਂਗਾਂ ਸਨ।

ਪੁਲੀਸ ਨੇ ਦਾਅਵਾ ਕੀਤਾ ਕਿ ਅਧਿਕਾਰੀਆਂ ਨੇ ਪ੍ਰਦਰਸ਼ਨਕਾਰੀਆਂ ਨੂੰ ਵਾਰ-ਵਾਰ ਪਾਬੰਦੀ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਸੈਕਟਰ-25 ਸਥਿਤ ਰੈਲੀ ਗਰਾਊਂਡ ਵਿੱਚ ਧਰਨਾ ਦੇਣ ਦੀ ਸਲਾਹ ਦਿੱਤੀ, ਪਰ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਪੁਲੀਸ ਦਾ ਦੋਸ਼ ਹੈ ਕਿ ਕੁਝ ਆਗੂਆਂ ਨੇ ਭੀੜ ਨੂੰ ਬੈਰੀਕੇਡ ਤੋੜ ਕੇ ਅੱਗੇ ਵਧਣ ਲਈ ਉਕਸਾਇਆ। ਸਥਿਤੀ ਵਿਗੜਨ ‘ਤੇ ਡਿਊਟੀ ਮੈਜਿਸਟਰੇਟ ਦੀ ਮਨਜ਼ੂਰੀ ਨਾਲ ਪੁਲੀਸ ਨੇ ਹਲਕਾ ਬਲ ਪ੍ਰਯੋਗ ਅਤੇ ਪਾਣੀ ਦੀਆਂ ਬੁਛਾੜਾਂ ਦੀ ਵਰਤੋਂ ਕੀਤੀ।

ਐੱਫਆਈਆਰ ਵਿੱਚ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਕੁਝ ਪ੍ਰਦਰਸ਼ਨਕਾਰੀ ਪੁਲੀਸ ਦੀ ਵਾਟਰ ਕੈਨਨ ਗੱਡੀ ‘ਤੇ ਚੜ੍ਹ ਗਏ, ਉਸ ਦੀ ਨੋਜ਼ਲ ਤੋੜ ਦਿੱਤੀ ਅਤੇ ਚਾਲਕ ਏਐੱਸਆਈ ਗੁਰਜੀਤ ਸਿੰਘ ‘ਤੇ ਹਮਲਾ ਕੀਤਾ, ਜਿਸ ਕਾਰਨ ਉਸ ਦੀ ਬਾਂਹ ਟੁੱਟ ਗਈ। ਉਸ ਨੂੰ ਇਲਾਜ ਲਈ ਸੈਕਟਰ-16 ਦੇ ਸਰਕਾਰੀ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਕੇਸ ਵਿੱਚ ਵਿਧਾਇਕ ਮਨਪ੍ਰੀਤ ਸਿੰਘ ਈਯਾਲੀ, ਸਤਿੰਦਰਜੀਤ ਸਿੰਘ ਗਿੱਲ, ਕਾਬਲ ਸਿੰਘ ਭੁੱਲਰ, ਜਗਦੀਪ ਸਿੰਘ ਕੰਸਾਲਾ, ਇਕਬਾਲ ਸਿੰਘ ਸੰਧੂ, ਪਰਮਜੀਤ ਸਿੰਘ ਜੌਹਲ, ਸਾਬਕਾ ਵਿਧਾਇਕ ਅਜੀਬ ਸਿੰਘ ਮਖਮੈਲਪੁਰ, ਚਮਕੌਰ ਸਿੰਘ ਧੁੰਨ, ਐਡਵੋਕੇਟ ਇਮਾਨ ਸਿੰਘ ਖਾਰਾ, ਜਸਵਿੰਦਰ ਸਿੰਘ ਡਰੋਲੀ, ਇਕਬਾਲ ਸਿੰਘ ਚੂੰਡਾ, ਕਰਨੈਲ ਸਿੰਘ ਪੰਜੋਲੀ, ਲੱਖਾ ਸਿਧਾਣਾ, ਭਾਨਾ ਸਿੱਧੂ ਅਤੇ ਲਖਵੀਰ ਸਿੰਘ ਲੱਖ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਮਾਮਲਾ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ 121(1), 132 ਅਤੇ 223 ਸਮੇਤ ਹੋਰ ਧਾਰਾਵਾਂ ਤਹਿਤ ਦਰਜ ਕੀਤਾ ਹੈ। ਪੁਲਿਸ ਨੇ ਕਿਹਾ ਕਿ ਸੀਸੀਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਰਾਹੀਂ ਹੋਰ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *