Breaking News
Smart Media Dashmesh GS Electricals Smart Media Insurance Point Tav Prasad

ਮੁਲਾਜ਼ਮਾਂ ਦੀ ਰਿਕਾਰਡਤੋੜ ਰੈਲੀ ਨੇ ਸਰਕਾਰ ਦੀ ਨੀਂਦ ਉਡਾਈ; 27 ਅਗਸਤ ਨੂੰ ਗੱਲਬਾਤ ਲਈ ਸੱਦਾ

ਪਾਣੀ ਦੀਆਂ ਤੋਪਾਂ ਨੂੰ ਚੀਰਦੇ ਹੋਏ ਵਿਧਾਨ ਸਭਾ ਵੱਲ ਵਧੇ ਮੁਲਾਜ਼ਮ

ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਪੰਜਾਬ ਭਰ ਵਿੱਚ ਸਮੂਹਿਕ ਛੁੱਟੀ ਦਾ ਐਲਾਨ 

ਚੰਡੀਗੜ੍ਹ, 7 ਅਗਸਤ, ਮਨਜੀਤ ਸਿੰਘ ਚਾਨਾ ਦੀ ਰਿਪੋਰਟ: ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਹੋਰ ਭਰਾਤਰੀ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਕ ਵਿੱਚ ਅੱਜ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-39 ਸਥਿਤ ਅਨਾਜ ਮੰਡੀ ਵਿੱਚ ਵਿਸ਼ਾਲ ਸੂਬਾ ਪੱਧਰੀ ਰੈਲੀ ਕੀਤੀ ਗਈ। ਰੈਲੀ ਵਿੱਚ ਸੂਬੇ ਭਰ ਤੋਂ ਪੁੱਜੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਆਪਣੀਆਂ ਮੰਗਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ।

ਰੈਲੀ ਤੋਂ ਬਾਅਦ ਮੁਲਾਜ਼ਮਾਂ ਨੇ ਵਿਧਾਨ ਸਭਾ ਵੱਲ ਰੋਸ ਮਾਰਚ ਕਰਨ ਦੀ ਕੋਸ਼ਿਸ਼ ਕੀਤੀ ਤਾਂ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕਿਆ। ਇਸ ਦੌਰਾਨ ਪੁਲਿਸ ਨੇ ਭੀੜ ਨੂੰ ਖਦੇੜਨ ਲਈ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ, ਪਰ ਪ੍ਰਦਰਸ਼ਨਕਾਰੀ ਡਟੇ ਰਹੇ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਜਾਰੀ ਰੱਖੀ।

ਇਸ ਦੌਰਾਨ ਮੁੱਖ ਮੰਤਰੀ ਦੇ ਓਐਸਡੀ ਸ੍ਰੀ ਬਰਾੜ ਮੌਕੇ ‘ਤੇ ਪੁੱਜੇ ਅਤੇ ਤਾਲਮੇਲ ਕਮੇਟੀ ਦੇ ਆਗੂਆਂ ਨੂੰ 27 ਅਗਸਤ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸੱਦਾ-ਪੱਤਰ ਸੌਂਪਿਆ। ਇਸ ਉਪਰੰਤ ਕਨਵੀਨਰ ਸਤੀਸ਼ ਰਾਣਾ ਨੇ ਮੰਚ ਤੋਂ ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ 27 ਅਗਸਤ ਨੂੰ ਪੰਜਾਬ ਭਰ ਵਿੱਚ ਸਮੂਹਿਕ ਛੁੱਟੀ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਮੀਟਿੰਗ ਦੇ ਨਤੀਜਿਆਂ ਦੇ ਆਧਾਰ ‘ਤੇ ਅਗਲੀ ਸੰਘਰਸ਼ੀ ਰਣਨੀਤੀ ਦਾ ਐਲਾਨ ਕੀਤਾ ਜਾਵੇਗਾ।

ਸੂਬੇ ਭਰ ਤੋਂ ਪੁੱਜੇ ਮੁਲਾਜ਼ਮ, ਕੰਮਕਾਜ ਰਿਹਾ ਪ੍ਰਭਾਵਿਤ

ਅੱਤ ਦੀ ਗਰਮੀ ਅਤੇ ਹੁੰਮਸ ਦੇ ਬਾਵਜੂਦ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਮੁਲਾਜ਼ਮ, ਪੈਨਸ਼ਨਰ ਅਤੇ ਮਹਿਲਾ ਕਰਮਚਾਰੀ ਰੈਲੀ ਵਿੱਚ ਸ਼ਾਮਲ ਹੋਏ। ਅਨਾਜ ਮੰਡੀ ਦਾ ਪੂਰਾ ਸ਼ੈੱਡ ਖਚਾਖਚ ਭਰ ਗਿਆ, ਜਦਕਿ ਹਜ਼ਾਰਾਂ ਲੋਕ ਬਾਹਰ ਖੜ੍ਹ ਕੇ ਆਗੂਆਂ ਦੇ ਸੰਬੋਧਨ ਸੁਣਦੇ ਰਹੇ। ਰੈਲੀ ਕਾਰਨ ਸੈਕਟਰ-39 ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਲੰਬੇ ਟ੍ਰੈਫਿਕ ਜਾਮ ਲੱਗੇ ਰਹੇ ਅਤੇ ਕਈ ਲੋਕਾਂ ਨੂੰ ਆਪਣੇ ਵਾਹਨ ਦੂਰ ਖੜ੍ਹੇ ਕਰਕੇ ਪੈਦਲ ਰੈਲੀ ਸਥਾਨ ਤੱਕ ਪਹੁੰਚਣਾ ਪਿਆ। ਰੈਲੀ ਦੌਰਾਨ ਮੁਲਾਜ਼ਮ ਵੱਖ-ਵੱਖ ਵਿਭਾਗਾਂ ਦੀਆਂ ਤਖਤੀਆਂ ਅਤੇ ਝੰਡੇ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਨਜ਼ਰ ਆਏ। ਜਥੇਬੰਦੀਆਂ ਦੇ ਸੱਦੇ ‘ਤੇ ਕਈ ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈਣ ਕਾਰਨ ਸੂਬੇ ਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦਾ ਕੰਮਕਾਜ ਵੀ ਪ੍ਰਭਾਵਿਤ ਰਿਹਾ।

ਮੰਗਾਂ ਦੇ ਹੱਕ ਵਿੱਚ ਸਰਕਾਰ ਵਿਰੁੱਧ ਰੋਸ

ਰੈਲੀ ਨੂੰ ਸੰਬੋਧਨ ਕਰਦਿਆਂ ਹਰਜਿੰਦਰਪਾਲ ਸਿੰਘ ਪੰਨੂ, ਸਤੀਸ਼ ਰਾਣਾ, ਸੁਸ਼ੀਲ ਕੁਮਾਰ ਫੌਜੀ, ਦਿਗਵਿਜੇ ਪਾਲ ਸ਼ਰਮਾ, ਐੱਨ. ਕੇ. ਸੈਣੀ, ਹਰਨੇਕ ਸਿੰਘ, ਅਮਿਤ ਕਟੋਚ, ਪਰਗਟਜੀਤ ਸਿੰਘ ਕਿਸ਼ਨਪੁਰਾ, ਸੁਖਵਿੰਦਰ ਸਿੰਘ ਚਾਹਲ, ਸੁਰਜੀਤ ਸਿੰਘ ਗਗੜਾ ਅਤੇ ਜਗਦੀਸ਼ ਚਾਹਲ ਸਮੇਤ ਹੋਰ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤੇ (ਡੀਏ) ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, 17 ਜੁਲਾਈ 2020 ਨਾਲ ਸਬੰਧਤ ਮਸਲੇ ਦਾ ਹੱਲ, ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹੋਰ ਵਿੱਤੀ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

ਪਾਣੀ ਦੀਆਂ ਤੋਪਾਂ ਦੇ ਬਾਵਜੂਦ ਨਹੀਂ ਹਟੇ ਪ੍ਰਦਰਸ਼ਨਕਾਰੀ

ਰੈਲੀ ਤੋਂ ਬਾਅਦ ਜਦੋਂ ਪ੍ਰਦਰਸ਼ਨਕਾਰੀ ਵਿਧਾਨ ਸਭਾ ਵੱਲ ਵਧੇ ਤਾਂ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਬੈਰੀਕੇਡਾਂ ‘ਤੇ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਭੀੜ ਨੂੰ ਰੋਕਣ ਲਈ ਪੁਲਿਸ ਨੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ, ਪਰ ਮੁਲਾਜ਼ਮ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਰਹੇ।

ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਰੈਲੀ ਵਿਚ ਸ਼ਮੂਲੀਅਤ

ਰੈਲੀ ਵਿੱਚ ਸਤੀਸ਼ ਰਾਣਾ, ਸੁਖਚੈਨ ਸਿੰਘ ਖਹਿਰਾ, ਜਰਮਨਜੀਤ ਸਿੰਘ, ਕਰਮ ਸਿੰਘ ਧਨੋਆ, ਭਜਨ ਸਿੰਘ ਗਿੱਲ, ਮਨਜੀਤ ਸੈਣੀ, ਕਰਮਜੀਤ ਸਿੰਘ ਬੀਹਲਾ, ਬੋਬਿੰਦਰ ਸਿੰਘ, ਸ਼ੈਲਿੰਦਰ ਕੰਬੋਜ, ਕੁਲਵੰਤ ਸਿੰਘ, ਬਲਰਾਜ ਸਿੰਘ ਔਜਲਾ, ਲਖਵਿੰਦਰ ਸਿੰਘ, ਬਲਵੀਰ ਸਿੰਘ ਗਰਚਾ, ਗੁਰਜੀਤ ਗੋਪਾਲਪੁਰੀ, ਸਾਹਿਲ ਸ਼ਰਮਾ, ਸੁਸ਼ੀਲ ਫੌਜੀ, ਗੁਰਨਾਮ ਸਿੰਘ ਵਿਰਕ, ਦਵਿੰਦਰ ਸਿੰਘ ਬੈਨੀਪਾਲ, ਹਰਨੇਕ ਸਿੰਘ ਮਾਵੀ, ਪੰਜਾਬ ਪੁਲਿਸ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ (ਡੀਐਸਪੀ ਰਿਟਾਇਰ), ਜਨਰਲ ਸਕੱਤਰ ਸਾਬਕਾ ਇੰਸਪੈਕਟਰ ਮਹਿੰਦਰ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਮੁਲਾਜ਼ਮ ਤੇ ਪੈਨਸ਼ਨਰ ਸ਼ਾਮਲ ਸਨ।

ਰੈਲੀ ਕਾਰਨ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਆਵਾਜਾਈ ਪ੍ਰਭਾਵਿਤ ਰਹੀ ਅਤੇ ਰੈਲੀ ਸਥਾਨ ਦੇ ਆਲੇ-ਦੁਆਲੇ ਬਾਜ਼ਾਰਾਂ ਵਿੱਚ ਵੀ ਭਾਰੀ ਭੀੜ ਦੇਖਣ ਨੂੰ ਮਿਲੀ। ਹੁਣ 27 ਅਗਸਤ ਨੂੰ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਨੂੰ ਮੁਲਾਜ਼ਮ ਜਥੇਬੰਦੀਆਂ ਅਤੇ ਸਰਕਾਰ ਵਿਚਾਲੇ ਗੱਲਬਾਤ ਦੇ ਅਹਿਮ ਪੜਾਅ ਵਜੋਂ ਦੇਖਿਆ ਜਾ ਰਿਹਾ ਹੈ।

Leave a Reply

Your email address will not be published. Required fields are marked *