
ਸਿਹਤ ਵਿਭਾਗ ਵਿੱਚ 636 ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਹੋਈਆਂ ਨਿਯੁਕਤੀਆਂ
ਮੁੱਖ ਮੰਤਰੀ ਵੱਲੋਂ ਹੁਣ ਤੱਕ 69,094 ਨੌਕਰੀਆਂ ਦੇਣ ਦਾ ਦਾਅਵਾ
ਮੋਹਾਲੀ, 8 ਅਗਸਤ, ਪੰਜਾਬੀ ਦੁਨੀਆ ਬਿਊਰੋ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ 866 ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵੱਲੋਂ ਸਾਢੇ ਚਾਰ ਸਾਲਾਂ ਵਿੱਚ ਪੂਰੀ ਪਾਰਦਰਸ਼ਤਾ ਅਤੇ ਮੈਰਿਟ ਦੇ ਆਧਾਰ ’ਤੇ ਹੁਣ ਤੱਕ 69,094 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
ਨਵੀਆਂ ਨਿਯੁਕਤੀਆਂ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ 636 ਉਮੀਦਵਾਰ ਸ਼ਾਮਲ ਹਨ। ਇਨ੍ਹਾਂ ਵਿੱਚ 614 ਸਟਾਫ਼ ਨਰਸਾਂ ਤੋਂ ਇਲਾਵਾ ਫਾਰਮਾਸਿਸਟ, ਮਲਟੀਪਰਪਜ਼ ਹੈਲਥ ਵਰਕਰ, ਵਾਰਡ ਅਟੈਂਡੈਂਟ, ਦਰਜਾ-ਚਾਰ ਕਰਮਚਾਰੀ ਅਤੇ ਸਵੀਪਰ ਸ਼ਾਮਲ ਹਨ। ਇਸ ਤੋਂ ਇਲਾਵਾ ਸ਼ੂਗਰਫੈੱਡ ਵਿੱਚ 101, ਵਿੱਤ ਵਿਭਾਗ ਵਿੱਚ ਜੂਨੀਅਰ ਆਡੀਟਰ ਵਜੋਂ 57, ਰੱਖਿਆ ਸੇਵਾਵਾਂ ਭਲਾਈ ਵਿਭਾਗ ਵਿੱਚ 51, ਸਹਿਕਾਰਤਾ ਵਿਭਾਗ ਵਿੱਚ 11 ਅਤੇ ਗ੍ਰਹਿ ਵਿਭਾਗ ਵਿੱਚ ਲਾਅ ਅਫਸਰ ਵਜੋਂ 10 ਨੌਜਵਾਨਾਂ ਦੀ ਨਿਯੁਕਤੀ ਹੋਈ ਹੈ।
ਮਾਨ ਨੇ ਕਿਹਾ ਕਿ ਸਰਕਾਰ ਦੀ ਭਰਤੀ ਪ੍ਰਕਿਰਿਆ ਵਿੱਚ ਮਿਹਨਤ, ਯੋਗਤਾ ਅਤੇ ਮੈਰਿਟ ਨੂੰ ਹੀ ਮਾਪਦੰਡ ਬਣਾਇਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਨੌਕਰੀਆਂ ਲਈ ਸਿਫ਼ਾਰਸ਼ ਅਤੇ ਪੈਸੇ ਦਾ ਬੋਲਬਾਲਾ ਸੀ, ਪਰ ਮੌਜੂਦਾ ਸਰਕਾਰ ਨੇ ਇਸ ਪ੍ਰਣਾਲੀ ਨੂੰ ਬਦਲ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਮੌਕੇ ਮਿਲਣ ਨਾਲ ਨੌਜਵਾਨਾਂ ਦਾ ਸਰਕਾਰੀ ਪ੍ਰਣਾਲੀ ਵਿੱਚ ਭਰੋਸਾ ਵਧਿਆ ਹੈ ਅਤੇ ਵਿਦੇਸ਼ ਜਾਣ ਦਾ ਰੁਝਾਨ ਘਟਿਆ ਹੈ। ਉਨ੍ਹਾਂ ਸਰਕਾਰੀ ਸਕੂਲਾਂ ਦੀ ਸਿੱਖਿਆ ਵਿੱਚ ਸੁਧਾਰ ਦਾ ਜ਼ਿਕਰ ਕਰਦਿਆਂ ਕਿਹਾ ਕਿ 2026 ਦੀ ਨੀਟ ਪ੍ਰੀਖਿਆ ਵਿੱਚ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀ ਸਫਲ ਹੋਏ, ਜਦੋਂਕਿ 2021 ਵਿੱਚ ਇਹ ਗਿਣਤੀ ਸਿਰਫ਼ 80 ਸੀ।
ਨਵ-ਨਿਯੁਕਤ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਮਾਨ ਨੇ ਉਨ੍ਹਾਂ ਨੂੰ ਨਿਮਰਤਾ ਨਾਲ ਲੋਕਾਂ ਦੀ ਸੇਵਾ ਕਰਨ ਅਤੇ ਇਮਾਨਦਾਰੀ ਤੇ ਮਿਹਨਤ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦੀ ਅਪੀਲ ਕੀਤੀ।