
ਚੰਡੀਗੜ੍ਹ, 25 ਅਗਸਤ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬੇ ਵਿੱਚ ਖੰਡ ਦੀ ਕੋਈ ਘਾਟ ਨਹੀਂ ਹੈ ਅਤੇ ਸਰਕਾਰ ਵੱਲੋਂ ਖੰਡ ਦੇ ਸਟਾਕ, ਵਿਕਰੀ ਅਤੇ ਸਪਲਾਈ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਖੰਡ ਦੀ ਢੁਕਵੀਂ ਉਪਲਬਧਤਾ ਯਕੀਨੀ ਬਣਾਉਣ ਅਤੇ ਬਣਾਵਟੀ ਘਾਟ ਜਾਂ ਜ਼ਖ਼ੀਰੇਬਾਜ਼ੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਖੰਡ ਦਾ ਲੋੜੀਂਦਾ ਸਟਾਕ ਮੌਜੂਦ ਹੈ ਅਤੇ ਹਰ ਸਮੇਂ ਢੁਕਵਾਂ ਭੰਡਾਰ ਬਰਕਰਾਰ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖੰਡ ਹਰ ਘਰ ਦੀ ਜ਼ਰੂਰੀ ਵਸਤੂ ਹੈ, ਇਸ ਲਈ ਇਸ ਦੀ ਉਪਲਬਧਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ।
ਮਾਨ ਨੇ ਕਿਹਾ ਕਿ ਖਰਾਬ ਮੌਸਮ ਕਾਰਨ ਸਾਲ 2025-26 ਦੌਰਾਨ ਪੰਜਾਬ ਸਮੇਤ ਦੇਸ਼ ਭਰ ਵਿੱਚ ਗੰਨੇ ਦੀ ਪੈਦਾਵਾਰ ਵਿੱਚ ਕਮੀ ਆਈ ਹੈ। ਇਸ ਦੇ ਬਾਵਜੂਦ ਪੰਜਾਬ ਵਿੱਚ ਖੰਡ ਦੀ ਸਥਿਤੀ ਚਿੰਤਾਜਨਕ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਖੰਡ ਮਿੱਲਾਂ ਵਿੱਚ ਮੌਜੂਦ ਸਟਾਕ ਦੀ ਮੌਕੇ ’ਤੇ ਤਸਦੀਕ ਕਰਨ ਦੇ ਹੁਕਮ ਦਿੱਤੇ।
ਮੁੱਖ ਮੰਤਰੀ ਨੇ ਫੂਡ ਸਟਾਕ ਮੌਨੀਟਰਿੰਗ ਪੋਰਟਲ ’ਤੇ ਰਜਿਸਟ੍ਰੇਸ਼ਨ ਅਤੇ ਹਫ਼ਤਾਵਾਰੀ ਰਿਪੋਰਟਿੰਗ ਯਕੀਨੀ ਬਣਾਉਣ ਦੇ ਨਾਲ-ਨਾਲ ਖੰਡ ਦੀ ਸਟਾਕ ਹੋਲਡਿੰਗ ਲਿਮਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ। ਥੋਕ ਖਪਤਕਾਰਾਂ ’ਤੇ ਵੀ ਨਿਰਧਾਰਤ ਸਟਾਕ ਸੀਮਾ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਸਰਕਾਰ ਖੰਡ ਦੀ ਵਿਕਰੀ, ਭੰਡਾਰ ਅਤੇ ਸਪਲਾਈ ’ਤੇ ਤਿੱਖੀ ਨਜ਼ਰ ਰੱਖੇਗੀ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਲੋੜੀਂਦਾ ਕਦਮ ਚੁੱਕਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਹਿਕਾਰਤਾ ਵਿਭਾਗ ਦੇ ਸਕੱਤਰ ਅਜੀਤ ਬਾਲਾਜੀ ਜੋਸ਼ੀ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।