Breaking News
Smart Media Dashmesh Mohali Walk Smart Media Insurance Point Hardev Singh Ubha

ਵਿਰੋਧੀ ਧਿਰ ਨੂੰ ਗਲਤੀ ਨਾਲ ਵੀ ਵੋਟ ਪਈ ਤਾਂ ਲੋਕ ਭਲਾਈ ਸਕੀਮਾਂ ਹੋ ਜਾਣਗੀਆਂ ਬੰਦ: ਭਗਵੰਤ ਮਾਨ

ਕਿਹਾ, ਕਾਂਗਰਸ ਤੇ ਅਕਾਲੀ ਦਲ ਨੇ ਦੀਮਕ ਵਾਂਗ ਪੰਜਾਬ ਨੂੰ ਖੋਖਲਾ ਕੀਤਾ

ਅਕਾਲੀ ਮੁੜ ਭਾਜਪਾ ਨਾਲ ਗਠਜੋੜ ਲਈ ਉਤਾਵਲੇ

ਖਰੜ, 1 ਸਤੰਬਰ, ਪੰਜਾਬੀ ਦੁਨੀਆ ਬਿਊਰੋ :

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਖਰੜ ਹਲਕੇ ਵਿੱਚ ਕਰਵਾਏ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਵਿਰੋਧੀ ਪਾਰਟੀਆਂ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਲੰਬੇ ਸਮੇਂ ਤੱਕ ਪੰਜਾਬ ਨੂੰ ਦੀਮਕ ਵਾਂਗ ਖੋਖਲਾ ਕੀਤਾ ਹੈ, ਜਦਕਿ ਅਕਾਲੀ ਦਲ ਹੁਣ ਮੁੜ ਭਾਜਪਾ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਲੁੱਟਣ ਦੀ ਤਿਆਰੀ ਵਿੱਚ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਗੂਆਂ ਦੀ ਲੜਾਈ ਸਿਰਫ਼ ਕੁਰਸੀ ਲਈ ਹੈ, ਜਦਕਿ ਉਨ੍ਹਾਂ ਦੀ ਸਰਕਾਰ ਦੀ ਅਸਲ ਲੜਾਈ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸਹੂਲਤਾਂ, ਚੰਗੀਆਂ ਸੜਕਾਂ, ਬਿਜਲੀ ਅਤੇ ਪਾਣੀ ਮੁਹੱਈਆ ਕਰਵਾਉਣ ਲਈ ਹੈ। ਉਨ੍ਹਾਂ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਗਲਤੀ ਨਾਲ ਵੀ ਕਿਸੇ ਵਿਰੋਧੀ ਪਾਰਟੀ ਨੂੰ ਵੋਟ ਪੈ ਗਈ ਤਾਂ ਮੌਜੂਦਾ ਲੋਕ ਭਲਾਈ ਸਕੀਮਾਂ ਬੰਦ ਹੋ ਜਾਣਗੀਆਂ।‘

ਆਮ ਘਰ ਦਾ ਬੰਦਾ ਹਾਂ, ਲੋਕਾਂ ਦੀ ਸੇਵਾ ਕਰਨਾ ਮੇਰਾ ਮਕਸਦ’: ਭਗਵੰਤ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਆਗੂ ਇਸ ਗੱਲ ਤੋਂ ਪ੍ਰੇਸ਼ਾਨ ਹਨ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਦਾ ਮੁੱਖ ਮੰਤਰੀ ਬਣ ਕੇ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਬੇ ਸਮੇਂ ਤੋਂ ਲੋਕਾਂ ਨੂੰ ਗੁੰਮਰਾਹ ਕਰਦੇ ਆਏ ਹਨ, ਪਰ ਹੁਣ ਪੰਜਾਬ ਦੇ ਲੋਕ ਉਨ੍ਹਾਂ ਦੀ ਗੁੰਮਰਾਹਕੁੰਨ ਰਾਜਨੀਤੀ ਨੂੰ ਸਮਝ ਚੁੱਕੇ ਹਨ।

ਅਕਾਲੀ ਦਲ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਆਗੂਆਂ ’ਤੇ ਬੇਅਦਬੀ, ਗੋਲੀਕਾਂਡ ਅਤੇ ਹੋਰ ਮਾਮਲਿਆਂ ਨੂੰ ਲੈ ਕੇ ਗੰਭੀਰ ਦੋਸ਼ ਲੱਗਦੇ ਰਹੇ ਹਨ, ਉਹ ਮੁੜ ਸੱਤਾ ਵਿੱਚ ਆਉਣ ਲਈ ਬੇਤਾਬ ਹਨ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਆਗੂ ਭਾਜਪਾ ਨਾਲ ਮੁੜ ਗਠਜੋੜ ਕਰਨ ਲਈ ਉਤਾਵਲੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਉਨ੍ਹਾਂ ਨੂੰ ਮੁੜ ਨਕਾਰ ਦੇਣਗੇ।

ਕਾਂਗਰਸ ’ਤੇ ਵੀ ਸਾਧਿਆ ਨਿਸ਼ਾਨਾ: ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ’ਤੇ ਤਨਜ਼ ਕਰਦਿਆਂ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਆਪਸ ਵਿੱਚ ਸੱਤਾ ਲਈ ਲੜ ਰਹੇ ਹਨ, ਜਦਕਿ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਪੰਜਾਬ ਲਈ ਕੋਈ ਸਪੱਸ਼ਟ ਦ੍ਰਿਸ਼ਟੀਕੋਣ ਨਹੀਂ ਅਤੇ ਉਸ ਦਾ ਮੁੱਖ ਨਿਸ਼ਾਨਾ ਸੱਤਾ ਹਾਸਲ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ, “ਕੁਝ ਆਗੂ ਰਾਹੁਲ ਦੇ ਕੋਟੇ ਤੋਂ ਹਨ, ਕੁਝ ਮੋਦੀ ਦੇ ਅਤੇ ਕੁਝ ਅਮਿਤ ਸ਼ਾਹ ਦੇ ਕੋਟੇ ਤੋਂ, ਪਰ ਮੈਂ ਆਮ ਲੋਕਾਂ ਦੇ ਕੋਟੇ ਤੋਂ ਹਾਂ।”

90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ: ਮਾਨ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਕਿਹਾ ਕਿ ਸੂਬੇ ਦੇ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ 70 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਭ੍ਰਿਸ਼ਟਾਚਾਰ ਦੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਨੂੰ ਰੋਜ਼ਾਨਾ ਲਗਭਗ 70 ਲੱਖ ਰੁਪਏ ਦੀ ਬਚਤ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਪਿੰਡਾਂ ਦੇ ਵਿਕਾਸ ਲਈ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਸੂਬੇ ਵਿੱਚ 3,100 ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।

ਸਿਹਤ ਤੇ ਮਹਿਲਾ ਭਲਾਈ ਸਕੀਮਾਂ ਦਾ ਕੀਤਾ ਜ਼ਿਕਰ: ਮੁੱਖ ਮੰਤਰੀ ਨੇ ਕਿਹਾ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਇਸ ਨੂੰ ਪੰਜਾਬ ਵਿੱਚ ਸਰਵਵਿਆਪੀ ਸਿਹਤ ਸੁਰੱਖਿਆ ਵੱਲ ਵੱਡਾ ਕਦਮ ਕਰਾਰ ਦਿੱਤਾ।‘

ਮਾਵਾਂ ਧੀਆਂ ਸਤਿਕਾਰ ਯੋਜਨਾ’ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1,000 ਰੁਪਏ ਅਤੇ ਐੱਸਸੀ ਵਰਗ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਮਹੀਨਾਵਾਰ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਅਨੁਸਾਰ ਹੁਣ ਤੱਕ 70.92 ਲੱਖ ਮਹਿਲਾ ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲ ਚੁੱਕਾ ਹੈ।

ਸਿੱਖਿਆ ਤੇ ਨਹਿਰੀ ਪਾਣੀ ਨੂੰ ਦੱਸਿਆ ਸਰਕਾਰ ਦੀ ਵੱਡੀ ਪ੍ਰਾਪਤੀ: ਮਾਨ ਨੇ ਕਿਹਾ ਕਿ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੇ ਹਨ। ਸਰਕਾਰੀ ਸਕੂਲਾਂ ਦੇ ਸਿਰਫ਼ 80 ਵਿਦਿਆਰਥੀਆਂ ਨੇ 2021 ਵਿੱਚ NEET ਪ੍ਰੀਖਿਆ ਪਾਸ ਕੀਤੀ ਸੀ, ਜਦਕਿ 2026 ਵਿੱਚ ਇਹ ਗਿਣਤੀ ਵਧ ਕੇ 882 ਹੋ ਗਈ ਹੈ।

ਉਨ੍ਹਾਂ ਦੱਸਿਆ ਕਿ ਪਹਿਲੀ ਵਾਰ 1,587 ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਇਆ ਗਿਆ ਹੈ। ਨਹਿਰੀ ਸਿੰਚਾਈ ਦਾ ਰਕਬਾ 2022 ਦੇ 20.89 ਲੱਖ ਏਕੜ ਤੋਂ ਵਧ ਕੇ 60.30 ਲੱਖ ਏਕੜ ਹੋ ਗਿਆ ਹੈ। ਇਸ ਤੋਂ ਇਲਾਵਾ 45,000 ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਕੰਮ ਚੱਲ ਰਿਹਾ ਹੈ।

ਇਸ ਮੌਕੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਸਮੇਤ ਹੋਰ ਆਗੂ ਅਤੇ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *