
ਕਿਹਾ, ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਨੌਜਵਾਨ ’ਤੇ ਤਸ਼ੱਦਦ ਬਰਦਾਸ਼ਤ ਨਹੀਂ ਕਰਾਂਗੇ; ਦੋਸ਼ੀ ਪੁਲਿਸ ਮੁਲਾਜ਼ਮਾਂ ’ਤੇ ਸਖ਼ਤ ਕਾਰਵਾਈ ਦੀ ਮੰਗ
ਚੰਡੀਗੜ੍ਹ, 4 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਚੰਡੀਗੜ੍ਹ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਦਲਵਿੰਦਰ ਸਿੰਘ ਸੈਣੀ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ, ਕਕਾਰਾਂ ਅਤੇ ਕੇਸਾਂ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਅਤੇ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ।
ਦਲਵਿੰਦਰ ਸੈਣੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਹੀ ਕਥਿਤ ਪੁਲਿਸ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦਾੜ੍ਹੀ ਅਤੇ ਕੇਸਾਂ ਦੀ ਬੇਅਦਬੀ ਜਾਂ ਕਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਅਪਮਾਨਜਨਕ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸੈਣੀ ਨੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਭਗਵੰਤ ਮਾਨ ਤੋਂ ਮਾਮਲੇ ’ਤੇ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਪੀੜਤ ਨੌਜਵਾਨ ਨੂੰ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਦੇ ਹੱਕ ਵਿੱਚ ਹਰ ਪੱਧਰ ’ਤੇ ਆਵਾਜ਼ ਬੁਲੰਦ ਕਰੇਗੀ ਅਤੇ ਸਰਕਾਰ ਵੱਲੋਂ ਢਿੱਲ ਵਰਤਣ ਦੀ ਸੂਰਤ ਵਿੱਚ ਸੰਘਰਸ਼ ਤੇਜ਼ ਕੀਤਾ ਜਾਵੇਗਾ।