
ਚੰਡੀਗੜ੍ਹ, 8 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਐਲਡੇਕੋ ਅਸਟੇਟ ਪੁਲਿਸ ਚੌਕੀ ਇੰਚਾਰਜ, ਪੁਲਿਸ ਸਟੇਸ਼ਨ ਸਲੇਮ ਟਾਬਰੀ, ਲੁਧਿਆਣਾ ਵਜੋਂ ਤਾਇਨਾਤ ਸਹਾਇਕ–ਸਬ ਇੰਸਪੈਕਟਰ ਜਿੰਦਲ ਲਾਲ ਨੂੰ 40,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਮੁਲਾਜ਼ਮ ਨੂੰ ਪਿੰਡ ਭੱਟੀਆਂ ਬੇਟ ਜ਼ਿਲ੍ਹਾ ਲੁਧਿਆਣਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਦੀ ਆਪਣੇ ਗੁਆਂਢੀ ਨਾਲ ਲੜਾਈ ਹੋਈ ਸੀ। ਇਸ ਸਬੰਧ ਵਿੱਚ, ਮੈਡੀਕਲ ਰਿਪੋਰਟਾਂ ਦੇ ਅਧਾਰ ’ਤੇ ਪੁਲਿਸ ਚੌਕੀ ਐਲਡੇਕੋ ਅਸਟੇਟ, ਲੁਧਿਆਣਾ ਵਿਖੇ ਕੇਸ ਦਰਜ ਕੀਤਾ ਗਿਆ ਸੀ ਅਤੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਜਿੰਦਲ ਲਾਲ ਸੀ। ਦੋਸ਼ੀ ਅਧਿਕਾਰੀ ਸ਼ਿਕਾਇਤਕਰਤਾ ਤੋਂ ਆਪਣੇ ਗੁਆਂਢੀ ਨਾਲ ਸਮਝੌਤਾ ਕਰਵਾਉਣ ਲਈ ਪਹਿਲਾਂ ਹੀ 50,000 ਰੁਪਏ ਦੀ ਰਿਸ਼ਵਤ ਲੈ ਚੁੱਕਾ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ 50000 ਰੁਪਏ ਰਿਸ਼ਵਤ ਲੈਣ ਦੇ ਬਾਵਜੂਦ ਵੀ ਸ਼ਿਕਾਇਤਕਰਤਾ ਦੀ ਪਤਨੀ ਵਿਰੁੱਧ ਕੇਸ ਦਰਜ ਕੀਤਾ। ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ੀ ਏਐਸਆਈ ਨੇ ਦੂਜੀ ਧਿਰ ਵਿਰੁੱਧ ਕਰਾਸ ਕੇਸ ਦਰਜ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 40000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਲਈ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 40,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।