
ਚੰਡੀਗੜ੍ਹ/ਨਵੀਂ ਦਿੱਲੀ, 1 ਅਕਤੂਬਰ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਨੂੰ ਸੌਂਪਿਆ। ਅਸਤੀਫ਼ਾ ਦੇਣ ਮਗਰੋਂ ਵੜਿੰਗ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ’ਤੇ ਪਰਤ ਆਏ।
ਜਾਣਕਾਰੀ ਅਨੁਸਾਰ ਕਾਂਗਰਸ ਵੱਲੋਂ ਅਗਲੇ 24 ਤੋਂ 48 ਘੰਟਿਆਂ ਵਿੱਚ ਪੰਜਾਬ ਇਕਾਈ ਦੇ ਨਵੇਂ ਪ੍ਰਧਾਨ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਫੇਰਬਦਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋ ਰਹੀ ਹੈ। ਪਾਰਟੀ ਹਾਈਕਮਾਨ ਅਜਿਹੇ ਆਗੂ ਦੀ ਚੋਣ ’ਤੇ ਵਿਚਾਰ ਕਰ ਰਹੀ ਹੈ ਜੋ ਪੰਜਾਬ ਕਾਂਗਰਸ ਦੇ ਵੱਖ-ਵੱਖ ਧੜਿਆਂ ਵਿਚਾਲੇ ਤਾਲਮੇਲ ਬਣਾਉਣ ਵਿੱਚ ਭੂਮਿਕਾ ਨਿਭਾ ਸਕੇ।
ਸੂਤਰਾਂ ਮੁਤਾਬਕ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਨਾਂ ਪ੍ਰਮੁੱਖ ਦਾਅਵੇਦਾਰਾਂ ਵਿੱਚ ਦੱਸਿਆ ਜਾ ਰਿਹਾ ਹੈ। ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ਵੀ ਵਿਚਾਰ ਅਧੀਨ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਹੋਰ ਸੀਨੀਅਰ ਆਗੂਆਂ ਦੇ ਨਾਂ ’ਤੇ ਵੀ ਚਰਚਾ ਹੋਈ ਹੈ।