
ਸਿੱਧੂ ਦੀ ਅਗਵਾਈ ਹੇਠ ਸਮਾਗਮ ਵਿੱਚ ਸ਼ਾਮਲ ਹੋਣ ਲਈ ਸਵੇਰੇ 9 ਵਜੇ ਫੇਜ਼-1 ਵਿਖੇ ਇਕੱਠੇ ਹੋਣਗੇ ਵਰਕਰ
ਮੋਹਾਲੀ, 10 ਅਕਤੂਬਰ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵਨਿਯੁਕਤ ਪ੍ਰਧਾਨ ਸ. ਪ੍ਰਗਟ ਸਿੰਘ ਭਲਕੇ 11 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਰਸਮੀ ਤੌਰ ’ਤੇ ਆਪਣਾ ਅਹੁਦਾ ਸੰਭਾਲਣਗੇ। ਇਸ ਮੌਕੇ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਹਲਕਾ ਮੋਹਾਲੀ ਤੋਂ ਸਾਬਕਾ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਵੱਡਾ ਕਾਫਲਾ ਰਵਾਨਾ ਹੋਵੇਗਾ।
ਇਸ ਸਬੰਧੀ ਸੀਨੀਅਰ ਕਾਂਗਰਸੀ ਆਗੂ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਭਲਕੇ ਸਵੇਰੇ 9 ਵਜੇ ਉਦਯੋਗਿਕ ਖੇਤਰ, ਫੇਜ਼-1, ਮੋਹਾਲੀ ਵਿਖੇ ਹਲਕੇ ਦੇ ਕਾਂਗਰਸੀ ਆਗੂ ਅਤੇ ਵਰਕਰ ਇਕੱਠੇ ਹੋਣਗੇ। ਇਸ ਤੋਂ ਬਾਅਦ ਸ. ਸਿੱਧੂ ਦੀ ਅਗਵਾਈ ਹੇਠ ਚੰਡੀਗੜ੍ਹ ਲਈ ਰਵਾਨਗੀ ਹੋਵੇਗੀ।
ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਫਲਤਾ ਲਈ ਸ. ਸਿੱਧੂ ਵੱਲੋਂ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਅਤੇ ਪਿੰਡ ਪੱਧਰ ’ਤੇ ਮੀਟਿੰਗਾਂ ਕਰਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਸ. ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ਅਤੇ ਸ੍ਰੀ ਸਚਿਨ ਪਾਇਲਟ ਦੇ ਪਾਰਟੀ ਇੰਚਾਰਜ ਨਿਯੁਕਤ ਹੋਣ ਨਾਲ ਕਾਂਗਰਸੀ ਵਰਕਰਾਂ ਵਿੱਚ ਉਤਸ਼ਾਹ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਲੋਕ ਵੀ ਕਾਂਗਰਸ ਨਾਲ ਜੁੜ ਰਹੇ ਹਨ।