
ਧੂਰੀ ਤੋਂ ਚੋਣ ਲੜਨਗੇ ਮੁੱਖ ਮੰਤਰੀ ਭਗਵੰਤ ਮਾਨ
ਵਿਧਾਇਕ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ ਮੁੜ ਐਲਾਨਿਆ ਉਮੀਦਵਾਰ
ਚੰਡੀਗੜ੍ਹ/ਮੋਹਾਲੀ, 31 ਅਕਤੂਬਰ, ਮਨਜੀਤ ਸਿੰਘ ਚਾਨਾ:
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੋਣ ਸਰਗਰਮੀ ਤੇਜ਼ ਕਰ ਦਿੱਤੀ ਹੈ। ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੈ। ਉਹ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਉਤਰਨਗੇ। ਇਸ ਤੋਂ ਇਲਾਵਾ ਮੌਜੂਦਾ ਵਿਧਾਇਕ ਕੁਲਵੰਤ ਸਿੰਘ ਨੂੰ ਮੋਹਾਲੀ ਤੋਂ ਮੁੜ ਉਮੀਦਵਾਰ ਐਲਾਨਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵੀਂ ਦਿੱਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਹੋਈ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਬੈਠਕ ਤੋਂ ਬਾਅਦ ਦਿੱਤੀ।
ਬੈਠਕ ਵਿੱਚ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਸਮੇਤ ਕਈ ਸੀਨੀਅਰ ਆਗੂ ਮੌਜੂਦ ਸਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਾਰਟੀ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਕੰਮਾਂ ਦੇ ਆਧਾਰ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਲੋਕਾਂ ਵਿਚਕਾਰ ਕਰਵਾਏ ਸਰਵੇਖਣ ਅਤੇ ਉਨ੍ਹਾਂ ਦੀ ਲੋਕਪ੍ਰਿਯਤਾ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ।

