
ਚੰਡੀਗੜ੍ਹ, 20 ਨਵੰਬਰ, ਮਨਜੀਤ ਸਿੰਘ ਚਾਨਾ:
ਪੰਜਾਬ ਵਿੱਚ ਸਾਲ 2027 ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵਾਸਤੇ ਅੱਜ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਸਾਂਝੇ ਤੌਰ ’ਤੇ ਪ੍ਰਧਾਨਗੀ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਪ੍ਰਵੀਨ ਕੁਮਾਰ ਸਿਨਹਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਿਤਾ ਮਿਤਰਾ ਨੇ ਕੀਤੀ। ਇਸ ਦੌਰਾਨ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਵਲੋਂ ਚੋਣਾਂ ਸਬੰਧੀ ਸੁਰੱਖਿਆ ਤਿਆਰੀਆਂ ਦੀ ਸਮੀਖਿਆ ਵੀ ਕੀਤੀ ਗਈ।
ਮੀਟਿੰਗ ਵਿੱਚ ਪੰਜਾਬ ਤੋਂ ਇਲਾਵਾ ਰਾਜਸਥਾਨ, ਹਰਿਆਣਾ, ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਅਤੇ ਸਟੇਟ ਨੋਡਲ ਅਫ਼ਸਰਾਂ ਨੇ ਸ਼ਮੂਲੀਅਤ ਕੀਤੀ। ਇਸ ਤੋਂ ਇਲਾਵਾ ਬੀ.ਐੱਸ.ਐੱਫ., ਸੀ.ਆਰ.ਪੀ.ਐੱਫ., ਆਰ.ਪੀ.ਐੱਫ., ਇੰਟੈਲੀਜੈਂਸ ਬਿਊਰੋ, ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਹੋਰ ਕੇਂਦਰੀ ਤੇ ਸੂਬਾਈ ਏਜੰਸੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਨਸ਼ਿਆਂ, ਨਾਜਾਇਜ਼ ਸ਼ਰਾਬ, ਗੈਰ-ਕਾਨੂੰਨੀ ਹਥਿਆਰਾਂ, ਗੋਲਾ-ਬਾਰੂਦ ਅਤੇ ਵਿਸਫੋਟਕਾਂ ਦੀ ਅੰਤਰ-ਰਾਜੀ ਤਸਕਰੀ ਰੋਕਣ ਲਈ ਸਾਂਝੀ ਰਣਨੀਤੀ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਇਸ ਦੇ ਨਾਲ ਸਰਹੱਦੀ ਇਲਾਕਿਆਂ ਦੀ ਨਿਗਰਾਨੀ ਵਧਾਉਣ, ਡਰੋਨ ਗਤੀਵਿਧੀਆਂ ’ਤੇ ਨਜ਼ਰ ਰੱਖਣ ਅਤੇ ਗੈਂਗਸਟਰਾਂ ਤੇ ਲੋੜੀਂਦੇ ਅਪਰਾਧੀਆਂ ਵਿਰੁੱਧ ਤਾਲਮੇਲ ਨਾਲ ਕਾਰਵਾਈ ਕਰਨ ਬਾਰੇ ਵਿਚਾਰ-ਵਟਾਂਦਰਾ ਹੋਇਆ।ਅਧਿਕਾਰੀਆਂ ਨੇ ਰੀਅਲ-ਟਾਈਮ ਖੁਫੀਆ ਜਾਣਕਾਰੀ ਸਾਂਝੀ ਕਰਨ, ਸੰਵੇਦਨਸ਼ੀਲ ਇਲਾਕਿਆਂ ਵਿੱਚ ਚੌਕਸੀ ਵਧਾਉਣ ਅਤੇ ਨਾਲ ਲੱਗਦੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀਆਂ ਵਿਚਕਾਰ ਬਿਹਤਰ ਸੰਚਾਰ ਪ੍ਰਣਾਲੀ ਵਿਕਸਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ।
ਮੀਟਿੰਗ ਵਿੱਚ ਸਮੂਹ ਏਜੰਸੀਆਂ ਨੇ ਭਰੋਸਾ ਦਿੱਤਾ ਕਿ ਆਪਸੀ ਤਾਲਮੇਲ ਅਤੇ ਸਾਂਝੇ ਯਤਨਾਂ ਰਾਹੀਂ ਅਮਨ-ਸ਼ਾਂਤੀ ਕਾਇਮ ਰੱਖਦਿਆਂ ਪੰਜਾਬ ਵਿੱਚ ਲੋਕਤੰਤਰਿਕ ਪ੍ਰਕਿਰਿਆ ਨੂੰ ਸੁਰੱਖਿਅਤ ਅਤੇ ਭਰੋਸੇਮੰਦ ਬਣਾਇਆ ਜਾਵੇਗਾ।