ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਵੱਲੋਂ 6 ਤੇ 7 ਮਾਰਚ ਨੂੰ ਬਜਟ ਦੀਆਂ ਕਾਪੀਆਂ ਸਾੜਨ ਦਾ ਐਲਾਨ
ਚੰਡੀਗੜ੍ਹ, 5 ਮਾਰਚ, ਪੰਜਾਬੀ ਦੁਨੀਆ ਬਿਊਰੋ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵਿਧਾਨ ਸਭਾ ਵਿੱਚ ਪੰਜਾਬ ਦਾ ਬਜਟ ਪੇਸ਼ ਕੀਤਾ ਹੈ। ਬਜਟ ਵਿੱਚ ਪੰਜਾਬ ਦੇ ਮੁਲਾਜ਼ਮਾਂ ਦੇ ਡੀਏ, ਸਮੂਹ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਪੇ ਕਮਿਸ਼ਨ ਦੇ ਬਕਾਏ ਅਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦਾ ਕੋਈ ਵੀ ਜ਼ਿਕਰ ਨਾ ਕਰਕੇ ਪੰਜਾਬ ਦੇ ਮੁਲਾਜ਼ਮਾਂ ਨੂੰ ਨਿਰਾਸ਼ ਕੀਤਾ ਹੈ। ਪੰਜਾਬ ਦੇ ਮੁਲਾਜ਼ਮ ਇਸ ਬਜਟ ਤੋਂ ਵੱਡੀਆਂ ਉਮੀਦਾਂ ਲਾਈ ਬੈਠੇ ਸਨ ।
ਸੂਬਾ ਸਰਕਾਰ ਦੇ ਬਜਟ ਦੀ ਨਿਖੇਧੀ ਕਰਦਿਆਂ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ, ਜਰਨਲ ਸਕੱਤਰ ਤੀਰਥ ਬਾਸੀ, ਸੀ. ਮੀਤ ਪ੍ਰਧਾਨ ਕਰਮਜੀਤ ਸਿੰਘ ਬੀਹਲਾ, ਮੱਖਣ ਸਿੰਘ ਵਾਹਿਦਪੁਰੀ, ਸੁਖਵਿੰਦਰ ਸਿੰਘ ਚਾਹਲ, ਹਰਮਨਪ੍ਰੀਤ ਕੌਰ ਗਿੱਲ, ਵਿੱਤ ਸਕੱਤਰ ਗੁਰਦੀਪ ਸਿੰਘ ਬਾਜਵਾ, ਪ੍ਰੈਸ ਸਕੱਤਰ ਇੰਦਰਜੀਤ ਵਿਰਦੀ ਤੇ ਸੂਬਾ ਆਗੂ ਕਿਸ਼ੋਰ ਚੰਦ ਗਾਜ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਿਰਾਸ਼ ਕਰਨ ਦਾ ਖਮਿਆਜਾ ਸਰਕਾਰ ਨੂੰ ਆਉਂਦੀਆਂ ਲੋਕ ਸਭਾ ਚੋਣਾਂ ਦੌਰਾਨ ਭੁਗਤਣਾ ਪਵੇਗਾ। ਪੰਜਾਬ ਭਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਸ ਬੱਜਟ ਤੋਂ ਬਹੁਤ ਉਮੀਦਾਂ ਸਨ ਪਰ ਇਸ ਬਜਟ ਨੇ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ ਉੱਤੇ ਪਾਣੀ ਫੇਰ ਕੇ ਰੱਖ ਦਿੱਤਾ ਹੈ। ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਾਂ ਵਿੱਚ ਸਰਕਾਰ ਪ੍ਰਤੀ ਗੁੱਸਾ ਹੈ, ਸਰਕਾਰ ਵੱਲੋਂ ਉਹਨਾਂ ਦੇ ਬਣਦੇ ਹੱਕਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। 4 ਮਾਰਚ ਨੂੰ ਪੰਜਾਬ ਮੁਲਾਜ਼ਮ ਪੈਨਸ਼ਨ ਸਾਂਝਾ ਫਰੰਟ ਵੱਲੋਂ ਚੰਡੀਗੜ੍ਹ ਵਿਖੇ ਵਿਸ਼ਾਲ ਰੋਸ ਰੈਲੀ ਕਰਕੇ ਸਰਕਾਰ ਤੋਂ ਮੰਗਾਂ ਮੰਨਣ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਲਗਾਤਾਰ ਗੱਲਬਾਤ ਤੋਂ ਲਗਾਤਾਰ ਭੱਜ ਰਹੀ ਹੈ। ਪੰਜਾਬ ਦੇ ਮੁਲਾਜ਼ਮ ਪੈਨਸ਼ਨਰ ਲਗਾਤਾਰ ਪਿਛਲੇ ਦੋ ਸਾਲ ਤੋਂ ਸੰਘਰਸ਼ ਕਰਦੇ ਆ ਰਹੇ ਹਨ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨਾ, ਰਹਿੰਦੇ ਬੋਰਡਾਂ ਕਾਰਪੋਰੇਸ਼ਨਾਂ ਵਿੱਚ ਪੈਨਸ਼ਨ ਸਕੀਮ ਲਾਗੂ ਕਰਨਾ, ਪੇ ਸਕੇਲਾਂ ਦਾ ਬਕਾਇਆ ਡੀਏ ਦੀਆਂ ਕਿਸਤਾਂ ਦੇ ਬਕਾਏ ਦੇਣਾ, ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨਾ, ਕੱਟੇ ਭੱਤੇ ਬਹਾਲ ਕਰਨਾੜਮ ਆਦਿ ਮੰਗਾਂ ਨੂੰ ਲੈ ਕੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਫੈਸਲਾ ਕੀਤਾ ਗਿਆ ਕਿ ਬਜਟ ਵਿੱਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਨਗੌਲਿਆਂ ਕਰਨ ਅਤੇ ਗੱਲਬਾਤ ਤੋਂ ਭੱਜਣ ਪ੍ਰਤੀ ਸਰਕਾਰ ਦੇ ਖਿਲਾਫ 6 ਅਤੇ 7 ਮਾਰਚ ਨੂੰ ਪੰਜਾਬ ਭਰ ਦੇ ਸਮੁੱਚੇ ਜ਼ਿਲਿਆਂ ਵਿੱਚ ਬਜਟ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਉਸ ਤੋਂ ਬਾਅਦ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।