
ਚੰਡੀਗੜ੍ਹ, 23 ਸਤੰਬਰ, ਪੰਜਾਬੀ ਦੁਨੀਆ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਮੰਤਰੀ ਮੰਡਲ ਵਿੱਚ 5 ਨਵੇਂ ਮੰਤਰੀਆਂ ਨੇ ਅੱਜ ਰਾਜ ਭਵਨ ਵਿਖੇ ਸਹੁੰ ਚੁੱਕ ਲਈ ਹੈ। ਪੰਜਾਬ ਦੇ ਰਾਜਪਾਲ ਵੱਲੋਂ ਨਵੇਂ ਮੰਤਰੀਆਂ – ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਨੂੰ ਸਹੁੰ ਚੁਕਾਈ ਗਈ।
ਇਸ ਸਹੁੰ ਚੁੱਕ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਮਾਨ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਤੋਂ ਇਲਾਵਾ ਹੋਰ ਮੰਤਰੀ, ਵਿਧਾਇਕ ਤੇ ਪਾਰਟੀ ਆਗੂ ਹਾਜ਼ਰ ਸਨ। ਅੱਜ ਇਨ੍ਹਾਂ ਮੰਤਰੀਆਂ ਦੀ ਸਹੁੰ ਚੁੱਕਣ ਨਾਲ ਮੁੱਖ ਮੰਤਰੀ ਸਮੇਤ ਮੰਤਰੀ ਮੰਡਲ ਦੀ ਗਿਣਤੀ 16 ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਬਲਕਾਰ ਸਿੰਘ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ ਅਤੇ ਬ੍ਰਹਮ ਸ਼ੰਕਰ ਜਿੰਪਾ ਨੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।