

ਚੰਡੀਗੜ੍ਹ, 30 ਸਤੰਬਰ, ਪੰਜਾਬੀ ਦੁਨੀਆ ਬਿਊਰੋ:
ਡੇਰਾ ਮੁਖੀ ਰਾਮ ਰਹੀਮ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਠੀਕ ਇਕ ਦਮ ਪਹਿਲਾਂ ਇਕ ਵਾਰ ਫਿਰ ਪੈਰੋਲ ਮਿਲ ਗਈ ਹੈ। ਇਸ ਵਾਰ ਰਾਮ ਰਹੀਮ ਨੇ 20 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਿੱਤੀ ਸੀ, ਜੋ ਸ਼ਰਤਾਂ ਨਾਲ ਮਨਜ਼ੂਰ ਕਰ ਲਈ ਗਈ ਹੈ।
ਜ਼ਿਕਰਯੋਗ ਹੈ ਕਿ ਰਾਮ ਰਹੀਮ ਦੀ ਪੈਰੋਲ ਦੀ ਅਰਜ਼ੀ ਚੋਣ ਕਮਿਸ਼ਨ ਨੂੰ ਭੇਜੀ ਗਈ ਸੀ। 20 ਸਾਲ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਡੇਰਾ ਮੁਖੀ 10ਵੀਂ ਵਾਰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਉਧਰ ਹਰਿਆਣਾ ਚੋਣ ਕਮਿਸ਼ਨ ਨੇ ਰਾਮ ਰਹੀਮ ਦੀ ਪੈਰੋਲ ਉਤੇ ਇਹ ਸ਼ਰਤ ਲਾਈ ਹੈ ਕਿ ਉਹ ਇਸ ਪੈਰੋਲ ਦੌਰਾਨ ਹਰਿਆਣਾ ਵਿਚ ਨਹੀਂ ਰਹਿ ਸਕਣਗੇ ਅਤੇ ਨਾਲ ਹੀ ਕਿਸੇ ਚੋਣ ਗਤੀਵਿਧੀ ਵਿਚ ਭਾਗ ਨਹੀਂ ਲੈ ਸਕਣਗੇ।
ਦੱਸਣਯੋਗ ਹੈ ਕਿ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਵੋਟਾਂ ਤੋਂ ਪੰਜ ਦਿਨ ਪਹਿਲਾਂ 20 ਦਿਨਾਂ ਲਈ ਪੈਰੋਲ ਦੀ ਮੰਗ ਕੀਤੀ ਸੀ। ਪੈਰੋਲ ਸਬੰਧੀ ਅੰਤਿਮ ਫੈਸਲਾ ਹਰਿਆਣਾ ਦੇ ਮੁੱਖ ਚੋਣ ਕਮਿਸ਼ਨਰ ਨੇ ਲੈਣਾ ਸੀ ਕਿਉਂਕਿ ਚੋਣ ਜ਼ਾਬਤਾ ਲਾਗੂ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਇਸੇ ਮਹੀਨੇ ਦੀ 8 ਸਤੰਬਰ ਨੂੰ 21 ਦਿਨਾਂ ਦੀ ਪੈਰੋਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਰਾਮ ਰਹੀਮ ਮੁੜ ਜੇਲ੍ਹ ਪਹੁੰਚਿਆ ਸੀ।