
ਚੰਡੀਗੜ੍ਹ, 6 ਨਵੰਬਰ, ਪੰਜਾਬੀ ਦੁਨੀਆ ਬਿਊਰੋ:
ਬਹੁਜਨ ਸਮਾਜ ਪਾਰਟੀ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਬਾਹਰ ਦਾ ਰਸਤਾ ਦਿਖਾਇਆ ਹੈ। ਸ਼ ਉਹਨਾਂ ਦੀ ਥਾਂ ਮੁੜ ਤੋਂ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਪ੍ਰਧਾਨ ਥਾਪਿਆ ਹੈ।
ਬਹੁਜਨ ਸਮਾਜ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਨੇ ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚ ਅਨੁਸ਼ਾਸਨਹੀਣਤਾ ਅਪਣਾਉਣ ਦੇ ਦੋਸ਼ ਲਾ ਕੇ ਬਰਖਾਸਤ ਕਰ ਦਿੱਤਾ ਹੈ। ਇਸ ਸਬੰਧੀ ਬਸਪਾ ਪੰਜਾਬ ਦੇ ਇੱਥੇ ਸਥਿਤ ਮੁੱਖ ਦਫ਼ਤਰ ਵੱਲੋਂ ਦਫਤਰ ਸਕੱਤਰ ਜਸਵੰਤ ਰਾਏ ਦੇ ਦਸਤਖ਼ਤਾਂ ਹੇਠ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ‘ਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਦੀ ਥਾਂ ‘ਤੇ ਸਾਬਕਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਪੰਜਾਬ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।
ਬਹੁਜਨ ਸਮਾਜ ਪਾਰਟੀ ਵਿਚੋਂ ਕੱਢੇ ਜਾਣ ਬਾਰੇ ਜਸਵੀਰ ਸਿੰਘ ਗੜ੍ਹੀ ਦਾ ਕਹਿਣਾ ਕਿ ਉਹਨਾਂ ਨੂੰ ਪਾਰਟੀ ‘ਚੋਂ ਕੱਢੇ ਜਾਣ ਬਾਰੇ ਮੀਡੀਆ ਰਾਹੀਂ ਹੀ ਪਤਾ ਲੱਗਾ ਹੈ ਤੇ ਉਨ੍ਹਾਂ ਨੂੰ ਪਾਰਟੀ ਵੱਲੋਂ ਕੋਈ ਨੋਟਿਸ ਨਹੀਂ ਭੇਜਿਆ ਗਿਆ। ਪਾਰਟੀ ‘ਚੋਂ ਕੱਢੇ ਜਾਣ ਦੇ ਕਾਰਨਾਂ ਬਾਰੇ ਗੜ੍ਹੀ ਦਾ ਕਹਿਣਾ ਹੈ ਕਿ ਉਹ ਪਿਛਲੇ ਸਮੇਂ ਤੋਂ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵੱਲੋਂ 2022 ਦੀਆਂ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਵੇਲੇ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਪਾਰਟੀ ਫੰਡ ‘ਚ ਘੁਟਾਲੇ ਦਾ ਮਾਮਲਾ ਲਗਾਤਾਰ ਪਾਰਟੀ ਹਾਈਕਮਾਂਡ ਕੋਲ ਰੱਖ ਰਹੇ ਸਨ। ਗੜ੍ਹੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪਾਰਟੀ ਹਾਈਕਮਾਂਡ ਨੇ ਬੈਨੀਵਾਲ ਦੀਆਂ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਸਰਗਰਮੀਆਂ ‘ਤੇ ਕਾਰਵਾਈ ਕਰਨ ਦੀ ਬਜਾਏ ਉਨ੍ਹਾਂ ਨੂੰ ਪਾਰਟੀ ‘ਚ ਕੱਢ ਦਿੱਤਾ ਹੈ।