
ਗ਼ਿੱਦੜਬਾਹਾ ਸੀਟ ਤੋਂ ‘ਆਪ’ ਉਮੀਦਵਾਰ ਡਿੰਪੀ ਢਿੱਲੋਂ 11513 ਵੋਟਾਂ ਨਾਲ ਅੱਗੇ
ਚੰਡੀਗੜ੍ਹ: 23 ਨਵੰਬਰ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਵਿਧਾਨ ਸਭਾ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਸੱਤਾਧਾਰੀ ਆਮ ਆਦਮੀ ਪਾਰਟੀ ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟ ‘ਤੇ ਜਿੱਤ ਦਰਜ ਕਰ ਲਈ ਹੈ, ਜਦਕਿ ਬਰਨਾਲਾ ਸੀਟ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਜਿੱਤ ਦਰਜ ਕੀਤੀ ਹੈ।
ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਨੇ ਆਪਣੇ ਵਿਰੋਧੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਰੰਧਾਵਾ ਨੂੰ ਹਰਾਇਆ ਹੈ। ‘ਆਪ’ ਉਮੀਦਵਾਰ ਨੇ ਕਾਂਗਰਸੀ ਉਮੀਦਵਾਰ ਨੂੰ 5477 ਵੋਟਾਂ ਦੇ ਫਰਕ ਨਾਲ ਹਰਾ ਕੇ ਜਿੱਤ ਦਰਜ ਕੀਤੀ ਹੈ। ਇਸ ਜਿੱਤ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਮੌਕੇ ਉਤੇ ਪਹੁੰਚ ਗਏ ਅਤੇ ‘ਆਪ’ ਵਰਕਰਾਂ ਵੱਲੋਂ ਜਿੱਤ ਦੇ ਜਸ਼ਨ ਮਨਾਏ ਜਾ ਰਹੇ ਹਨ।
ਚੱਬੇਵਾਲ ਸੀਟ ‘ਤੇ ਇਸ਼ਾਂਕ ਚੱਬੇਵਾਲ 28690 ਵੋਟਾਂ ਨਾਲ ਜਿੱਤੇ ਹਨ। ਇਸੇ ਤਰ੍ਹਾਂ ਬਰਨਾਲਾ ਸੀਟ ‘ਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਢਿੱਲੋਂ ਨੇ ਆਪ ਉਮੀਦਵਾਰ ਨੂੰ 2157 ਵੋਟਾਂ ਨਾਲ ਮਾਤ ਦਿੱਤੀ ਹੈ।
ਤਾਜ਼ਾ ਰੁਝਾਨਾਂ ਮੁਤਾਬਕ ਗ਼ਿੱਦੜਬਾਹਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ 11513 ਵੋਟਾਂ ਨਾਲ ਅੱਗੇ ਚੱਲ ਰਹੇ ਹਨ ਅਤੇ ਉਹਨਾਂ ਦੀ ਜਿੱਤ ਯਕੀਨੀ ਮੰਨੀ ਜਾ ਰਹੀ ਹੈ, ਜਦਕਿ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਪਿੱਛੇ ਚੱਲ ਰਹੇ ਹਨ।
ਦੱਸਣਯੋਗ ਹੈ ਕਿ ਚਾਰ ਜ਼ਿਮਨੀ ਸੀਟਾਂ ਲਈ ਭਾਜਪਾ ਦੇ ਸਭ ਉਮੀਦਵਾਰ ਕੋਈ ਜ਼ਿਆਦਾ ਪ੍ਰਭਾਵ ਨਹੀਂ ਪਾ ਸਕੇ।