Breaking News

ਮਾਨ ਸਰਕਾਰ ਸਿਆਸੀ ਲਾਹਾ ਲੈਣ ਲਈ ਡੱਲੇਵਾਲ ਨੂੰ ਮੋਹਰਾ ਬਣਾ ਰਹੀ ਹੈ, ਮੈਡੀਕਲ ਸਹੂਲਤਾਂ ਨਹੀਂ ਦੇ ਰਹੀ: ਹਰਜੀਤ ਗਰੇਵਾਲ

ਚੰਡੀਗੜ੍ਹ, 31 ਦਸੰਬਰ, ਪੰਜਾਬੀ ਦੁਨੀਆ ਬਿਊਰੋ:

ਭਾਜਪਾ ਦੇ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਕਿਸਾਨ ਅੰਦੋਲਨ ਦੇ ਆਗੂਆਂ ਵੱਲੋਂ ਵਾਰ-ਵਾਰ ਕੀਤੀਆਂ ਜਾ ਰਹੀਆਂ ਪ੍ਰੈੱਸ ਕਾਨਫਰੰਸਾਂ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨ ਆਗੂ ਸੰਵਿਧਾਨਕ ਸੰਸਥਾਵਾਂ ਅਤੇ ਨਿਆਂਪਾਲਿਕਾ ‘ਤੇ ਸਵਾਲ ਖੜ੍ਹੇ ਕਰਦੇ ਹੋਏ ਦੋਸ਼ ਲਗਾ ਰਹੇ ਹਨ, ਜੋ ਕਿ ਸਰਾਸਰ ਗਲਤ ਹੈ। ਗਰੇਵਾਲ ਨੇ ਵਿਰੋਧੀ ਪਾਰਟੀਆਂ ਅਤੇ ਹੋਰ ਜਥੇਬੰਦੀਆਂ ਨੂੰ ਸਵਾਲ ਕਰਦਿਆਂ ਕਿਹਾ ਕਿ ਜੋ ਲੋਕ ਕਿਸਾਨ ਅੰਦੋਲਨ ਤੋਂ ਪਹਿਲਾਂ ਨਿਆਂਪਾਲਿਕਾ ਅਤੇ ਸੰਵਿਧਾਨ ਦੀ ਦੁਹਾਈ ਦਿੰਦੇ ਸਨ, ਉਹ ਹੁਣ ਚੁੱਪ ਕਿਉਂ ਹਨ ਅਤੇ ਕਿੱਥੇ ਚਲੇ ਗਏ ਹਨ।

ਗਰੇਵਾਲ ਨੇ ਡੱਲੇਵਾਲ ਜੀ ਦੀ ਤੰਦਰੁਸਤੀ ਲਈ ਗੁਰੂ ਚਰਨਾਂ ਵਿੱਚ ਅਰਦਾਸ ਕਰਦੇ ਹੋਏ ਕਿਹਾ ਕਿ ਕੈਨੇਡਾ ਵਿੱਚ ਬੈਠੀਆਂ ਭਾਰਤ ਅਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸਾਨ ਆਗੂ ਡੱਲੇਵਾਲ ਜੀ ਦੀ ਕੁਰਬਾਨੀ ਲੈਣੀ ਹੈ ਅਤੇ ਇਸੇ ਕਰਕੇ ਉਹ ਉਨ੍ਹਾਂ ਨੂੰ ਡਾਕਟਰੀ ਸਹੂਲਤਾਂ ਨਹੀਂ ਦੇਣ ਦੇ ਰਹੇ। ਮਾਣਯੋਗ ਸੁਪਰੀਮ ਕੋਰਟ ਡੱਲੇਵਾਲ ਜੀ ਦੀ ਸਿਹਤ ਬਾਰੇ ਹਰ ਪਲ ਜਾਣਕਾਰੀ ਰੱਖ ਰਹੀ ਹੈ ਅਤੇ ਇਸੇ ਕਰਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦੇਣ ਦੇ ਹੁਕਮ ਜਾਰੀ ਕੀਤੇ ਹਨ, ਪਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੀ। ਹੁਣ ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਤਿੰਨ ਦਿਨ ਦਾ ਹੋਰ ਸਮਾਂ ਦਿੱਤਾ ਗਿਆ ਹੈ।

ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ‘ਤੇ ਉਹਨਾਂ ਦੇ ਅੰਦੋਲਨ ਨੂੰ ਆਪਣਾ ਆਧਾਰ ਬਣਾ ਕੇ ਸਿਆਸਤ ਕਰ ਰਹੀ ਹੈ ਅਤੇ ਇਸ ਨਾਲ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਚਿਹਰਾ ਮੁੜ ਨੰਗਾ ਹੋ ਗਿਆ ਹੈ। ਪੰਜਾਬ ਸਰਕਾਰ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਡਲੇਵਾਲ ਦੀ ਸਿਹਤ ਖਿਲਵਾੜ ਕਰਦੇ ਹੋਏ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਪਿੱਛੇ ਨਹੀਂ ਹਟ ਰਹੀ। ਪੰਜਾਬ ਸਰਕਾਰ ਦੇ ਆਗੂ ਡੱਲੇਵਾਲ ਦੀ ਸਿਹਤ ਦਾ ਪਤਾ ਲੈਣ ਲਈ ਨਹੀਂ ਸਗੋਂ ਆਪਣੇ ਸਿਆਸੀ ਮਕਸਦ ਲਈ ਉਥੇ ਗਏ ਸਨ।

ਗਰੇਵਾਲ ਨੇ ਕਿਹਾ ਕਿ ਲੱਗਦਾ ਹੈ ਕਿ ਭਗਵੰਤ ਮਾਨ ਸਰਕਾਰ ਪੰਜਾਬ ਦੇ ਹਾਲਾਤ ਖਰਾਬ ਕਰਕੇ ਪੰਜਾਬ ਨੂੰ ਕਾਲੇ ਦੌਰ ਵੱਲ ਧੱਕਣਾ ਚਾਹੁੰਦੀ ਹੈ। ਜਿਸ ਕਾਰਨ ਕਿਸਾਨ ਆਗੂ ਡੱਲੇਵਾਲ ਜੀ ਨੂੰ ਡਾਕਟਰੀ ਸਹਾਇਤਾ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਮੁੱਖਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਸਿਆਸਤ ਤੋਂ ਉਪਰ ਉਠ ਕੇ ਡੱਲੇਵਾਲ ਜੀ ਦੀ ਨਾਜ਼ੁਕ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡੱਲੇਵਾਲ ਜੀ ਨੂੰ ਮੈਡੀਕਲ ਸਹੂਲਤਾਂ ਪ੍ਰਦਾਨ ਕਰਨ।

Leave a Reply

Your email address will not be published. Required fields are marked *