
ਭਗਵੰਤ ਸਿੰਘ ਮਾਨ ਨੇ ਉਦਯੋਗਪਤੀਆਂ ਨੂੰ ਹਿੱਤਾਂ ਦੀ ਰਾਖੀ ਦਾ ਭਰੋਸਾ ਦਿੱਤਾ
ਚੰਡੀਗੜ੍ਹ, 25 ਫਰਵਰੀ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਉਦਯੋਗਿਕ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਨਅਤੀ ਵਿਕਾਸ ਨੂੰ ਹੋਰ ਹੁਲਾਰਾ ਦੇਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਉਦਯੋਗਪਤੀਆਂ ਅਤੇ ਵਪਾਰੀਆਂ ਦੇ ਇਕ ਵਫ਼ਦ ਨੇ ਅੱਜ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ।
ਇਸ ਮੌਕੇ ਵਿਚਾਰ-ਚਰਚਾ ਦੌਰਾਨ ਉਦਯੋਗਪਤੀਆਂ ਅਤੇ ਵਪਾਰੀਆਂ ਨੇ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੌਰਾਨ ਸੂਬੇ ਵਿੱਚ ਉਦਯੋਗਿਕ ਵਿਕਾਸ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪੰਜਾਬ ਭੂਗੋਲਿਕ ਤੌਰ ਉਤੇ ਜ਼ਮੀਨੀ ਹੱਦਾਂ ਤੇ ਸਰਹੱਦਾਂ ਨਾਲ ਜੁੜਿਆ ਸੂਬਾ ਹੈ ਅਤੇ ਕਿਸਾਨ ਅੰਦੋਲਨ ਕਾਰਨ ਸ਼ੰਭੂ ਸਰਹੱਦ ‘ਤੇ ਆਵਾਜਾਈ ਠੱਪ ਹੋਣ ਨਾਲ ਕਾਰੋਬਾਰੀ ਗਤੀਵਿਧੀਆਂ ਬਹੁਤ ਪ੍ਰਭਾਵਿਤ ਹੋ ਰਹੀਆਂ ਹਨ। ਵਫ਼ਦ ਨੇ ਇਸ ਰਸਤੇ ਤੋਂ ਆਵਾਜਾਈ ਖੋਲ੍ਹਣ ਲਈ ਮੁੱਖ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ ਤਾਂ ਜੋ ਕਾਰੋਬਾਰ ਸੁਚਾਰੂ ਢੰਗ ਨਾਲ ਹੋ ਸਕੇ।
ਇਸ ਦੌਰਾਨ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਉਦਯੋਗਪਤੀਆਂ ਨੂੰ ਦਰਪੇਸ਼ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਉਹ ਉਦਯੋਗਪਤੀਆਂ ਨੂੰ ਦਰਪੇਸ਼ ਸਾਰੇ ਮਸਲਿਆਂ ਨੂੰ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਕੋਲ ਨਿੱਜੀ ਤੌਰ ‘ਤੇ ਉਠਾਉਣਗੇ ਤਾਂ ਜੋ ਕਾਰੋਬਾਰ ਕਰਨ ਵਿੱਚ ਕੋਈ ਪ੍ਰੇਸ਼ਾਨੀ ਨਾ ਹੋਵੇ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪਿਛਲੇ ਤਿੰਨ ਸਾਲਾਂ ਵਿੱਚ ਹੁਣ ਤੱਕ ਸੂਬੇ ਵਿੱਚ ਲਗਭਗ 94,000 ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉੱਦਮੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਕੇ ਬਹੁਤ ਲਾਭ ਹੋ ਰਿਹਾ ਹੈ, ਜੋ ਕਿ ਦੇਸ਼ ਦੇ ਉਦਯੋਗਿਕ ਕੇਂਦਰ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ। ਉਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਉਨ੍ਹਾਂ ਦੀ ਮਦਦ ਕਰੇਗੀ।
ਵਫ਼ਦ ਵਿੱਚ ਫੋਕਲ ਪੁਆਇੰਟ ਐਸੋਸੀਏਸ਼ਨ ਜਲੰਧਰ ਦੇ ਪ੍ਰਧਾਨ ਨਰਿੰਦਰ ਸਿੰਘ ਸੱਗੂ, ਇੰਡਸਟਰੀਅਲ ਏਰੀਆ ਜਲੰਧਰ ਦੇ ਪ੍ਰਧਾਨ ਗੁਰਸ਼ਰਨ ਸਿੰਘ, ਉਦਯੋਗਪਤੀ ਸ਼ਰਦ ਅਗਰਵਾਲ, ਤੁਸ਼ਾਰ ਜੈਨ, ਨਿਤਿਨ ਕਪੂਰ, ਸੁਵਿੰਦਰ ਪਾਲ ਸਿੰਘ, ਵਿਨੀਤ ਮਹਾਜਨ, ਸੁਗਮ ਜੈਨ, ਰੋਮੀ ਅਤੇ ਹੋਰ ਹਾਜ਼ਰ ਸਨ।