
ਸ਼ੰਭੂ ਸਰਹੱਦ ਨੇੜੇ ਇੰਟਰਨੈੱਟ ਸੇਵਾਵਾਂ ਬੰਦ ਅਤੇ ਭਾਰੀ ਪੁਲਿਸ ਤਾਇਨਾਤੀ
ਸ਼ੰਭੂ, 19 ਮਾਰਚ, ਪੰਜਾਬੀ ਦੁਨੀਆ ਬਿਊਰੋ :
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੂੰ ਪੰਜਾਬ ਪੁਲਿਸ ਨੇ ਚੰਡੀਗੜ੍ਹ ਤੋਂ ਸ਼ੰਭੂ ਸਰਹੱਦ ਵੱਲ ਜਾਂਦੇ ਸਮੇਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪ੍ਰਦਰਸ਼ਨਕਾਰੀ ਕਿਸਾਨ ਯੂਨੀਅਨਾਂ ਵਿਰੁੱਧ ਇਹ ਕਾਰਵਾਈ ਕਰਨ ਦਾ ਫੈਸਲਾ ਬੀਤੇ ਦਿਨੀਂ ‘ਆਪ’ ਦੇ ਉੱਚ ਅਧਿਕਾਰੀਆਂ ਅਤੇ ਉਦਯੋਗਪਤੀਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਸੀ। ਪਿਛਲੇ ਸਾਲ ਨਵੰਬਰ ਤੋਂ ਭੁੱਖ ਹੜਤਾਲ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੇ ਹਸਪਤਾਲ ਵਿੱਚ ਦਾਖਲ ਹੋਣ ਦੀ ਸੰਭਾਵਨਾ ਹੈ।
ਸੂਤਰਾਂ ਮੁਤਾਬਕ ਮੋਹਾਲੀ ਪੁਲਿਸ ਵੱਲੋਂ ਸਰਵਣ ਸਿੰਘ ਪੰਧੇਰ, ਜਗਜੀਤ ਸਿੰਘ ਡੱਲੇਵਾਲ, ਅਭਿਮਨਿਊ ਕੋਹਾੜ ਅਤੇ ਕਾਕਾ ਸਿੰਘ ਕੋਟੜਾ ਨੂੰ ਮੋਹਾਲੀ ਨੇੜੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਸਾਫ ਜ਼ਾਹਿਰ ਹੈ ਕਿ ਅਗਲੀ ਕਾਰਵਾਈ ਹੁਣ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਹੋਣੀ ਸੰਭਵ ਹੈ।
ਇਸ ਤੋਂ ਇਲਾਵਾ, ਸ਼ੰਭੂ ਸਰਹੱਦ ਦੇ ਆਲੇ-ਦੁਆਲੇ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਨੇੜਲੇ ਪਿੰਡਾਂ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਇੱਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਹੋਰ ਨਿਰਦੇਸ਼ਾਂ ਦੀ ਉਡੀਕ ਕੀਤੀ ਜਾ ਰਹੀ ਹੈ। ਸ਼ੰਭੂ ਤੋਂ 15 ਕਿਲੋਮੀਟਰ ਦੂਰ ਬਨੂੜ ਦੇ ਨੇੜੇ ਵਾਧੂ ਸੁਰੱਖਿਆ ਬਲਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ। ਬਨੂੜ ਦੇ ਨੇੜੇ ਪੁਲਿਸ ਵੱਲੋਂ ਵਾਹਨਾਂ ਨੂੰ ਰੋਕਿਆ ਜਾ ਰਿਹਾ ਹੈ ਅਤੇ ਯਾਤਰੀਆਂ ਤੋਂ ਪੁੱਛਿਆ ਜਾ ਰਿਹਾ ਹੈ ਕਿ ਉਹ ਕਿੱਥੇ ਜਾ ਰਹੇ ਹਨ।