Breaking News

ਸੰਸਦ ਮਲਵਿੰਦਰ ਸਿੰਘ ਕੰਗ ਨੇ ਲੋਕ ਸਭਾ ‘ਚ ਉਠਾਇਆ ਬੰਦੀ ਸਿੰਘਾਂ ਦਾ ਮੁੱਦਾ

ਮੋਦੀ ਸਰਕਾਰ ਨੂੰ ਆਪਣੇ 2019 ਦੇ ਵਾਅਦੇ ਨੂੰ ਪੂਰਾ ਕਰਨ ਦੀ ਕੀਤੀ ਅਪੀਲ

ਕਿਹਾ, ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਉਨ੍ਹਾਂ ਨੂੰ ਕੈਦ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੇ ਵਿਰੁੱਧ

ਨਵੀਂ ਦਿੱਲੀ/ਚੰਡੀਗੜ੍ਹ, 3 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ:

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਲੋਕ ਸਭਾ ਵਿੱਚ ਮਨੁੱਖੀ ਅਧਿਕਾਰਾਂ ਦਾ ਅਹਿਮ ਮੁੱਦਾ ਉਠਾਉਂਦਿਆਂ ਕੇਂਦਰ ਸਰਕਾਰ ਨੂੰ 2019 ਵਿੱਚ ਬੰਦੀ ਸਿੰਘਾਂ (ਸਿੱਖ ਕੈਦੀਆਂ) ਦੀ ਰਿਹਾਈ ਸਬੰਧੀ ਕੀਤੇ ਆਪਣੇ ਵਾਅਦੇ ਨੂੰ ਪੂਰਾ ਕਰਨ ਦੀ ਅਪੀਲ ਕੀਤੀ।

ਕੰਗ ਨੇ ਸਦਨ ਨੂੰ ਯਾਦ ਦਿਵਾਇਆ ਕਿ 2019 ਵਿੱਚ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ, ਸਰਕਾਰ ਨੇ ਇਨ੍ਹਾਂ ਕੈਦੀਆਂ ਦੀ ਰਿਹਾਈ ਦਾ ਐਲਾਨ ਕੀਤਾ ਸੀ ਜੋ ਪਹਿਲਾਂ ਹੀ 25-30 ਸਾਲਾਂ ਤੋਂ ਜੇਲ੍ਹਾਂ ਵਿੱਚ ਹਨ ਅਤੇ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ। ਉਸ ਸਮੇਂ ਇੱਕ ਰਸਮੀ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ, ਫਿਰ ਵੀ 6 ਸਾਲਾਂ ਬਾਅਦ ਵੀ ਇਹ ਕੈਦੀ ਕੈਦ ਵਿੱਚ ਬੰਦ ਹਨ।

ਮੁੱਦੇ ਦੇ ਮਾਨਵਤਾਵਾਦੀ ਪਹਿਲੂ ਨੂੰ ਉਜਾਗਰ ਕਰਦੇ ਹੋਏ, ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਵਿਅਕਤੀ ਪਹਿਲਾਂ ਹੀ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਸਲਾਖ਼ਾਂ ਪਿੱਛੇ ਨਹੀਂ ਰੱਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਲੰਮੀ ਕੈਦ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਅਤੇ ਨਿਆਂ ਦੇ ਸਿਧਾਂਤਾਂ ਦੇ ਵਿਰੁੱਧ ਹੈ।

ਉਨ੍ਹਾਂ ਨੇ ਸਰਕਾਰ ਨੂੰ ਇਨ੍ਹਾਂ ਕੈਦੀਆਂ ਦੀ ਵਿਗੜਦੀ ਸਿਹਤ ‘ਤੇ ਵਿਚਾਰ ਕਰਨ ਅਤੇ ਉਨ੍ਹਾਂ ਦੀ ਰਿਹਾਈ ਪ੍ਰਤੀ ਹਮਦਰਦੀ ਵਾਲਾ ਰਵੱਈਆ ਅਪਣਾਉਣ ਦੀ ਅਪੀਲ ਕੀਤੀ। ਕੰਗ ਨੇ ਅੱਗੇ ਕਿਹਾ, “ਭਾਰਤ ਸਰਕਾਰ ਨੇ 2019 ਵਿੱਚ ਇੱਕ ਅਧਿਕਾਰਤ ਨੋਟੀਫ਼ਿਕੇਸ਼ਨ ਰਾਹੀਂ ਪੰਜਾਬ ਦੇ ਲੋਕਾਂ ਨਾਲ ਇੱਕ ਵਾਅਦਾ ਕੀਤਾ ਸੀ। ਹੁਣ ਸਮਾਂ ਆ ਗਿਆ ਹੈ ਕਿ ਉਸ ਵਾਅਦੇ ਦਾ ਸਨਮਾਨ ਕੀਤਾ ਜਾਵੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਜਾਵੇ।”

Leave a Reply

Your email address will not be published. Required fields are marked *