
ਚੰਡੀਗੜ੍ਹ, 5 ਮਈ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਸਰਕਾਰ ਵੱਲੋਂ ਅੱਜ ਪਾਣੀਆਂ ਦੇ ਮੁੱਦੇ ਉਤੇ ਸੱਦੇ ਗਏ ਵਿਸੇਸ਼ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਜਾਰੀ ਹੈ। ਵਿਧਾਨ ਸਭਾ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਬੀਬੀਐਮਬੀ ਦੇ ਫੈਸਲੇ ਵਿਰੁੱਧ ਮਤਾ ਪੇਸ਼ ਕੀਤਾ ਗਿਆ, ਇਹ ਵੀ ਮੰਗ ਕੀਤੀ ਗਈ ਕਿ ਬੀਬੀਐਮਬੀ ਦਾ ਪੁਨਰਗਠਨ ਕੀਤਾ ਜਾਵੇ।
ਵਿਧਾਨ ਸਭਾ ਸੈਸ਼ਨ ਵਿੱਚ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਬੀਬੀਐਮਬੀ ਹੁਣ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਧੱਕੇ ਨਾਲ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਲਈ ਮਤਾ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਬੀਬੀਐਮਬੀ ਕੋਲ ਪਾਣੀ ਦੀ ਵੰਡ ਕਰਨ ਦਾ ਕੋਈ ਅਧਿਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨਸਨੀਅਤ ਦੇ ਤੌਰ ਉਤੇ ਹਰਿਆਣਾ ਨੂੰ ਪੀਣ ਲਈ ਪਹਿਲਾਂ ਹੀ ਵਾਧੂ ਪਾਣੀ ਦੇ ਰਹੇ ਹਾਂ, ਜਦਕਿ ਵਾਧੂ ਪਾਣੀ ਦੇਣ ਲਈ ਪੰਜਾਬ ਕੋਲ ਇਕ ਵੀ ਬੂੰਦ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਭਾਜਪਾ ਪੰਜਾਬ ਦੇ ਹੱਕਾਂ ਉਤੇ ਡਾਕਾ ਮਾਰ ਰਹੀ ਹੈ। ਉਨ੍ਹਾਂ ਗੈਰ ਕਾਨੂੰਨੀ ਢੰਗ ਨਾਲ ਬੀਬੀਐਮਬੀ ਦੀ ਮੀਟਿੰਗ ਬੁਲਾ ਕੇ ਇਹ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਆਪਣੇ ਹਿੱਸੇ ਦਾ ਪਾਣੀ ਕਿਸੇ ਸੂਬੇ ਨੂੰ ਨਹੀਂ ਦੇਵੇਗਾ।