Breaking News
Dashmesh GS Electricals Verka Smart Media Insurance Point Tav Prasad

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ‘ਚ ਲੋਕਾਂ ਦਾ ਸਹਿਯੋਗ ਮੰਗਿਆ

ਸੂਬੇ ਵਿੱਚ ਫੈਲੀ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ: ਮੁੱਖ ਮੰਤਰੀ

ਜਲਾਲਪੁਰ (ਹੁਸ਼ਿਆਰਪੁਰ), 17 ਮਈ, ਪੰਜਾਬੀ ਦੁਨੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ।

ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ, ਜਿਨ੍ਹਾਂ ਨੇ ਪੰਜਾਬ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਸੂਬੇ ਦੀ ਹਾਲਤ ਤਰਸਯੋਗ ਹੋਈ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਕੇ ਨਸ਼ਟ ਕਰ ਦਿੱਤਾ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇ ਕੇ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਨੂੰ ਦੁਹਰਾਇਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ ਅਤੇ ਇਹੀ ਸੰਕਲਪ ਇਸ ਅਹਿਮ ਲੜਾਈ ਵਿੱਚ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦ੍ਰਿੜਤਾ ਨਾਲ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬੀਆਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹੇਗਾ।

ਭਗਵੰਤ ਸਿੰਘ ਮਾਨ ਨੇ ਹਲਕਾ ਹੁਸ਼ਿਆਰਪੁਰ ਦੇ ‘ਆਪ’ ਵਿਧਾਇਕਾਂ ਵੱਲੋਂ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।

ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਬੱਸਾਂ ਜਾਂ ਰੈਸਟੋਰੈਂਟਾਂ ਜਾਂ ਲੋਕਾਂ ਦੇ ਕਾਰੋਬਾਰਾਂ ਵਿੱਚ ਹਿੱਸਾ ਪਾਉਣ ਨਹੀਂ ਆਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਦੀ ਮੁਹਿੰਮ ਉਨ੍ਹਾਂ ਦੇ ਆਖਰੀ ਸਾਹ ਤੱਕ ਜਾਰੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪਾਣੀਆਂ ਦੀ ਚੋਰੀ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਆਗੂ ਆਪਣੇ ਸਵਾਰਥਾਂ ਲਈ ਵੱਡੇ ਪੱਧਰ ‘ਤੇ ਰਾਜ ਵਿਰੋਧੀ ਕੰਮ ਕਰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ ਅਤੇ ਹੁਣ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨਾਲ ਵੰਡਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਅਤੇ ਜਵਾਨੀ ਨੂੰ ਬਚਾਏਗੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।

Leave a Reply

Your email address will not be published. Required fields are marked *