
ਮੁੱਖ ਮੰਤਰੀ ਮਾਨ ਨੇ ਉਦਯੋਗਪਤੀਆਂ ਨੂੰ ਅਪੀਲ ਕੀਤੀ – ਫਾਸਟ ਟਰੈਕ ਪੋਰਟਲ ਦਾ ਫਾਇਦਾ ਉਠਾਓ
ਐਸ.ਏ.ਐਸ. ਨਗਰ, 10 ਜੂਨ, ਪੰਜਾਬੀ ਦੁਨੀਆ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦੇ ਉਦਯੋਗਿਕ ਹੱਬ ਵਜੋਂ ਉਭਾਰਨ ਵਾਸਤੇ ਉਦਯੋਗਪਤੀਆਂ ਨੂੰ ਫਾਸਟਟ੍ਰੈਕ ਪੋਰਟਲ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਉਤਸ਼ਾਹਿਤ ਕੀਤਾ।
ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਫਾਸਟਟ੍ਰੈਕ ਪੰਜਾਬ ਪੋਰਟਲ ਨਿਵੇਸ਼ਕਾਂ ਨੂੰ ਅਰਜ਼ੀ ਦੇਣ ਦੇ 45 ਦਿਨਾਂ ਦੇ ਅੰਦਰ-ਅੰਦਰ ਸਾਰੀਆਂ ਪ੍ਰਵਾਨਗੀਆਂ ਦੇਣਾ ਯਕੀਨੀ ਬਣਾਏਗਾ ਅਤੇ ਇਹ ਉਦਯੋਗਿਕ ਮਾਡਲ ਸ਼ਾਸਨ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੁਹਰਾਇਆ ਕਿ ਇਹ ਸੁਧਾਰਾਂ ਦੀ ਲੜੀ ਵਿੱਚ ਇੱਕ ਨਵੀਂ ਲਹਿਰ ਦੀ ਸ਼ੁਰੂਆਤ ਹਨ, ਜਿੱਥੇ ਕਾਰੋਬਾਰ ਕਰਨ ਲਈ ਸੁਖਾਵਾਂ ਮਾਹੌਲ ਇੱਕ ਨਾਅਰਾ ਨਾ ਰਹਿ ਕੇ ਇੱਥੋਂ ਦਾ ਸੱਭਿਆਚਾਰ ਬਣ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਦੇ ਉਦਯੋਗਿਕ ਪੁਨਰ-ਉਥਾਨ ਦੀ ਅਗਵਾਈ ਕਰਨ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਸੂਬਾ ਸਰਕਾਰ ਨੇ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਉਦਯੋਗਪਤੀਆਂ ਦੀ ਸਹੂਲਤ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਨੇ ਵਿਲੱਖਣ ਕਲਰ ਕੋਡ ਵਾਲੇ ਸਟੈਂਪ ਪੇਪਰ ਸ਼ੁਰੂ ਕੀਤੇ ਹਨ ਤਾਂ ਜੋ ਸੂਬੇ ਵਿੱਚ ਆਪਣੇ ਯੂਨਿਟ ਸਥਾਪਤ ਕਰਨ ਲਈ ਉੱਦਮੀਆਂ ਨੂੰ ਵਿਸ਼ੇਸ਼ ਸਹੂਲਤ ਦਿੱਤੀ ਜਾ ਸਕੇ, ਜਿਸ ਨਾਲ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਕੋਈ ਵੀ ਉਦਯੋਗਪਤੀ ਜੋ ਸੂਬੇ ਵਿੱਚ ਆਪਣੀ ਉਦਯੋਗਿਕ ਇਕਾਈ ਸਥਾਪਤ ਕਰਨ ਦਾ ਇੱਛੁਕ ਹੈ, ਉਹ ‘ਇਨਵੈਸਟ ਪੰਜਾਬ’ ਪੋਰਟਲ ਤੋਂ ਇਹ ਵਿਲੱਖਣ ਕਲਰ ਕੋਡ ਵਾਲਾ ਸਟੈਂਪ ਪੇਪਰ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀ ਆਪਣੀ ਇਕਾਈ ਸਥਾਪਤ ਕਰਨ ਲਈ ਸੀ.ਐਲ.ਯੂ., ਜੰਗਲਾਤ, ਪ੍ਰਦੂਸ਼ਣ, ਫਾਇਰ ਬ੍ਰਿਗੇਡ ਅਤੇ ਹੋਰ ਪ੍ਰਵਾਨਗੀਆਂ ਪ੍ਰਾਪਤ ਕਰਨ ਵਾਸਤੇ ਸਿਰਫ਼ ਇਹ ਸਿੰਗਲ ਸਟੈਂਪ ਪੇਪਰ ਖਰੀਦ ਕੇ ਲੋੜੀਂਦੀਆਂ ਵੱਖ-ਵੱਖ ਫ਼ੀਸਾਂ ਦਾ ਭੁਗਤਾਨ ਕਰ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਲੋੜ ਅਨੁਸਾਰ ਅਤੇ ਉਨ੍ਹਾਂ ਦੀ ਸਹੂਲਤ ਲਈ ਉਦਯੋਗਾਂ ਲਈ ਨੀਤੀਆਂ ਬਣਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਦਯੋਗਾਂ ਨੇ ਸੂਬਾ ਸਰਕਾਰ ਤੋਂ ਜੋ ਵੀ ਮੰਗ ਕੀਤੀ ਹੈ, ਉਹ ਉਦਯੋਗਾਂ ਦੀ ਸਹੂਲਤ ਲਈ ਜਲਦੀ ਤੋਂ ਜਲਦੀ ਪ੍ਰਦਾਨ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖੇਤਰ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਸਮੇਂ ਦੀ ਲੋੜ ਵੀ ਹੈ ਅਤੇ ਇਸ ਦਾ ਉਦੇਸ਼ ਪੰਜਾਬ ਨੂੰ ਇੱਕ ਉਦਯੋਗਿਕ ਹੱਬ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਪਤੀਆਂ ਦੀ ਸਹੂਲਤ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਉਹ ਖੁੱਲ੍ਹ ਕੇ ਕੰਮ ਕਰ ਸਕਣ। ਉਨ੍ਹਾਂ ਕਿਹਾ ਕਿ ਇੱਥੇ ਕੰਮ ਕਰਨ ਵਾਲੇ ਉਦਯੋਗਪਤੀ ਰੋਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਦੇ ਹਨ, ਜਿਸ ਨਾਲ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਮਿਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬੇ ਦੇ ਵਿਕਾਸ ਅਤੇ ਇਥੋਂ ਦੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਜ਼ਰੂਰੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਪ੍ਰਚਾਰ ਅਤੇ ਵਿਸਥਾਰ ਲਈ ਠੋਸ ਯਤਨ ਕਰੇਗੀ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦੇ ਹਨ ਤਾਂ ਜੋ ਉਹ ਨਸ਼ਿਆਂ ਦੇ ਖ਼ਤਰੇ ਤੋਂ ਬਚ ਸਕਣ। ਉਨ੍ਹਾਂ ਕਿਹਾ ਕਿ ਵਿਹਲਾ ਦਿਮਾਗ ਸ਼ੈਤਾਨ ਦਾ ਘਰ ਮੰਨਿਆ ਜਾਂਦਾ ਹੈ, ਇਸ ਲਈ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਦੀ ਪੂਰੀ ਕੋਸ਼ਿਸ਼ ਕਰ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲ ਸਕਣ ਤਾਂ ਜੋ ਉਹ ਸਮਾਜਿਕ ਖ਼ਤਰਿਆਂ ਦਾ ਸ਼ਿਕਾਰ ਨਾ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਅਨੇਕਾਂ ਸਮਾਜਿਕ ਸਮੱਸਿਆਵਾਂ ਦੀ ਜੜ੍ਹ ਹੈ, ਜਿਸ ਕਾਰਨ ਸੂਬਾ ਸਰਕਾਰ ਉਦਯੋਗੀਕਰਨ ਨੂੰ ਉਤਸ਼ਾਹਿਤ ਕਰ ਕੇ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਤਰੁਨਪ੍ਰੀਤ ਸਿੰਘ ਸੌਂਦ ਸਮੇਤ ਹੋਰ ਵੀ ਮੌਜੂਦ ਸਨ।