
ਸ਼੍ਰੋਮਣੀ ਅਕਾਲੀ ਦਲ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਦਾ ਵਿਰੋਧ
ਅੰਮ੍ਰਿਤਸਰ/ਚੰਡੀਗੜ੍ਹ, 25 ਜੂਨ, ਪੰਜਾਬੀ ਦੁਨੀਆ ਬਿਊਰੋ :
ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਨੇ ਅੱਜ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਮੋਹਾਲੀ ਲਿਜਾਇਆ ਜਾ ਰਿਹਾ ਹੈ। ਅੱਜ ਬੁੱਧਵਾਰ ਸਵੇਰੇ ਕਰੀਬ 15 ਵਿਜੀਲੈਂਸ ਅਧਿਕਾਰੀਆਂ ਦੀ ਇੱਕ ਟੀਮ ਚੰਡੀਗੜ੍ਹ ਅਤੇ ਅੰਮ੍ਰਿਤਸਰ ਸਥਿਤ ਸ. ਮਜੀਠੀਆ ਦੇ ਗ੍ਰੀਨ ਐਵੇਨਿਊ ਸਥਿਤ ਘਰ ਪਹੁੰਚ ਕੇ ਰੇਡ ਮਾਰੀ। ਵਿਜੀਲੈਂਸ ਦੇ ਐਸਐਸਪੀ ਲਖਬੀਰ ਸਿੰਘ ਦੀ ਅਗਵਾਈ ਵਾਲੀ ਟੀਮ ਮਜੀਠੀਆ ਦੇ ਘਰ ਪਹੁੰਚੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪਾ ਨਸ਼ਿਆਂ ਸਬੰਧ ਵਿਚ ਮਾਰਿਆ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ ਵਿੱਚ 9 ਹੋਰ ਥਾਵਾਂ ‘ਤੇ ਵੀ ਛਾਪੇਮਾਰੀ ਜਾਰੀ ਹੈ।
ਛਾਪੇਮਾਰੀ ਦੌਰਾਨ ਬਿਕਰਮ ਮਜੀਠੀਆ ਦੀ ਪਤਨੀ ਵਿਧਾਇਕ ਗੁਣੀਵ ਕੌਰ ਮਜੀਠੀਆ ਵੀ ਘਰ ‘ਤੇ ਮੌਜੂਦ ਸੀ। ਜਾਂਚ ਤੋਂ ਬਾਅਦ ਬਿਕਰਮ ਮਜੀਠੀਆ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਘਰੋਂ ਨਿਕਲਣ ਤੋਂ ਪਹਿਲਾਂ ਮਜੀਠੀਆ ਨੇ ਆਪਣੇ ਦੋਵੇਂ ਬੱਚਿਆਂ ਨੂੰ ਪਿਆਰ ਦਿੱਤਾ।
ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ ਬਹੁਤ ਪਹਿਲਾਂ ਕਿਹਾ ਸੀ ਕਿ ਜਦੋਂ ਭਗਵੰਤ ਮਾਨ ਸਰਕਾਰ ਨੂੰ ਝੂਠੇ ਡਰੱਗ ਮਾਮਲੇ ਵਿੱਚ ਮੇਰੇ ਵਿਰੁੱਧ ਕੁਝ ਨਹੀਂ ਮਿਲਿਆ, ਤਾਂ ਹੁਣ ਇਹ ਮੇਰੇ ਵਿਰੁੱਧ ਇੱਕ ਨਵਾਂ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਕਰ ਰਹੀ ਹੈ।
ਉਧਰ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਹੈ ਕਿ ਇਹ ਇੱਕ ਅਣਐਲਾਨੀ ਐਮਰਜੈਂਸੀ ਹੈ। ‘ਆਪ’ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਕਰਕੇ ਇਹ ਬਦਲਾਖੋਰੀ ਦਾ ਕੰਮ ਕਰ ਰਹੀ ਹੈ। ਸਾਬਕਾ ਵਿਧਾਇਕ ਐਨਕੇ ਸ਼ਰਮਾ ਨੇ ਵੀ ਕਾਰਵਾਈ ਦਾ ਵਿਰੋਧ ਕੀਤਾ।