Breaking News
Dashmesh GS Electricals Verka Smart Media Insurance Point Tav Prasad

ਡੀਜੀਪੀ ਪੰਜਾਬ ਨੇ ਆਜ਼ਾਦੀ ਦਿਵਸ ਦੇ ਜਸ਼ਨਾਂ ਸਬੰਧੀ ਰਾਜ ਪੱਧਰੀ ਤਿਆਰੀ ਦਾ ਲਿਆ ਜਾਇਜ਼ਾ

ਭੀੜ-ਭੜੱਕੇ ਵਾਲੀਆਂ ਥਾਵਾਂ ’ਤੇ ਪੁਲਿਸ ਦੀ ਵੱਧ ਮੌਜੂਦਗੀ ਨੂੰ ਯਕੀਨੀ ਬਣਾਉਣ ਲਈ ਸੀਪੀ/ਐਸਐਸਪੀ ਨੂੰ ਦਿੱਤੇ ਨਿਰਦੇਸ਼

ਚੰਡੀਗੜ੍ਹ, 5 ਅਗਸਤ, ਪੰਜਾਬੀ ਦੁਨੀਆ ਬਿਊਰੋ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਸਾਰੇ ਰੇਂਜ ਆਈਜੀਪੀ/ਡੀਆਈਜੀ, ਪੁਲਿਸ ਕਮਿਸ਼ਨਰ (ਸੀਪੀ) ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨਾਲ ਇੱਕ ਰਾਜ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਤਾਂ ਜੋ ‘ਯੁੱਧ ਨਸ਼ਿਆਂ ਵਿਰੁੱਧ’ ਅਧੀਨ ਚੱਲ ਰਹੇ ਨਸ਼ਾ ਰੋਕੂ ਯਤਨਾਂ ਨੂੰ ਲਾਗੂ ਕਰਨ, ਸਮੁੱਚੀ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਰਾਜ ਭਰ ਵਿੱਚ ਅੰਦਰੂਨੀ ਸੁਰੱਖਿਆ ਦਾ ਜਾਇਜ਼ਾ ਲਿਆ ਜਾ ਸਕੇ।

ਇਸ ਦੌਰਾਨ ਡੀਜੀਪੀ ਦੇ ਨਾਲ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਸਪੈਸ਼ਲ ਡੀਜੀਪੀ (ਇੰਟੈਲੀਜੈਂਸ) ਪ੍ਰਵੀਨ ਕੁਮਾਰ ਸਿਨਹਾ, ਏਡੀਜੀਪੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਨੀਲਾਭ ਕਿਸ਼ੋਰ, ਏਡੀਜੀਪੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪ੍ਰਮੋਦ ਬਾਨ ਅਤੇ ਏਡੀਜੀਪੀ (ਕਾਊਂਟਰ ਇੰਟੈਲੀਜੈਂਸ ) ਅਮਿਤ ਪ੍ਰਸਾਦ ਵੀ ਮੌਜੂਦ ਸਨ।

ਮੀਟਿੰਗ ਦੌਰਾਨ, ਡੀਜੀਪੀ ਨੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਲਈ ਰਾਜ ਪੱਧਰੀ ਤਿਆਰੀਆਂ ਦੀ ਵੀ ਸਮੀਖਿਆ ਕੀਤੀ ਹੈ ਅਤੇ ਸਾਰੀਆਂ ਫੀਲਡ ਯੂਨਿਟਾਂ ਨੂੰ ਹਾਈ ਅਲਰਟ ’ਤੇ ਰਹਿਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਆਉਣ ਵਾਲੇ ਆਜ਼ਾਦੀ ਦਿਵਸ ਦੇ ਜਸ਼ਨਾਂ ਤੋਂ ਪਹਿਲਾਂ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ ਪੁਲਿਸ ਦੀ ਮੌਜੂਦਗੀ ਨੂੰ ਯਕੀਨੀ ਬਣਾ ਕੇ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ,ਪੁਲਿਸ ਡੌਮੀਨੇਸ਼ਨ ਆਪ੍ਰੇਸ਼ਨਾਂ ਵਿੱਚ ਤੇਜ਼ੀ ਲਿਆਉਣ ਅਤੇ ਹੋਰ ਰੋਕਥਾਮ ਅਤੇ ਜਾਸੂਸੀ ਉਪਾਅ ਕਰਨ ਲਈ ਢੁਕਵੇਂ ਨਿਰਦੇਸ਼ ਦਿੱਤੇ ਗਏ ਹਨ।

ਮੀਟਿੰਗ ਦੌਰਾਨ, ਸੀਨੀਅਰ ਅਧਿਕਾਰੀਆਂ ਨੇ ਫੀਲਡ ਅਧਿਕਾਰੀਆਂ ਨੂੰ ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ, ਪਾਕਿਸਤਾਨ-ਸਮਰਥਿਤ ਅੱਤਵਾਦ, ਸੰਗਠਿਤ ਅਪਰਾਧ ਨੈੱਟਵਰਕ ਅਤੇ ਕਾਨੂੰਨ ਵਿਵਸਥਾ ਦੇ ਅਹਿਮ ਮਸਲਿਆਂ ਬਾਰੇ ਵੀ ਜਾਣਕਾਰੀ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ 1 ਮਾਰਚ, 2025 ਨੂੰ ਸ਼ੁਰੂ ਕੀਤੀ ਰਾਜ-ਵਿਆਪੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਅਤੇ ਨਸ਼ਿਆਂ ਵਿਰੁੱਧ ਇਸ ਚੱਲ ਰਹੀ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਰਣਨੀਤਕ ਵਿਚਾਰ-ਵਟਾਂਦਰਾ ਵੀ ਕੀਤਾ। ਉਨ੍ਹਾਂ ਨੇ ਏਐਨਟੀਐਫ ਦੀ ਦੋਹਰੀ ਪਹੁੰਚ – ਜ਼ਮੀਨੀ ਪੱਧਰ ’ਤੇ ਸਰਗਰਮੀ ਨਾਲ ਲਾਗੂਕਰਨ ਅਤੇ ਮਜ਼ਬੂਤ ਭਾਈਚਾਰਕ ਅਗਵਾਈ ਨਾਲ ਰੋਕਥਾਮ – ’ਤੇ ਜ਼ੋਰ ਦਿੱਤਾ ਤਾਂ ਜੋ ਨਸ਼ਾ ਮੁਕਤ ਅਤੇ ਸੁਰੱਖਿਅਤ ਪੰਜਾਬ ਬਣਾਇਆ ਜਾ ਸਕੇ।

Leave a Reply

Your email address will not be published. Required fields are marked *