ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾਈ
ਨਵੀਂ ਦਿੱਲੀ, 15 ਅਪ੍ਰੈਲ, ਪੰਜਾਬੀ ਦੁਨੀਆ ਬਿਊਰੋ :
ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਤਿਹਾੜ ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਈਡੀ ਨੂੰ ਨੋਟਿਸ ਜਾਰੀ ਕਰਕੇ 24 ਅਪ੍ਰੈਲ ਤੱਕ ਜਵਾਬ ਮੰਗਿਆ ਹੈ। ਅਦਾਲਤ ਹੁਣ 29 ਅਪ੍ਰੈਲ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ।
ਅਦਾਲਤ ਨੇ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਕੇਜਰੀਵਾਲ ਦੀ 15 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਜੇਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਕੇਜਰੀਵਾਲ ਵਲੋਂ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਵਿੱਚ ਪ੍ਰਚਾਰ ਕਰਨ ਤੋਂ ਰੋਕਣ ਲਈ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੇਜਰੀਵਾਲ ਦੇ ਵਕੀਲ ਨੇ ਮਾਮਲੇ ਦੀ ਸੁਣਵਾਈ 19 ਅਪ੍ਰੈਲ ਨੂੰ ਸੂਚੀਬੱਧ ਕਰਨ ਦੀ ਮੰਗ ਕੀਤੀ ਸੀ, ਪਰ ਸੁਪਰੀਮ ਕੋਰਟ ਨੇ ਇਸ ਦੀ ਜਲਦੀ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਮਾਮਲੇ ਦੀ ਸੁਣਵਾਈ 29 ਅਪ੍ਰੈਲ ਨੂੰ ਸੂਚੀਬੱਧ ਕਰ ਦਿੱਤੀ। ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦੀਪਾਂਕਰ ਦੱਤਾ ਦੇ ਬੈਂਚ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗੀ।