
ਹਰਦੇਵ ਸਿੰਘ ਉੱਭਾ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ
ਮੋਹਾਲੀ, 31 ਮਾਰਚ, ਪੰਜਾਬੀ ਦੁਨੀਆ ਬਿਊਰੋ :
ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਖਰਾਬ ਹਾਲਤ ਨੂੰ ਦਰਸਾਉਂਦੀ ਹੈ। ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਾਕਾਮੀ ਹੈ ਕਿ ਸੂਬੇ ਵਿੱਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਾਲਾਤ ਇੰਨੇ ਗੰਭੀਰ ਹੋ ਚੁੱਕੇ ਹਨ ਕਿ ਪੁਲਿਸ ਥਾਣਿਆਂ ਤੱਕ ‘ਤੇ ਹਮਲੇ ਹੋ ਰਹੇ ਹਨ, ਜੋ ਕਿ ਕਾਨੂੰਨ ਦੇ ਰਾਜ ਲਈ ਚਿੰਤਾਜਨਕ ਹੈ।
ਉੱਭਾ ਨੇ ਦੋਸ਼ ਲਾਇਆ ਕਿ ਵਿਦੇਸ਼ਾਂ ਵਿੱਚ ਬੈਠੀਆਂ ਕੁਝ ਵੰਡ ਪਾਉ ਤਾਕਤਾਂ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਨਫਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸੂਬਾ ਸਰਕਾਰ ਉਨ੍ਹਾਂ ਦੇ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨ ਵਿੱਚ ਅਸਫਲ ਸਾਬਤ ਹੋ ਰਹੀ ਹੈ।
ਉਨ੍ਹਾਂ ਨੇ ਮੰਗ ਕੀਤੀ ਕਿ ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਦੀ ਤੁਰੰਤ ਪਹਿਚਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਇਸ ਤਰ੍ਹਾਂ ਦੀ ਘਿਨੌਣੀ ਹਰਕਤ ਕਰਨ ਦੀ ਹਿੰਮਤ ਨਾ ਕਰੇ।ਉਨ੍ਹਾਂ ਕਿਹਾ ਕਿ ਸਮਾਜ ਵਿੱਚ ਵੰਡ ਪਾਉਣ ਦੀਆਂ ਇਹਨਾਂ ਸਾਜ਼ਿਸ਼ਾਂ ਨੂੰ ਕਦੇ ਵੀ ਕਾਮਯਾਬੀ ਨਹੀਂ ਮਿਲੇਗੀ। ਭਾਜਪਾ ਹਰ ਹਾਲਤ ਵਿੱਚ ਸ਼ਾਂਤੀ, ਏਕਤਾ ਅਤੇ ਭਾਈਚਾਰੇ ਦੀ ਹਿਮਾਇਤ ਕਰਦੀ ਰਹੇਗੀ।
ਅੰਤ ਵਿੱਚ ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਤਾਕਤਾਂ ਤੋਂ ਸਾਵਧਾਨ ਰਹਿਣ ਅਤੇ ਆਪਸੀ ਭਾਈਚਾਰਾ, ਸਾਂਝ ਅਤੇ ਏਕਤਾ ਨੂੰ ਬਣਾਈ ਰੱਖਣ।