
ਕੌਂਸਲਰ ਸੁਖਦੇਵ ਸਿੰਘ ਪਟਵਾਰੀ ਦੀ ਮੰਗ ‘ਤੇ ਸਰਕਾਰ ਦੀ ਤੁਰੰਤ ਕਾਰਵਾਈ
ਮੋਹਾਲੀ, 22 ਜੁਲਾਈ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਸਰਕਾਰ ਨੇ ਵਾਰਡ ਨੰਬਰ 34 ਦੇ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਉਠਾਏ ਗਏ ਲੋਕ ਹਿੱਤ ਦੇ ਮੁੱਦੇ ‘ਤੇ ਤੁਰੰਤ ਕਾਰਵਾਈ ਕਰਦਿਆਂ ਸੈਕਟਰ-70 ਵਿੱਚ ਪਿੰਡ ਮਟੌਰ ਨੇੜੇ ਗਮਾਡਾ ਦੀ ਖਾਲੀ ਪਈ ਜ਼ਮੀਨ ‘ਤੇ ਪਏ ਗੋਹੇ, ਕੂੜੇ-ਕਰਕਟ ਅਤੇ ਮਲਬੇ ਨੂੰ ਹਟਾਉਣ ਲਈ ਸਬੰਧਤ ਵਿਭਾਗ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਸ਼ਹਿਰੀ ਵਿਕਾਸ ਅਤੇ ਮਕਾਨ ਉਸਾਰੀ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਨ ਲਈ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ 4 ਜੂਨ ਨੂੰ ਮੁੱਖ ਸਕੱਤਰ ਨੂੰ ਵਿਸਥਾਰਪੂਰਵਕ ਪੱਤਰ ਲਿਖ ਕੇ ਧਿਆਨ ਦਿਵਾਇਆ ਸੀ ਕਿ ਗਮਾਡਾ ਦੀ ਇਹ ਕੀਮਤੀ ਜ਼ਮੀਨ ਗੋਹੇ, ਕੂੜੇ-ਕਰਕਟ ਅਤੇ ਮਲਬੇ ਦਾ ਡੰਪਿੰਗ ਪੁਆਇੰਟ ਬਣ ਚੁੱਕੀ ਹੈ, ਜਿਸ ਕਾਰਨ ਇਲਾਕਾ ਵਾਸੀਆਂ ਨੂੰ ਬਦਬੂ, ਗੰਦਗੀ ਅਤੇ ਬਿਮਾਰੀਆਂ ਦੇ ਖ਼ਤਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਆਪਣੇ ਪੱਤਰ ਵਿੱਚ ਇਹ ਵੀ ਮੰਗ ਕੀਤੀ ਸੀ ਕਿ ਇਸ ਜ਼ਮੀਨ ਨੂੰ ਗੰਦਗੀ ਤੋਂ ਮੁਕਤ ਕਰਕੇ ਇੱਥੇ ਆਧੁਨਿਕ ਖੇਡ ਸਟੇਡੀਅਮ ਬਣਾਇਆ ਜਾਵੇ, ਤਾਂ ਜੋ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਲਈ ਉੱਚ ਪੱਧਰੀ ਸਹੂਲਤਾਂ ਮਿਲ ਸਕਣ ਅਤੇ ਸਰਕਾਰੀ ਜ਼ਮੀਨ ਦੀ ਸਹੀ ਵਰਤੋਂ ਯਕੀਨੀ ਬਣੇ।

ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ 15 ਜੁਲਾਈ ਨੂੰ ਨਗਰ ਨਿਗਮ ਮੋਹਾਲੀ ਦੀ ਹਾਊਸ ਮੀਟਿੰਗ ਦੌਰਾਨ ਵੀ ਉਨ੍ਹਾਂ ਇਹ ਮਾਮਲਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ। ਉਨ੍ਹਾਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕ ਹਿੱਤ ਨਾਲ ਜੁੜੇ ਇਸ ਮਸਲੇ ‘ਤੇ ਤੁਰੰਤ ਨੋਟਿਸ ਲੈ ਕੇ ਕਾਰਵਾਈ ਕਰਨਾ ਸ਼ਲਾਘਾਯੋਗ ਕਦਮ ਹੈ।
ਉਨ੍ਹਾਂ ਭਰੋਸਾ ਦਿੱਤਾ ਕਿ ਉਹ ਭਵਿੱਖ ਵਿੱਚ ਵੀ ਆਪਣੇ ਵਾਰਡ ਅਤੇ ਸਮੁੱਚੇ ਇਲਾਕੇ ਦੇ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਰਕਾਰ ਅਤੇ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਉਂਦੇ ਰਹਿਣਗੇ ਅਤੇ ਲੋਕ ਹਿੱਤ ਦੇ ਹਰ ਮੁੱਦੇ ਲਈ ਦ੍ਰਿੜਤਾ ਨਾਲ ਆਵਾਜ਼ ਉਠਾਉਂਦੇ ਰਹਿਣਗੇ।