Breaking News
Smart Media Dashmesh Insurance Point

1 ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ: ਭਗਵੰਤ ਸਿੰਘ ਮਾਨ

ਕਿਹਾ, ਪੰਜਾਬ ਵਿੱਚ ਸਾਰੇ ਧਰਮਾਂ ਦੇ ਲੋਕਾਂ ਵਿੱਚ ਸਮਾਜਿਕ ਸਦਭਾਵਨਾ ਬਹੁਤ ਮਜ਼ਬੂਤ

ਮੋਹਾਲੀ, 30 ਜੁਲਾਈ, ਪੰਜਾਬੀ ਦੁਨੀਆ ਬਿਊਰੋ :

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦਾ ਦਾਇਰਾ ਹੋਰ ਵਧਾਉਂਦਿਆਂ 1 ਅਗਸਤ ਤੋਂ ਖਾਟੂ ਸ਼ਿਆਮ ਜੀ, ਸਾਲਾਸਰ ਧਾਮ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਘਰ ਤੋਂ ਲੈ ਕੇ ਧਾਰਮਿਕ ਸਥਾਨਾਂ ਤੱਕ ਲਿਜਾਣ, ਰਹਿਣ, ਖਾਣ-ਪੀਣ ਅਤੇ ਸੁਰੱਖਿਅਤ ਵਾਪਸੀ ਤੱਕ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਇਹ ਐਲਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁਹਾਲੀ ਵਿਖੇ ਕਰਵਾਏ ਗਏ ‘ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ’ ਭਜਨ ਸੰਧਿਆ ਸਮਾਗਮ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ, ਭਾਈਚਾਰੇ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਫ਼ਰਤ ਅਤੇ ਫੁੱਟ ਪਾਉਣ ਵਾਲੀਆਂ ਤਾਕਤਾਂ ਨੂੰ ਲੋਕ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਪਹਿਲਾਂ ਹੀ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਹਰਿਦੁਆਰ, ਰਿਸ਼ੀਕੇਸ਼, ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਜੀ ਲਈ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾ ਰਹੀ ਹੈ ਅਤੇ ਹੁਣ ਵ੍ਰਿੰਦਾਵਨ ਨੂੰ ਵੀ ਇਸ ਯੋਜਨਾ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਗਵਾਨ ਸ਼ਿਵ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੂਬੇ ਦੇ 22 ਸ਼ਹਿਰਾਂ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ।

ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਰਕਾਰ ਦੀਆਂ ਹੋਰ ਲੋਕ-ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ, 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ, 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, 19 ਟੌਲ ਪਲਾਜ਼ਿਆਂ ਨੂੰ ਬੰਦ ਕਰਨ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੇ ਉਪਰਾਲੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਨੂੰ ਸਾਲਾਨਾ 10 ਲੱਖ ਰੁਪਏ ਤੱਕ ਕੈਸ਼ਲੈਸ ਇਲਾਜ ਦੀ ਸਹੂਲਤ ਮਿਲ ਰਹੀ ਹੈ ਅਤੇ ਹੁਣ ਤੱਕ ਲੋਕ 650 ਕਰੋੜ ਰੁਪਏ ਤੋਂ ਵੱਧ ਦਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ।

Leave a Reply

Your email address will not be published. Required fields are marked *