
ਮੋਹਾਲੀ, 5 ਅਗਸਤ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਰਿਟਾਇਰਡ ਮੁਲਾਜ਼ਮਾਂ ਨੇ ਛੇਵੇਂ ਪੇ ਕਮਿਸ਼ਨ ਤਹਿਤ ਬਣਦੇ ਬਕਾਇਆ ਏਰੀਅਰ ਅਤੇ ਹੋਰ ਲੰਬਿਤ ਵਿੱਤੀ ਲਾਭ ਤੁਰੰਤ ਜਾਰੀ ਕਰਨ ਦੀ ਮੰਗ ਕਰਦਿਆਂ ਕਾਰਪੋਰੇਸ਼ਨ ਪ੍ਰਬੰਧਨ ਨੂੰ ਇੱਕ ਹਫ਼ਤੇ ਦਾ ਅਲਟੀਮੇਟਮ ਦਿੱਤਾ ਹੈ। ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨਿਰਧਾਰਿਤ ਸਮੇਂ ਅੰਦਰ ਬਕਾਇਆ ਰਕਮ ਦਾ ਭੁਗਤਾਨ ਨਾ ਕੀਤਾ ਗਿਆ ਤਾਂ ਉਹ ਹੋਰ ਭਰਾਤਰੀ ਜਥੇਬੰਦੀਆਂ ਨਾਲ ਮਿਲ ਕੇ ਸੰਘਰਸ਼ ਦਾ ਰਾਹ ਅਖ਼ਤਿਆਰ ਕਰਨਗੇ।
ਅੱਜ ਰਿਟਾਇਰਡ ਮੁਲਾਜ਼ਮਾਂ ਦੇ ਵਫ਼ਦ ਨੇ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਤੇ ਏਡੀਜੀਪੀ ਅਰੁਣਪਾਲ ਸਿੰਘ ਨਾਲ ਮੁਲਾਕਾਤ ਕਰਕੇ ਸੇਵਾਮੁਕਤ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਵਿੱਤੀ ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ। ਵਫ਼ਦ ਦੀ ਅਗਵਾਈ ਰਿਟਾਇਰਡ ਸੁਪਰਡੈਂਟ ਨਿਰਪਾਲ ਸਿੰਘ ਨੇ ਕੀਤੀ।
ਨਿਰਪਾਲ ਸਿੰਘ ਨੇ ਕਿਹਾ ਕਿ 1 ਜਨਵਰੀ 2016 ਤੋਂ 30 ਜੂਨ 2021 ਤੱਕ ਦੇ ਛੇਵੇਂ ਪੇ ਕਮਿਸ਼ਨ ਦੇ ਬਕਾਇਆ ਏਰੀਅਰਾਂ ਦਾ ਭੁਗਤਾਨ ਅਜੇ ਤੱਕ ਨਹੀਂ ਕੀਤਾ ਗਿਆ, ਜੋ ਸੇਵਾਮੁਕਤ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੇ ਆਪਣੀ ਪੂਰੀ ਸੇਵਾ ਇਮਾਨਦਾਰੀ, ਮਿਹਨਤ ਅਤੇ ਸਮਰਪਣ ਨਾਲ ਨਿਭਾਈ ਹੈ, ਇਸ ਲਈ ਉਨ੍ਹਾਂ ਦੇ ਬਣਦੇ ਵਿੱਤੀ ਹੱਕਾਂ ਨੂੰ ਲੰਬੇ ਸਮੇਂ ਤੱਕ ਰੋਕਣਾ ਜਾਇਜ਼ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕਈ ਸਾਬਕਾ ਕਰਮਚਾਰੀ ਆਪਣੇ ਹੱਕਾਂ ਦੀ ਉਡੀਕ ਕਰਦਿਆਂ ਇਸ ਦੁਨੀਆ ਤੋਂ ਚਲੇ ਗਏ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੇ ਹਜ਼ਾਰਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਡੀਏ, ਪੇ ਕਮਿਸ਼ਨ ਦੇ ਏਰੀਅਰ ਅਤੇ ਹੋਰ ਵਿੱਤੀ ਲਾਭ ਵੀ ਲੰਬੇ ਸਮੇਂ ਤੋਂ ਬਕਾਇਆ ਹਨ, ਜਿਸ ਕਾਰਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਨਿਰਾਸ਼ਾ ਅਤੇ ਰੋਸ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਕਰਮਚਾਰੀਆਂ ਦੇ ਹੱਕਾਂ ਦੀ ਅਦਾਇਗੀ ਟਾਲ ਰਹੀ ਹੈ ਅਤੇ ਦੂਜੇ ਪਾਸੇ ਲੋਕ-ਲੁਭਾਵਣੀਆਂ ਸਕੀਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਮੈਨੇਜਿੰਗ ਡਾਇਰੈਕਟਰ ਅਰੁਣਪਾਲ ਸਿੰਘ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਬਕਾਇਆ ਏਰੀਅਰਾਂ ਦੀ ਅਦਾਇਗੀ ਲਈ ਜਲਦੀ ਲੋੜੀਂਦੀ ਕਾਰਵਾਈ ਕਰਨ ਦਾ ਯਤਨ ਕੀਤਾ ਜਾਵੇਗਾ। ਇਸ ਦੇ ਬਾਵਜੂਦ ਵਫ਼ਦ ਨੇ ਸਪੱਸ਼ਟ ਕੀਤਾ ਕਿ ਜੇਕਰ ਇੱਕ ਹਫ਼ਤੇ ਅੰਦਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਰਿਟਾਇਰਡ ਮੁਲਾਜ਼ਮ ਸਾਂਝੇ ਸੰਘਰਸ਼ ਦਾ ਐਲਾਨ ਕਰਨਗੇ, ਜਿਸ ਨਾਲ ਪੈਦਾ ਹੋਣ ਵਾਲੀ ਸਥਿਤੀ ਲਈ ਕਾਰਪੋਰੇਸ਼ਨ ਪ੍ਰਬੰਧਨ ਨੂੰ ਜ਼ਿੰਮੇਵਾਰ ਠਹਿਰਾਇਆ ਜਾਵੇਗਾ।