
ਗੁਰੂ ਰਵਿਦਾਸ ਜੀ ਦੀ ਬਾਣੀ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਰਾਹ ਦਿਖਾਉਂਦੀ ਹੈ: ਪੰਡੋਰੀ
ਮੋਹਾਲੀ, 25 ਅਗਸਤ, ਪੰਜਾਬੀ ਦੁਨੀਆ ਬਿਊਰੋ :
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਸੱਤਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ, ਜੀਵਨ ਅਤੇ ਫ਼ਲਸਫ਼ੇ ਨੂੰ ਸਮੁੱਚੀ ਮਨੁੱਖਤਾ ਲਈ ਬਰਾਬਰੀ, ਭਾਈਚਾਰੇ, ਸੱਚਾਈ, ਮਿਹਨਤ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦੱਸਿਆ।
ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਮਹਿਲ ਕਲਾਂ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਸ਼ਿਰਕਤ ਕੀਤੀ। ਇਸ ਮੌਕੇ ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਦੀਪਕ ਬਾਲੀ, ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਦੇ ਮੁਖੀ ਸੰਤ ਬਾਬਾ ਨਿਰਮਲ ਦਾਸ ਜੀ, ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਦੇ ਮੁਖੀ ਪ੍ਰੋ. ਮਨਜਿੰਦਰ ਸਿੰਘ, ਡੇਰਾ ਸੰਤ ਪ੍ਰੀਤਮ ਦਾਸ ਤੋਂ ਆਰਕੀਟੈਕਟ ਸੰਤੋਸ਼ ਕੁਮਾਰੀ ਸਮੇਤ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਰਵਿੰਦਰ ਸਿੰਘ ਬਾਹਰਾ, ਵਾਈਸ ਚਾਂਸਲਰ ਸ੍ਰੀ ਸੰਜੇ ਕੁਮਾਰ, ਰਜਿਸਟਰਾਰ ਪ੍ਰੋ. ਐਲ.ਕੇ. ਯਾਦਵ, ਡੀਨ ਵਿਦਿਆਰਥੀ ਭਲਾਈ ਡਾ. ਸਿਮਰਜੀਤ ਕੌਰ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸ੍ਰੀ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਮਹਾਨ ਸ਼ਖ਼ਸੀਅਤ ਕਿਸੇ ਇੱਕ ਵਰਗ, ਧਰਮ ਜਾਂ ਖੇਤਰ ਤੱਕ ਸੀਮਤ ਨਹੀਂ ਹੈ। ਉਨ੍ਹਾਂ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਪਿਆਰ, ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ। ਗੁਰੂ ਸਾਹਿਬ ਨੇ ਆਪਣੇ ਸਮੇਂ ਦੀਆਂ ਸਮਾਜਿਕ ਅਸਮਾਨਤਾਵਾਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਅਜਿਹੇ ਸਮਾਜ ਦੀ ਕਲਪਨਾ ਕੀਤੀ, ਜਿੱਥੇ ਜਾਤ-ਪਾਤ ਜਾਂ ਕਿਸੇ ਹੋਰ ਆਧਾਰ ’ਤੇ ਭੇਦਭਾਵ ਨਾ ਹੋਵੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਸਾਲ ਦੌਰਾਨ ਵੱਖ-ਵੱਖ ਸਮਾਗਮਾਂ ਰਾਹੀਂ ਮਨਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਕੇਵਲ ਇਤਿਹਾਸਕ ਦਿਹਾੜਾ ਮਨਾਉਣਾ ਨਹੀਂ, ਸਗੋਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਹੈ। ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਘਰ-ਘਰ ਪਹੁੰਚਾਉਣ ਲਈ ਪਿੰਡਾਂ ਵਿੱਚ ਮੋਬਾਇਲ ਐਲ.ਈ.ਡੀ. ਵੈਨਾਂ ਰਾਹੀਂ ਦਸਤਾਵੇਜ਼ੀ ਫ਼ਿਲਮ ਦਿਖਾਈ ਜਾ ਰਹੀ ਹੈ। ਵੱਖ-ਵੱਖ ਹਲਕਿਆਂ ਵਿੱਚ ਡਰੋਨ ਸ਼ੋਅ ਵੀ ਕਰਵਾਏ ਜਾ ਰਹੇ ਹਨ ਅਤੇ ਕਾਸ਼ੀ ਤੋਂ ਇਲਾਵਾ ਬਠਿੰਡਾ ਤੇ ਫਰੀਦਕੋਟ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਪਵਿੱਤਰ ਸ਼ੋਭਾ ਯਾਤਰਾਵਾਂ ਉਲੀਕੀਆਂ ਗਈਆਂ ਹਨ।
ਸੱਭਿਆਚਾਰਕ ਮਾਮਲਿਆਂ ਬਾਰੇ ਸਲਾਹਕਾਰ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਭਾਰਤ ਦੀ ਬੌਧਿਕ ਅਤੇ ਅਧਿਆਤਮਿਕ ਵਿਰਾਸਤ ਬੇਹੱਦ ਅਮੀਰ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਸੁਭਾਅ ਪੱਖੋਂ ਇੱਕੋ ਜਿਹੀ ਹੋਣ ਦੇ ਬਾਵਜੂਦ ਅੱਜ ਵੀ ਜਾਤ-ਪਾਤ ਅਤੇ ਰੰਗ-ਭੇਦ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੀ ਹੈ। ਸ੍ਰੀ ਗੁਰੂ ਰਵਿਦਾਸ ਜੀ ਨੇ ਇਨ੍ਹਾਂ ਅਸਮਾਨਤਾਵਾਂ ਵਿਰੁੱਧ ਆਵਾਜ਼ ਉਠਾ ਕੇ ‘ਬੇਗਮਪੁਰਾ’ ਦੇ ਸਿਧਾਂਤ ਰਾਹੀਂ ਬਰਾਬਰੀ ਵਾਲੇ ਸਮਾਜ ਦੀ ਕਲਪਨਾ ਪੇਸ਼ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਜਾਤ-ਪਾਤ ਅਤੇ ਧਰਮ ਤੋਂ ਉੱਪਰ ਉੱਠ ਕੇ ਬਰਾਬਰੀ ਦਾ ਚਾਨਣ ਫੈਲਾਉਣ ਦਾ ਸੱਦਾ ਦਿੱਤਾ।
ਪ੍ਰੋ. ਮਨਜਿੰਦਰ ਸਿੰਘ ਨੇ ਕਿਹਾ ਕਿ 650 ਸਾਲ ਪਹਿਲਾਂ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਬਰਾਬਰੀ ਦਾ ਸੰਦੇਸ਼ ਅੱਜ ਵੀ ਪੂਰੀ ਤਰ੍ਹਾਂ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਸਮਾਜਿਕ ਬਦਲਾਅ ਦੇ ਕੇਂਦਰ ਹਨ ਅਤੇ ਇੱਥੋਂ ਨੌਜਵਾਨ ਪੀੜ੍ਹੀ ਨੂੰ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੋੜ ਕੇ ਸਮਾਜ ਵਿੱਚ ਉਸਾਰੂ ਤਬਦੀਲੀ ਲਿਆਂਦੀ ਜਾ ਸਕਦੀ ਹੈ।

ਆਰਕੀਟੈਕਟ ਸੰਤੋਸ਼ ਕੁਮਾਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਕਿਰਤ ਨਾਲ ਜੁੜਿਆ ਜੀਵਨ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਮਹਾਨ ਸੰਦੇਸ਼ ਦਿੰਦਾ ਹੈ। ਸੰਤ ਬਾਬਾ ਨਿਰਮਲ ਦਾਸ ਜੀ ਨੇ ਕਿਹਾ ਕਿ ਗੁਰੂ ਸਾਹਿਬ ਮਹਾਨ ਸੰਤ ਅਤੇ ਸਮਾਜ ਸੁਧਾਰਕ ਸਨ, ਜਿਨ੍ਹਾਂ ਨੇ ਗਿਆਨ ਦੀ ਰੌਸ਼ਨੀ ਨਾਲ ਰੌਸ਼ਨ ਸਮਾਜ ਦੀ ਸਿਰਜਣਾ ਦਾ ਸੁਨੇਹਾ ਦਿੱਤਾ। ਉਨ੍ਹਾਂ ਵਿਦਿਆਰਥੀਆਂ ਨੂੰ ਬੁਰਾਈਆਂ ਦਾ ਤਿਆਗ ਕਰਕੇ ਗੁਣਾਂ ਅਤੇ ਗਿਆਨ ਨੂੰ ਜੀਵਨ ਦਾ ਆਧਾਰ ਬਣਾਉਣ ਲਈ ਪ੍ਰੇਰਿਤ ਕੀਤਾ।
ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ੍ਰੀ ਗੁਰਵਿੰਦਰ ਸਿੰਘ ਬਾਹਰਾ ਨੇ ਕਿਹਾ ਕਿ ਅਜਿਹੇ ਸੈਮੀਨਾਰ ਨੌਜਵਾਨਾਂ ਨੂੰ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਨਾਲ ਜੋੜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਵਾਈਸ ਚਾਂਸਲਰ ਸ੍ਰੀ ਸੰਜੇ ਕੁਮਾਰ ਅਤੇ ਰਜਿਸਟਰਾਰ ਪ੍ਰੋ. ਐਲ.ਕੇ. ਯਾਦਵ ਨੇ ਵੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਅੱਜ ਦੇ ਸਮੇਂ ਵਿੱਚ ਬਰਾਬਰੀ ਅਤੇ ਮਨੁੱਖੀ ਸਨਮਾਨ ਦੀ ਸਥਾਪਨਾ ਲਈ ਮਹੱਤਵਪੂਰਨ ਦੱਸਿਆ ਅਤੇ ਵਿਦਿਆਰਥੀਆਂ ਨੂੰ ਇਨ੍ਹਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਅਪੀਲ ਕੀਤੀ।